ਕੇਂਦਰ ਦੀ ਮੋਦੀ ਸਰਕਾਰ ਵੱਲੋਂ ਸੋਮਵਾਰ ਨੂੰ ਪਾਰਲੀਮੈਂਟ ਵਿੱਚ ਬਿਜਲੀ ਸੋਧ ਬਿੱਲ 2022 ਪੇਸ਼ ਕੀਤਾ ਜਾਵੇਗਾ। ਜਿਸਦਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵਿਰੋਧ ਕੀਤਾ ਗਿਆ ਹੈ। CM ਮਾਨ ਨੇ ਕੇਂਦਰ ਦੇ ਇਸ ਬਿੱਲ ਨੂੰ ਸੂਬਿਆਂ ਦੇ ਅਧਿਕਾਰਾਂ ‘ਤੇ ਸਿੱਧਾ ਹਮਲਾ ਦੱਸਿਆ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਰਾਜਾਂ ਨੂੰ ਕਠਪੁਤਲੀ ਨਾ ਸਮਝੇ।
ਇਸ ਸਬੰਧੀ CM ਮਾਨ ਵੱਲੋਂ ਇੱਕ ਟਵੀਟ ਵੀ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, “ਬਿਜਲੀ ਸੋਧ ਬਿਲ 2022 ਰਾਜਾਂ ਦੇ ਅਧਿਕਾਰਾਂ ਤੇ ਇੱਕ ਹੋਰ ਹਮਲਾ ਹੈ। ਇਸ ਬਿਲ ਨੂੰ ਪਾਰਲੀਮੈਂਟ ਵਿੱਚ ਪੇਸ਼ ਕਰਨ ਦਾ ਸਖ਼ਤ ਵਿਰੋਧ ਕਰਦੇ ਹਾਂ। ਕੇਂਦਰ ਸਰਕਾਰ ਰਾਜਾਂ ਨੂੰ ਕਠਪੁਤਲੀ ਨਾ ਸਮਝੇ। ਅਸੀਂ ਸੜਕ ਤੋਂ ਸੰਸਦ ਤੱਕ ਆਪਣੇ ਅਧਿਕਾਰਾਂ ਦੀ ਲੜਾਈ ਲੜਾਂਗੇ ।
ਦੱਸ ਦੇਈਏ ਕਿ ਕੇਂਦਰ ਸਰਕਾਰ ਨੇ ਸੂਬਿਆਂ ਤੋਂ ਕੋਈ ਵੀ ਮਸ਼ਵਰਾ ਨਹੀਂ ਲਿਆ ਹੈ। ਖੇਤੀ ਕਾਨੂੰਨਾਂ ਦੀ ਤਰ੍ਹਾਂ ਬਿਜਲੀ ਸੋਧ ਬਿੱਲ ਪੇਸ਼ ਕਰਨ ਤੋਂ ਪਹਿਲਾਂ ਕਿਸੇ ਵੀ ਧਿਰ ਨੂੰ ਵਿਚਾਰੇ-ਵਟਾਂਦਰੇ ਵਿੱਚ ਸ਼ਾਮਿਲ ਨਹੀਂ ਕੀਤਾ ਗਿਆ। ਕੇਂਦਰ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਨਾਲ ਵੀ ਵਾਅਦਾ ਕੀਤਾ ਸੀ ਕਿ ਬਿਜਲੀ ਸੋਧ ਬਿੱਲ ਸੰਸਦ ਵਿੱਚ ਨਹੀਂ ਲਿਆਂਦਾ ਜਾਵੇਗਾ ਤੇ ਹੁਣ ਕਿਸਾਨ ਧਿਰਾਂ ਨਾਲ ਵੀ ਇਸ ਮਾਮਲੇ ਵਿੱਚ ਵਾਅਦਾਖ਼ਿਲਾਫ਼ੀ ਕੀਤੀ ਜਾ ਰਹੀ ਹੈ। ਬਿਜਲੀ ਸੋਧ ਬਿੱਲ ਜੇਕਰ ਐਕਟ ਦਾ ਰੂਪ ਧਾਰਨ ਕਰਦਾ ਹੈ ਤਾਂ ਸੂਬਿਆਂ ਵਿਚ ਬਿਜਲੀ ਦੀ ਵੰਡ ਦਾ ਖੇਤਰ ਨਿੱਜੀ ਕੰਪਨੀਆਂ ਲਈ ਖੋਲ੍ਹ ਦਿੱਤਾ ਜਾਵੇਗਾ ਅਤੇ ਸੂਬਾਈ ਬਿਜਲੀ ਰੈਗੂਲੇਟਰ ਕਮਿਸ਼ਨਾਂ ਦੇ ਹੱਥ ਵੀ ਬੰਨ੍ਹੇ ਜਾਣਗੇ।
ਵੀਡੀਓ ਲਈ ਕਲਿੱਕ ਕਰੋ -: