23 Congress leaders: ਨਵੀਂ ਦਿੱਲੀ: ਸੋਮਵਾਰ ਨੂੰ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਤੋਂ ਪਹਿਲਾਂ ਇਕ ਵੱਡੀ ਖ਼ਬਰ ਆ ਰਹੀ ਹੈ। ਸੂਤਰਾਂ ਅਨੁਸਾਰ ਕਾਂਗਰਸ ਪਾਰਟੀ ਦੇ ਕਈ ਸੀਨੀਅਰ ਨੇਤਾਵਾਂ ਨੇ ਪਾਰਟੀ ਵਿੱਚ ਵੱਡੇ ਬਦਲਾਅ ਦੀ ਮੰਗ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਨੇਤਾਵਾਂ ਨੇ ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਇੱਕ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਕਾਂਗਰਸ ਦੇ 20 ਹੋਰ ਚੋਟੀ ਦੇ ਨੇਤਾਵਾਂ ਨੇ ਪਾਰਟੀ ਵਿੱਚ ਅੰਦਰੂਨੀ ਸੰਕਟ ਦਾ ਜ਼ਿਕਰ ਕਰਦਿਆਂ ਸੋਨੀਆ ਗਾਂਧੀ ਨਾਲ ਲੀਡਰਸ਼ਿਪ ਦੇ ਮੁੱਦੇ ‘ਤੇ ਵਿਚਾਰ ਵਟਾਂਦਰੇ ਦੀ ਮੰਗ ਕੀਤੀ ਹੈ। ਦੱਸਿਆ ਜਾ ਰਿਹਾ ਹੈ ਕਿ ਸੋਨੀਆ ਗਾਂਧੀ ਨੂੰ ਲਿਖੇ ਪੱਤਰ ਵਿੱਚ ਉਨ੍ਹਾਂ ਨੇ ਮੌਜੂਦਾ ਸਥਿਤੀ ‘ਤੇ ਸਵਾਲ ਚੁੱਕਦਿਆਂ ਸਮੂਹਿਕ ਅਗਵਾਈ ਦੀ ਮੰਗ ਕੀਤੀ ਹੈ।
ਇਸ ਪੱਤਰ ਵਿੱਚ ਕਾਂਗਰਸ ਲੀਡਰਸ਼ਿਪ ਵਿੱਚ ਤਬਦੀਲੀ ਨੂੰ ਲੈ ਕੇ ਹੋ ਰਹੀ ਦੇਰੀ ‘ਤੇ ਵੀ ਸਵਾਲ ਖੜ੍ਹੇ ਕੀਤੇ ਗਏ ਹਨ। ਪੱਤਰ ਲਿਖਣ ਵਾਲੇ ਨੇਤਾਵਾਂ ਨੇ ਇਸ ਬਾਰੇ ਗੱਲ ਕਰਨ ਲਈ ਸੋਨੀਆ ਗਾਂਧੀ ਤੋਂ ਸਮਾਂ ਵੀ ਮੰਗਿਆ । ਪੱਤਰ ਲਿਖਣ ਵਾਲਿਆਂ ਵਿੱਚ ਆਨੰਦ ਸ਼ਰਮਾ, ਗੁਲਾਮ ਨਬੀ ਆਜ਼ਾਦ, ਕਪਿਲ ਸਿੱਬਲ, ਵਿਵੇਕ ਤੰਖਾ, ਪ੍ਰਿਥਵੀ ਰਾਜ ਚਵਾਨ, ਵੀਰੱਪਾ ਮੋਇਲੀ, ਸ਼ਸ਼ੀ ਥਰੂਰ, ਭੁਪਿੰਦਰ ਹੁੱਡਾ, ਰਾਜ ਬੱਬਰ, ਮਨੀਸ਼ ਤਿਵਾੜੀ, ਮੁਕੁਲ ਵਾਸਨਿਕ ਅਤੇ ਕਈ ਸਾਬਕਾ ਮੁੱਖ ਮੰਤਰੀ ਅਤੇ ਪ੍ਰਦੇਸ਼ ਕਾਂਗਰਸ ਪ੍ਰਧਾਨ ਸ਼ਾਮਿਲ ਹਨ।
ਦੱਸ ਦੇਈਏ ਕਿ ਕਾਂਗਰਸ ਵਿੱਚ ਲੀਡਰਸ਼ਿਪ ਦੇ ਮੁੱਦੇ ‘ਤੇ ਚੱਲ ਰਹੇ ਵਿਚਾਰ-ਵਟਾਂਦਰੇ ਦੇ ਦੌਰਾਨ ਪਾਰਟੀ ਦੀ ਸਰਵਉੱਚ ਨੀਤੀ ਨਿਰਮਾਣ ਇਕਾਈ, ਕਾਂਗਰਸ ਵਰਕਿੰਗ ਕਮੇਟੀ (CWC) ਦੀ ਬੈਠਕ ਸੋਮਵਾਰ ਨੂੰ ਵੀਡੀਓ ਕਾਨਫਰੰਸ ਰਾਹੀਂ ਹੋਵੇਗੀ। ਪਾਰਟੀ ਦੇ ਸੰਗਠਨ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਦੇ ਅਨੁਸਾਰ CWC ਦੀ ਬੈਠਕ ਸੋਮਵਾਰ ਨੂੰ ਸਵੇਰੇ 11 ਵਜੇ ਸ਼ੁਰੂ ਹੋਵੇਗੀ।
ਸੂਤਰਾਂ ਅਨੁਸਾਰ ਇਸ ਬੈਠਕ ਵਿੱਚ ਮੌਜੂਦਾ ਰਾਜਨੀਤਿਕ ਮੁੱਦਿਆਂ, ਆਰਥਿਕਤਾ ਦੀ ਸਥਿਤੀ ਅਤੇ ਕੋਰੋਨਾ ਵਾਇਰਸ ਸੰਕਟ ਸਮੇਤ ਕਈ ਮੁੱਦਿਆਂ ‘ਤੇ ਵਿਚਾਰ-ਵਟਾਂਦਰਾ ਕੀਤਾ ਜਾ ਸਕਦਾ ਹੈ। ਹਾਲਾਂਕਿ, CWC ਦੀ ਬੈਠਕ ਉਦੋਂ ਕੀਤੀ ਜਾ ਰਹੀ ਹੈ ਜਦੋਂ ਸੋਨੀਆ ਗਾਂਧੀ ਨੇ ਅੰਤਰਿਮ ਪ੍ਰਧਾਨ ਵਜੋਂ ਇੱਕ ਸਾਲ ਦੀ ਮਿਆਦ ਪੂਰੀ ਕੀਤੀ ਹੈ। ਰਾਹੁਲ ਗਾਂਧੀ ਦੇ ਅਸਤੀਫੇ ਤੋਂ ਬਾਅਦ ਉਸਨੂੰ ਅੰਤਰਿਮ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ।