Commissioner of Police : ਜਲੰਧਰ: ਅੱਜ ਦੀਵਾਲੀ ਮੌਕੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਸ਼ਨੀਵਾਰ ਨੂੰ ਸ਼ਹੀਦ ਡੀਐਸਪੀ ਦੇ ਪਰਿਵਾਰ ਨਾਲ ਤਿਉਹਾਰ ਦੀਆਂ ਖੁਸ਼ੀਆਂ ਸਾਂਝੀਆਂ ਕੀਤੀਆਂ। ਇਸ ਮੌਕੇ ਪੁਲਿਸ ਕਮਿਸ਼ਨਰ ਨੇ ਪਰਿਵਾਰ ਨਾਲ ਗੱਲਬਾਤ ਕਰਨ ਤੋਂ ਇਲਾਵਾ ਉਨ੍ਹਾਂ ਨੂੰ ਫੁੱਲ ਅਤੇ ਮਠਿਆਈ ਵੀ ਭੇਟ ਕੀਤੀ। ਪੁਲਿਸ ਕਮਿਸ਼ਨਰ ਨੇ ਸ਼ਹੀਦ ਡੀਐਸਪੀ ਤਾਰਾ ਚੰਦ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ, ਜਿਨ੍ਹਾਂ ਨੇ ਅੱਤਵਾਦ ਨਾਲ ਲੜਦੇ ਹੋਏ 1987 ਵਿੱਚ ਜਗਰਾਉਂ ਖੇਤਰ ਵਿੱਚ ਆਪਣੀ ਜਾਨ ਦੇ ਦਿੱਤੀ ਸੀ। ਉਨ੍ਹਾਂ ਸ਼ਹੀਦ ਦੇ ਪਰਿਵਾਰ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਦਾ ਹਾਲ-ਚਾਲ ਵੀ ਜਾਣਿਆ।
ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਇਹ ਪਰਿਵਾਰ ਪੁਲਿਸ ਵਿਭਾਗ ਦਾ ਅਟੁੱਟ ਅੰਗ ਹਨ ਅਤੇ ਇਨ੍ਹਾਂ ਦੀ ਦੇਖਭਾਲ ਕਰਨਾ ਸਾਡੀ ਸਮੂਹਿਕ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਸਾਡੇ ਸ਼ਹੀਦਾਂ ਨੇ ਵਿਰੋਧੀ ਤਾਕਤਾਂ ਦੇ ਨਾਪਾਕ ਮਨਸੂਬਿਆਂ ਤੋਂ ਰੱਖਿਆ ਕਰਦਿਆਂ ਅਣਥੱਕ ਮਿਹਨਤ ਨਾਲ ਦੇਸ਼ ਵਿੱਚ ਸ਼ਾਂਤੀ ਕਾਇਮ ਕੀਤੀ। ਪੁਲਿਸ ਮੁਲਾਜ਼ਮਾਂ ਦੁਆਰਾ ਦਿੱਤੀਆਂ ਮਹਾਨ ਕੁਰਬਾਨੀਆਂ ਨੂੰ ਸਾਰਿਆਂ ਵੱਲੋਂ ਹਮੇਸ਼ਾ ਯਾਦ ਕੀਤਾ ਜਾਵੇਗਾ। ਭੁੱਲਰ ਨੇ ਸ਼ਹੀਦ ਮੁਲਾਜ਼ਮਾਂ ਦੇ ਪਰਿਵਾਰਾਂ ਦੀਆਂ ਮੁਸ਼ਕਿਲਾਂ ਨੂੰ ਘੱਟ ਤੋਂ ਘੱਟ ਸਮੇਂ ਵਿੱਚ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੀ ਭਰੋਸਾ ਦਿੱਤਾ। ਉਨ੍ਹਾਂ ਇਹ ਵੀ ਦੱਸਿਆ ਕਿ ਪੁਲਿਸ ਕਮਿਸ਼ਨਰ ਦਫਤਰ ਵੱਲੋਂ ਇਨ੍ਹਾਂ ਪਰਿਵਾਰਾਂ ਲਈ ਦੇ ਮਸਲਿਆਂ ਅਤੇ ਸ਼ਿਕਾਇਤਾਂ, ਜੇ ਕੋਈ ਹਨ ਤਾਂ ਉਨ੍ਹਾਂ ਦਾ ਹੱਲ ਕਰਨ ਲਈ 24 ਘੰਟੇ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ। ਦੇਸ਼ ਦੀ ਅਖੰਡਤਾ ਅਤੇ ਸ਼ਾਂਤੀ ਨੂੰ ਕਾਇਮ ਰੱਖਣ ਲਈ ਹਥਿਆਰਬੰਦ ਫੌਜਾਂ ਵੱਲੋਂ ਕੀਤੀਆਂ ਮਹਾਨ ਕੁਰਬਾਨੀਆਂ ਨੂੰ ਸਲਾਮ ਕਰਦਿਆਂ ਭੁੱਲਰ ਨੇ ਕਿਹਾ ਕਿ ਇਨ੍ਹਾਂ ਬਲਿਦਾਨਾਂ ਨੇ ਸਾਡੇ ਦੇਸ਼ ਦੀ ਅੰਦਰੂਨੀ ਅਤੇ ਬਾਹਰੀ ਹਮਲੇ ਤੋਂ ਸੁਰੱਖਿਆ ਅਤੇ ਅਖੰਡਤਾ ਨੂੰ ਯਕੀਨੀ ਬਣਾਇਆ ਤੇ ਭਰੋਸਾ ਦਿੱਤਾ ਕਿ ਸ਼ਹੀਦ ਪਰਿਵਾਰ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕੱਢਿਆ ਜਾਵੇਗਾ।