Congress leaders at Shambhu border : ਚੰਡੀਗੜ੍ਹ : ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਪ੍ਰਦਰਸ਼ਨ ਅੱਜ 19ਵੇਂ ਦਿਨ ਵੀ ਜਾਰੀ ਹੈ। ਪ੍ਰਦਰਸ਼ਨ ਕਰ ਰਹੇ ਕਿਸਾਨ ਅੱਜ ਭੁੱਖ ਹੜਤਾਲ ਕਰ ਰਹੇ ਹਨ। ਉਥੇ ਹੀ ਪੰਜਾਬ ਕਾਂਗਰਸ ਦੇ ਨੇਤਾਵਾਂ ਨੇ ਖੇਤੀਬਾੜੀ ਕਾਨੂੰਨਾਂ ਖਿਲਾਫ ਸ਼ੰਭੂ ਸਰਹੱਦ ‘ਤੇ ਧਰਨਾ ਦਿੱਤਾ। ਧਰਨੇ ਦੀ ਅਗਵਾਈ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕੀਤੀ। ਧਰਨੇ ਦੌਰਾਨ ਮੋਦੀ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਗਈ। ਕਾਂਗਰਸੀ ਨੇਤਾਵਾਂ ਨੇ ਕਿਹਾ ਕਿ ਕਿਸਾਨਾਂ ਦੇ ਧਰਨੇ ਦੇ ਬਾਵਜੂਦ ਕੇਂਦਰ ਸਰਕਾਰ ਉਨ੍ਹਾਂ ਦੀ ਨਹੀਂ ਸੁਣ ਰਹੀ। ਇਸ ਦੌਰਾਨ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਵੀ ਮੌਜੂਦ ਸਨ।
ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਅਤੇ ਘਨੌਰ ਤੋਂ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕਿਹਾ ਕਿ ਕਾਂਗਰਸ ਸਰਕਾਰ ਪੂਰੀ ਤਰਾਂ ਨਾਲ ਕਿਸਾਨਾਂ ਦੇ ਨਾਲ ਹੈ। ਖੇਤੀਬਾੜੀ ਕਾਨੂੰਨ ਜੋ ਕੇਂਦਰ ਸਰਕਾਰ ਕਿਸਾਨ ਹਿਤੈਸ਼ੀ ਦੱਸ ਕੇ ਲਿਆਈ ਹੈ ਉਹ ਕਿਸਾਨਾਂ ਤੋਂ ਇਲਾਵਾ ਵਪਾਰੀਆਂ ਅਤੇ ਮਜ਼ਦੂਰਾਂ ਦਾ ਵਿਨਾਸ਼ ਕਰਨ ਜਾ ਰਹੇ ਹਨ। ਇਨ੍ਹਾਂ ਕਾਨੂੰਨਾਂ ਦੇ ਰੱਦ ਕਰਵਾਉਣ ਲਈ ਕਿਸਾਨ ਜਥੇਬੰਦੀਆਂ ਲਗਭਗ ਤਿੰਨ ਮਹੀਨਿਆਂ ਤੋਂ ਸੰਘਰਸ਼ ਕਰ ਰਹੀਆਂ ਹਨ। ਦਿੱਲੀ ਬਾਰਡਰ ‘ਤੇ ਠੰਡ ਵਿਚ ਬੈਠੇ ਕਿਸਾਨ ਕੇਂਦਰ ਸਰਕਾਰ ਤੋਂ ਕਿਸਾਨੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰ ਰਹੇ ਹਨ।
ਜਾਖੜ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਕੇਂਦਰ ਵਿੱਚ ਕਾਲੇ ਕਾਨੂੰਨਾਂ ਦੀ ਸੱਚਾਈ ਨੂੰ ਜ਼ੋਰ-ਸ਼ੋਰ ਨਾਲ ਦੱਸਦਿਆਂ ਕਿਸਾਨੀ ਅੰਦੋਲਨ ਨੂੰ ਹੋਰ ਮਜ਼ਬੂਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪਹਿਲੇ ਦਿਨ ਤੋਂ ਹੀ ਕਿਸਾਨ ਸੰਘਰਸ਼ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਜਾਣਦੀ ਹੈ ਕਿ ਜੇਕਰ ਕਿਸਾਨੀ ਤਬਾਹ ਹੋ ਜਾਂਦੀ ਹੈ ਤਾਂ ਦੇਸ਼ ਨੂੰ ਵਿੱਤੀ ਤੌਰ ‘ਤੇ ਮਜ਼ਬੂਤ ਰੱਖਣਾ ਸੰਭਵ ਨਹੀਂ ਹੋਵੇਗਾ।