ਚੰਡੀਗੜ: ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਅੱਜ ਬਿਜਲੀ ਦਰਾਂ ਵਿੱਚ 3 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਦਾ ਸਵਾਗਤ ਕਰਦਿਆਂ ਕਿਹਾ ਕਿ ਇਹ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵੱਲੋਂ ਪੰਜਾਬ ਦੇ ਲੋਕਾਂ ਲਈ ਦੀਵਾਲੀ ਦਾ ਵੱਡਾ ਤੋਹਫਾ ਹੈ। ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ ਦਾ ਜਕਿਰ ਕਰਦਿਆਂ ਉਨਾਂ ਕਿਹਾਕਿ ਮੁੱਖ ਮੰਤਰੀ ਨੇ ਸਿੱਧ ਕਰ ਦਿੱਤਾ ਹੈ ਕਿ ਜਿੱਥੇ ਚਾਹ, ਉੱਥੇ ਰਾਹ ਹੁੰਦੀ ਹੈ।
ਸਪੀਕਰ ਨੇ ਕਿਹਾ ਕਿ ਇਸ ਕਦਮ ਨਾਲ ਆਮ ਜਨਤਾ ਨੂੰ ਲੋੜੀਂਦੀ ਰਾਹਤ ਮਿਲੇਗੀ। ਇਸ ਤੋਂ ਪਹਿਲਾ ਉਹਨਾਂ ਨੇ ਸੂਬੇ ਭਰ ਦੇ ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਕਟੌਤੀ ਦੀ ਅਪੀਲ ਕੀਤੀ ਸੀ। ਰਾਣਾ ਕੇ.ਪੀ. ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਮੱਧ ਵਰਗੀ ਲੋਕ ਆਰਥਿਕ ਤੌਰ ‘ਤੇ ਬੁਰੀ ਤਰਾਂ ਪ੍ਰਭਾਵਿਤ ਹੋਏ ਹਨ। ਉਹਨਾਂ ਕਿਹਾ, “ਬਿਜਲੀ ਦੇ ਬਿੱਲਾਂ ਵਿੱਚ ਲਗਭਗ 30 ਫ਼ੀਸਦੀ ਦੀ ਕਟੌਤੀ ਹੋਣ ਨਾਲ, ਹੁਣ ਆਮ ਜਨਤਾ ਨੂੰ ਰਾਹਤ ਮਿਲੇਗੀ।” ਉਨਾਂ ਨੇ ਸੂਬਾ ਸਰਕਾਰ ਦੇ ਮੁਲਾਜਮਾਂ ਲਈ ‘ਮਹਿੰਗਾਈ ਭੱਤੇ’ ਵਿੱਚ 11 ਫ਼ੀਸਦੀ ਵਾਧੇ ਸਬੰਧੀ ਐਲਾਨ ਕਰਨ ਲਈ ਵੀ ਮੁੱਖ ਮੰਤਰੀ ਨੂੰ ਵਧਾਈ ਦਿੱਤੀ।