ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਲੱਗਾ ਹੈ। ਸ੍ਰੀ ਹਰਗੋਬਿੰਦਪੁਰ ਤੋਂ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਲਾਡੀ ਮੁੜ ਹੋਏ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਵਿਧਾਇਕ ਲਾਡੀ ਨੇ ਭਾਜਪਾ ਆਗੂ ਤਰੁਣ ਚੁੱਘ ਅਤੇ ਫਤਿਹ ਜੰਗ ਸਿੰਘ ਬਾਜਵਾ ਦੀ ਅਗਵਾਈ ਵਿੱਚ ਪਾਰਟੀ ਵਿੱਚ ਸ਼ਮੂਲੀਅਤ ਕੀਤੀ।
ਦੱਸਣਯੋਗ ਹੈ ਕਿ ਬਲਵਿੰਦਰ ਲਾਡੀ ਪਹਿਲਾਂ ਵੀ ਕਾਂਗਰਸ ਨੂੰ ਛੱਡ ਕੇ ਬੀਜੇਪੀ ਵਿੱਚ ਸ਼ਾਮਲ ਹੋਏ ਸਨ ਪਰ ਇਸ ਤੋਂ ਕੁਝ ਹੀ ਦਿਨਾਂ ਪਿੱਛੋਂ ਇਸੇ ਸਾਲ ਦੀ ਸ਼ੁਰੂਆਤ ਵਿੱਚ ਉਨ੍ਹਾਂ ਨੇ ਦੁਬਾਰਾ ਕਾਂਗਰਸ ਵਿੱਚ ਸ਼ਮੂਲੀਅਤ ਕਰ ਲਈ ਸੀ। ਪਰ ਚੋਣਾਂ ਤੋਂ ਪਹਿਲਾਂ ਇੱਕ ਵਾਰ ਫਿਰ ਉਨ੍ਹਾਂ ਨੇ ਬੀਜੇਪੀ ਦਾ ਪੱਲਾ ਫੜ ਲਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਉਹ ਪਾਰਟੀ ਵੱਲੋਂ ਟਿਕਟ ਨਾ ਮਿਲਣ ਕਰਕੇ ਕਾਂਗਰਸ ਤੋਂ ਨਾਰਾਜ਼ ਚੱਲ ਰਹੇ ਸਨ, ਜਿਸ ਕਰਕੇ ਉਨ੍ਹਾਂ ਨੇ ਇੱਕ ਵਾਰ ਫਿਰ ਪਾਰਟੀ ਨੂੰ ਛੱਡਣ ਦਾ ਫੈਸਲਾ ਲਿਆ।
ਵੀਡੀਓ ਲਈ ਕਲਿੱਕ ਕਰੋ -:
“CM ਫੇਸ ਐਲਾਨੇ ਜਾਣ ਤੋਂ ਬਾਅਦ ਸੀਐਮ ਚੰਨੀ ਦਾ DAILY POST PUNJABI ‘ਤੇ ਪਹਿਲਾ EXCLUSIVE INTERVIEW”
ਜ਼ਿਕਰਯੋਗ ਹੈ ਕਿ ਕਾਂਗਰਸ ਨੇ ਚਰਨਜੀਤ ਸਿੰਘ ਚੰਨੀ ਨੂੰ ਹੀ ਮੁੱਖ ਮੰਤਰੀ ਚਿਹਰਾ ਐਲਾਨਿਆ ਹੈ। ਟਿਕਟਾਂ ਦੀ ਵੰਡ ਹੋਣ ਪਿੱਛੋਂ ਕਾਂਗਰਸ ਦੇ ਕਈ ਵੱਡੇ ਚਿਹਰੇ ਪਾਰਟੀ ਛੱਡ ਕੇ ਦੂਜੀਆਂ ਪਾਰਟੀਆਂ ਵਿੱਚ ਸ਼ਾਮਲ ਹੋ ਚੁੱਕੇ ਹਨ ਜਾਂ ਫਿਰ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ। ਪਾਰਟੀ ਨੂੰ ਇਸ ਵਾਰ ਚੋਣ ਮੈਦਾਨ ਵਿੱਚ ਕਈ ਚੁਣੌਤੀਆਂ ਦਾ ਸਾਹਮਣਾ ਕਰਨਾ ਪਏਗਾ। ਚੁਣਾਵੀ ਦੰਗਲ ਵਿੱਚ ਬੀਜੇਪੀ, ਅਕਾਲੀ ਦਲ ਤੇ ਆਮ ਆਦਮੀ ਪਾਰਟੀ ਦੇ ਨਾਲ ਇਸ ਵਾਰ ਕਿਸਾਨਾਂ ਦੇ ਉਮੀਦਵਾਰ ਵੀ ਖੜ੍ਹੇ ਹਨ।