ਚੰਡੀਗੜ੍ਹ: ਮਾਲਵਾ ਪੱਟੀ ਦੇ ਕਪਾਹ ਉਤਪਾਦਕਾਂ ਲਈ ਹਾਲ ਹੀ ਵਿੱਚ ਗੁਲਾਬੀ ਸੁੰਡੀ ਦੇ ਹਮਲੇ ਦੇ ਮੱਦੇਨਜ਼ਰ ਮਦਦ ਦੀ ਪੇਸ਼ਕਸ਼ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਪਾਹ ਉਤਪਾਦਕਾਂ ਨੂੰ ਉਨ੍ਹਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਦੇ ਬਦਲੇ ਮੁਆਵਜ਼ੇ ਦੇ ਮਾਪਦੰਡਾਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਕਪਾਹ ਦੀ ਚੁਗਾਈ ਵਿੱਚ ਲੱਗੇ ਮਜ਼ਦੂਰਾਂ ਨੂੰ ਰਾਹਤ ਦੇਣ ਲਈ ਮੁੱਖ ਮੰਤਰੀ ਚੰਨੀ ਨੇ ਖਰਾਬ ਹੋਈ ਫਸਲ ਦੇ ਮੁਆਵਜ਼ੇ ਲਈ ਸਬੰਧਤ ਜ਼ਿਲ੍ਹਿਆਂ ਵੱਲੋਂ ਮੰਗੇ ਕੁੱਲ ਫੰਡਾਂ ਵਿੱਚ 10 ਫੀਸਦੀ ਵਾਧੂ ਫੰਡ ਸ਼ਾਮਲ ਕਰਨ ਦੀ ਮੰਨਜ਼ੂਰੀ ਦੇ ਦਿੱਤੀ ਹੈ।
ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਅਨੁਸਾਰ ਮੁੱਖ ਮੰਤਰੀ ਚੰਨੀ ਵੱਲੋਂ 76 ਤੋਂ 100 ਫੀਸਦੀ ਤੱਕ ਫਸਲਾਂ ਦੇ ਹੋਏ ਨੁਕਸਾਨ ਲਈ ਕਿਸਾਨਾਂ ਨੂੰ 12,000 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਮੁਆਵਜ਼ਾ ਰਾਸ਼ੀ ਦੇਣ ਸਬੰਧੀ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਸ ਦੌਰਾਨ ਮੁੱਖ ਮੰਤਰੀ ਚੰਨੀ ਨੇ ਮਾਲ ਵਿਭਾਗ ਨੂੰ ਦੀਵਾਲੀ ਤੋਂ ਪਹਿਲਾਂ ਕਿਸਾਨਾਂ/ਖੇਤ ਮਜ਼ਦੂਰਾਂ ਦੇ ਖਾਤਿਆਂ ਵਿੱਚ ਸਿੱਧੇ ਤੌਰ ‘ਤੇ ਮੁਆਵਜ਼ੇ ਦੀ ਰਕਮ ਅਦਾ ਦੇ ਨਿਰਦੇਸ਼ ਦਿੱਤੇ।
ਵੀਡੀਓ ਲਈ ਕਲਿੱਕ ਕਰੋ -:
Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts
ਜ਼ਿਕਰਯੋਗ ਹੈ ਕਿ ਇਹ ਫੈਸਲੇ ਮੁੱਖ ਮੰਤਰੀ ਦੀ ਪ੍ਰਧਾਨਗੀ ਹੇਠ 28 ਅਕਤੂਬਰ ਨੂੰ ਗੁਲਾਬੀ ਸੁੰਡੀ ਨਾਲ ਹੋਏ ਨੁਕਸਾਨ ਦੇ ਮੁਆਵਜ਼ੇ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਹੋਈ ਮੀਟਿੰਗ ਦੌਰਾਨ ਸਹਿਮਤੀ ਦੇ ਆਧਾਰ ‘ਤੇ ਲਏ ਗਏ ਹਨ। ਇਸ ਮੀਟਿੰਗ ਦੌਰਾਨ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ, ਖੇਤੀਬਾੜੀ ਮੰਤਰੀ ਰਣਦੀਪ ਸਿੰਘ ਨਾਭਾ, ਵਿਸ਼ੇਸ਼ ਮੁੱਖ ਸਕੱਤਰ-ਕਮ-ਵਿੱਤੀ ਕਮਿਸ਼ਨਰ ਮਾਲ ਵੀ.ਕੇ. ਜੰਜੂਆ, ਪ੍ਰਮੁੱਖ ਸਕੱਤਰ ਵਿੱਤ ਕੇ.ਏ.ਪੀ. ਸਿਨਹਾ, ਪ੍ਰਮੁੱਖ ਸਕੱਤਰ ਟਰਾਂਸਪੋਰਟ ਕੇ. ਸਿਵਾ ਪ੍ਰਸਾਦ, ਵਿੱਤ ਕਮਿਸ਼ਨਰ ਵਿਕਾਸ ਡੀ.ਕੇ. ਤਿਵਾੜੀ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਅਤੇ ਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਵਰੁਣ ਰੂਜ਼ਮ ਸ਼ਾਮਲ ਸਨ।