ਚੰਡੀਗੜ੍ਹ: ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਅੱਜ ਸਵੇਰੇ ਜੀ.ਟੀ.ਰੋਡ ਉਤੇ ਲੱਗੇ ਨਾਕਿਆਂ ਦੀ ਅਸਲ ਸਥਿਤੀ ਜਾਣਨ ਅਤੇ ਸੜਕ ਉੱਪਰ ਭੀੜ ਵਾਲੀਆਂ ਥਾਂਵਾਂ ਉਤੇ ਟ੍ਰੈਫਿਕ ਵਿਵਸਥਾ ਦਾ ਜਾਇਜਾ ਲੈਣ ਲਈ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਡਿਊਟੀ ਵਿੱਚ ਲਾਪਰਵਾਹੀ ਵਰਤਣ ਦੇ ਦੋਸ਼ਾਂ ਤਹਿਤ ਚਾਰ ਪੁਲਿਸ ਕਰਮੀਆਂ ਨੂੰ ਮੁਅੱਤਲ ਕੀਤਾ ਗਿਆ ਜਿਨਾਂ ਵਿੱਚੋਂ ਤਿੰਨ ਪੁਲਿਸ ਕਰਮੀ ਫਿਲੌਰ (ਜਲੰਧਰ) ਤੇ ਇਕ ਪੁਲਿਸ ਕਰਮੀ ਗੋਬਿੰਦਗੜ (ਫਤਹਿਗੜ ਸਾਹਿਬ) ਨਾਲ ਸਬੰਧਤ ਹਨ। ਸ. ਰੰਧਾਵਾ ਜਿਨਾਂ ਕੋਲ ਗ੍ਰਹਿ ਵਿਭਾਗ ਵੀ ਹੈ, ਨੇ ਫਤਿਹਗੜ ਸਾਹਿਬ ਜ਼ਿਲੇ ਅੰਦਰ ਗੋਬਿੰਦਗੜ ਵਿਖੇ ਟ੍ਰੈਫਕਿ ਵਿਵਸਥਾ ਲਈ ਪੁਲਿਸ ਦੇ ਢਿੱਲੇ ਪ੍ਰਬੰਧਾਂ ਉਤੇ ਨਾਖੁਸੀ ਪ੍ਰਗਟਾਈ। ਇਸੇ ਤਰਾਂ ਸਤਲੁਜ ਪੁੱਲ ਪਾਰ ਕਰਨ ਸਾਰ ਫਿਲੌਰ (ਜਲੰਧਰ ਜਿਲਾ) ਵਿੱਚ ਜੀ.ਟੀ. ਰੋਡ ਉੱਪਰ ਪੁਲਿਸ ਨਾਕੇ ਉਤੇ ਤਾਇਨਾਤ ਪੁਲਿਸ ਕਰਮੀਆਂ ਵੱਲੋਂ ਅਵੇਸਲੇਪਣ ਨਾਲ ਦਿੱਤੀ ਜਾ ਰਹੀ ਡਿਊਟੀ ਦਾ ਨੋਟਿਸ ਲੈਂਦਿਆਂ ਮੁਸਤੈਦੀ ਨਾਲ ਡਿਊਟੀ ਕਰਨ ਲਈ ਕਿਹਾ।
ਉਪ ਮੁੱਖ ਮੰਤਰੀ ਵੱਲੋਂ ਕੀਤੀ ਗਈ ਚੈਕਿੰਗ ਵਿੱਚ ਊਣਤਾਈਆਂ ਪਾਈਆਂ ਜਾਣ ਤੋਂ ਉਪਰੰਤ ਐਸ.ਐਸ.ਪੀ. ਫਤਹਿਗੜ ਸਾਹਿਬ ਸੰਦੀਪ ਗੋਇਲ ਨੇ ਗੋਬਿੰਦਗੜ ਵਿਖੇ ਤਾਇਨਾਤ ਟ੍ਰੈਫਿਕ ਇੰਚਾਰਜ ਏ.ਐਸ.ਆਈ. ਗੁਰਮੀਤ ਸਿੰਘ ਨੂੰ ਮੁਅੱਤਲ ਕਰਨ ਦੇ ਆਦੇਸ਼ ਦਿੰਦਿਆਂ ਵਿਭਾਗੀ ਜਾਂਚ ਦੇ ਹੁਕਮ ਦਿੱਤੇ। ਗੋਬਿੰਦਗੜ ਵਿਖੇ ਜੀ.ਟੀ. ਰੋਡ ਉਪਰ ਜਾਮ ਲੱਗਿਆ ਹੋਇਆ ਸੀ ਅਤੇ ਟ੍ਰੈਫਿਕ ਇੰਚਾਰਜ ਮੌਕੇ ਉਤੇ ਹਾਜਰ ਨਹੀਂ ਸੀ। ਇਸੇ ਤਰਾਂ ਫਿਲੌਰ ਵਿਖੇ ਪੁਲਿਸ ਨਾਕੇ ਉਤੇ ਉਪ ਮੁੱਖ ਮੰਤਰੀ ਵੱਲੋਂ ਕੀਤੀ ਅਚਨਚੇਤੀ ਚੈਕਿੰਗ ਦੌਰਾਨ ਪਾਈਆਂ ਗਈਆਂ ਊਣਤਾਈਆਂ ਤੋਂ ਬਾਅਦ ਐਸ.ਐਸ.ਪੀ. ਜਲੰਧਰ ਦਿਹਾਤੀ ਸਤਿੰਦਰ ਸਿੰਘ ਨੇ ਉਥੇ ਤਾਇਨਾਤ ਏ.ਐਸ.ਆਈ. ਜਸਵੰਤ ਸਿੰਘ, ਏ.ਐਸ.ਆਈ. ਬਲਵਿੰਦਰ ਸਿੰਘ ਤੇ ਸਿਪਾਹੀ ਕੁਲਜੀਤ ਸਿੰਘ ਨੂੰ ਮੁਅੱਤਲ ਕਰ ਕੇ ਵਿਭਾਗੀ ਜਾਂਚ ਦੇ ਆਦੇਸ਼ ਦੇ ਦਿੱਤੇ।
ਵੀਡੀਓ ਲਈ ਕਲਿੱਕ ਕਰੋ -:
ਉਪ ਮੁੱਖ ਮੰਤਰੀ ਸ. ਰੰਧਾਵਾ ਨੇ ਕਿਹਾ ਕਿ ਡਿਊਟੀ ਵਿੱਚ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਉਨਾਂ ਕਿਹਾ ਕਿ ਤਿਉਹਾਰਾਂ ਦੇ ਸੀਜਨ ਨੂੰ ਦੇਖਦਿਆਂ ਪੁਲਿਸ ਨੂੰ ਜਿੱਥੇ ਸੁਰੱਖਿਆ ਦੇ ਪੱਖ ਤੋਂ ਮੁਸਤੈਦੀ ਨਾਲ ਡਿਊਟੀ ਕਰਨੀ ਚਾਹੀਦੀ ਹੈ ਉੱਥੇ ਰਾਹਗੀਰਾਂ ਨੂੰ ਟ੍ਰੈਫਕਿ ਜਾਮ ਤੋਂ ਨਿਜਾਤ ਦਿਵਾਉਣ ਲਈ ਟ੍ਰੈਫਿਕ ਪੁਲਿਸ ਆਵਾਜਾਈ ਨੂੰ ਸੁਚਾਰੂ ਤਰੀਕੇ ਨਾਲ ਚਲਾਉਣਾ ਯਕੀਨੀ ਬਣਾਏ।