ਪੰਜਾਬ ਵਿੱਚ ਅੱਜ ਵਿਧਾਨ ਸਭਾ ਚੋਣਾਂ ਲਈ ਵੋਟਾਂ ਪੈ ਰਹੀਆਂ ਹਨ । ਲੋਕ ਆਪਣੀ ਵੋਟ ਦਾ ਇਸਤੇਮਾਲ ਕਰਦੇ ਹੋਏ ਆਪਣੀ ਸਰਕਾਰ ਨੂੰ ਚੁਣਨ ਵਾਸਤੇ ਲੰਬੀਆਂ-ਲੰਬੀਆਂ ਲਾਈਨਾਂ ਵਿੱਚ ਖੜੇ ਨਜ਼ਰ ਆ ਰਹੇ ਹਨ । ਵੋਟਾਂ ਪਾਉਣ ਦੀ ਪ੍ਰਕਿਰਿਆ ਸਵੇਰੇ 8 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਚੱਲੇਗੀ। ਵਿਧਾਨ ਸਭਾ ਹਲਕਾ ਖਰੜ ਵਿੱਚ ਲੋਕ ਬੜੇ ਉਤਸ਼ਾਹ ਨਾਲ ਪੋਲਿੰਗ ਬੂਥ ‘ਤੇ ਆਪਣੇ ਵੋਟ ਪਾਉਣ ਦਾ ਅਧਿਕਾਰ ਇਸਤੇਮਾਲ ਕਰਨ ਲਈ ਪਹੁੰਚ ਰਹੇ ਹਨ। ਇਸੇ ਦੌਰਾਨ ਮੁੱਖ ਮੰਤਰੀ ਚੰਨੀ ਨੇ ਮੋਰਿੰਡਾ ਤੋਂ ਖਰੜ ਪਹੁੰਚ ਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ।
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਅੱਜ ਸਵੇਰੇ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਮੱਥਾ ਟੇਕ ਕੇ ਚੋਣਾਂ ਵਿੱਚ ਜਿੱਤ ਪ੍ਰਾਪਤੀ ਦੀ ਅਰਦਾਸ ਕੀਤੀ। ਇਸ ਮੌਕੇ ਉਨ੍ਹਾਂ ਕਿਹਾ ਸੀ ਕਿ ਇਹ ਹੁਣ ਸਰਬ ਸ਼ਕਤੀਮਾਨ ਅਤੇ ਲੋਕਾਂ ਦੀ ਮਰਜ਼ੀ ਹੋਵੇਗੀ ਕਿ ਉਨ੍ਹਾਂ ਨੇ ਕਿਸ ਨੂੰ ਚੁਣਨਾ ਹੈ । ਉਨ੍ਹਾਂ ਕਿਹਾ ਸੀ ਕਿ ਮੈਂ ਅਰਦਾਸ ਕਰਦਾ ਹਾਂ ਕਿ ਪੰਜਾਬ ਨੂੰ ਵਧੀਆ ਸਰਕਾਰ ਮਿਲੇ ਅਤੇ ਪੰਜਾਬ ਦਾ ਵਿਕਾਸ ਹੋਵੇ । ਪ੍ਰਮਾਤਮਾ ਸਰਬੱਤ ਦਾ ਭਲਾ ਕਰੇ ।
ਜ਼ਿਕਰਯੋਗ ਹੈ ਕਿ ਐਤਵਾਰ ਨੂੰ ਪੰਜਾਬ ਦੀਆਂ 117 ਵਿਧਾਨ ਸਭਾ ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਇਸ ਦੇ ਲਈ 1,304 ਉਮੀਦਵਾਰਾਂ ਵਿਚਾਲੇ ਮੁਕਾਬਲਾ ਹੈ । ਇਸ ਵਾਰ ਦੀਆਂ ਚੋਣਾਂ ਵਿੱਚ ਆਮ ਆਦਮੀ ਪਾਰਟੀ, ਕਾਂਗਰਸ, ਅਕਾਲੀ ਦਲ-ਬਸਪਾ ਗਠਜੋੜ, ਭਾਜਪਾ, ਪੰਜਾਬ ਲੋਕ ਕਾਂਗਰਸ ਅਤੇ ਅਕਾਲੀ ਦਲ ਦੇ ਸਾਂਝੇ ਮੋਰਚੇ ਤੋਂ ਇਲਾਵਾ ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਵੀ ਚੋਣ ਮੈਦਾਨ ਵਿੱਚ ਇੱਕ ਦੂਜੇ ਨੂੰ ਪੂਰੀ ਟੱਕਰ ਦੇ ਰਹੀਆਂ ਹਨ।
ਵੀਡੀਓ ਲਈ ਕਲਿੱਕ ਕਰੋ -: