Amit Shah to meet Punjab CM: ਖੇਤੀ ਕਾਨੂੰਨਾਂ ਦੇ ਵਿਰੋਧ ਵਿੱਚ ਦਿੱਲੀ-ਹਰਿਆਣਾ ਸਰਹੱਦ ਦੇ ਕੋਲ ਕਿਸਾਨਾਂ ਦਾ ਅੰਦੋਲਨ ਬੁੱਧਵਾਰ ਨੂੰ 7ਵੇਂ ਦਿਨ ਵੀ ਜਾਰੀ ਰਿਹਾ। ਕਿਸਾਨਾਂ ਨੇ ਸ਼ਾਮ 5.15 ਵਜੇ ਪ੍ਰੈਸ ਕਾਨਫਰੰਸ ਕੀਤੀ। ਇਨਕਲਾਬੀ ਕਿਸਾਨ ਯੂਨੀਅਨ ਦੇ ਪ੍ਰਧਾਨ ਦਰਸ਼ਨ ਪਾਲ ਨੇ ਕਿਹਾ ਕਿ ਸਰਕਾਰ ਨੂੰ ਕਾਨੂੰਨਾਂ ਨੂੰ ਖਤਮ ਕਰਨ ਲਈ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ 5 ਦਸੰਬਰ ਨੂੰ ਦੇਸ਼ ਭਰ ਵਿੱਚ ਮੋਦੀ ਸਰਕਾਰ ਅਤੇ ਕਾਰਪੋਰੇਟ ਘਰਾਣਿਆਂ ਦੇ ਖਿਲਾਫ ਪ੍ਰਦਰਸ਼ਨ ਕੀਤੇ ਜਾਣਗੇ। ਕੇਂਦਰ ਵੀਰਵਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰੇਗਾ। ਇਸ ਤੋਂ ਪਹਿਲਾਂ ਗ੍ਰਹਿ ਮੰਤਰੀ ਅਮਿਤ ਸ਼ਾਹ ਪੰਜਾਬ ਤੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣਗੇ। ਸੂਤਰਾਂ ਅਨੁਸਾਰ ਇਹ ਮੀਟਿੰਗ ਸਵੇਰੇ 9:30 ਵਜੇ ਹੋਵੇਗੀ।
ਦੱਸਣਯੋਗ ਹੈ ਕਿ ਕੇਂਦਰ ਸਰਕਾਰ ਦੇ ਤਿੰਨ ਖੇਤੀ ਕਾਨੂੰਨਾਂ ਵਿਰੁੱਧ ਵਿਰੋਧ ਪ੍ਰਦਰਸ਼ਨ ਕਰ ਰਹੇ ਵੱਡੀ ਗਿਣਤੀ ‘ਚ ਪੰਜਾਬ, ਹਰਿਆਣਾ ਦੇ ਕਿਸਾਨਾਂ ਨੇ ਸੰਸਦ ਦਾ ਵਿਸ਼ੇਸ਼ ਸੈਸ਼ਨ ਬੁਲਾਉਣ ਦੀ ਮੰਗ ਕੀਤੀ ਹੈ।ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਨਵੇਂ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਸਦ ਦਾ ਵਿਸ਼ੇਸ ਸੈਸ਼ਨ ਬੁਲਾਵੇ।ਕਿਸਾਨ ਨੇਤਾਵਾਂ ਦਾ ਕਹਿਣਾ ਹੈ ਕਿ ਜੇਕਰ ਖੇਤੀ ਕਾਨੂੰਨਾਂ ਨਾਲ ਜੁੜੀਆਂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੁੰਦਾ ਤਾਂ ਫਿਰ ਉਹ ਹੋਰ ਕਦਮ ਚੁੱਕਣਗੇ, ਅੰਦੋਲਨ ਹੋਰ ਤੇਜ਼ ਕੀਤੇ ਜਾਣਗੇ।ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਆਗੂਆਂ ਨੇ ਪੈ੍ਰੱਸ ਕਾਨਫਰੰਸ ‘ਚ ਕਿਹਾ ਹੈ ਕਿ ਜੇਕਰ ਸਰਕਾਰ ਤਿੰਨਾਂ ਖੇਤੀ ਕਾਨੂੰਨਾਂ ਨੂੰ ਵਾਪਸ ਨਹੀਂ ਲਵੇਗੀ ਤਾਂ ਅਸੀਂ ਦਿੱਲੀ ਦੀਆਂ ਹੋਰ ਸੜਕਾਂ ਬਲਾਕ ਕਰਾਂਗੇ।ਕਿਸਾਨ ਨੇਤਾ ਗੁਰਨਾਮ ਸਿੰਘ ਦਾ ਕਹਿਣਾ ਹੈ ਕਿ ਜੇਕਰ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ ਤਾਂ ਅਸੀਂ ਸੰਘਰਸ਼ ਹੋਰ ਤੇਜ ਕਰਾਂਗੇ।ਦੂਜੇ ਪਾਸੇ ਕਿਸਾਨ ਆਗੂ ਦਰਸ਼ਨ ਪਾਲ ਨੇ ਕੇਂਦਰ ਸਰਕਾਰ ਤੋਂ ਮੰਗ ਕਰਦਿਆਂ ਹੋਏ ਕਿਹਾ ਕੇਂਦਰ ਨੂੰ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਲਈ ਸੰਸਦ ਦਾ ਵਿਸੇਸ਼ ਸੈਸ਼ਨ ਬੁਲਾਉਣਾ ਚਾਹੀਦਾ।