Capt Amarinder appeals to Khattar: ਪੰਜਾਬ ਵਿੱਚ ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਬਿੱਲਾਂ ਦੇ ਵਿਰੋਧ ਵਿੱਚ ਲਗਾਤਾਰ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਜਿਸ ਨੂੰ ਲੈ ਕੇ 26 ਨਵੰਬਰ ਨੂੰ ਦੇਸ਼ ਦੀਆਂ 500 ਕਿਸਾਨ ਜਥੇਬੰਦੀਆਂ ਵੱਲੋਂ ਦਿੱਲੀ ਵਿੱਚ ਇੱਕ ਇਤਿਹਾਸਕ ਰੈਲੀ ਕੱਢੀ ਜਾਵੇਗੀ । ਇਸਦੇ ਲਈ ਕਿਸਾਨ ਦਿੱਲੀ ਵੱਲ ਕੂਚ ਕਰ ਰਹੇ ਹਨ । ਅੱਜ ਵੀ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਖੇਤੀਬਾੜੀ ਬਿੱਲ ਦੇ ਵਿਰੋਧ ਵਿੱਚ ਦਿੱਲੀ ਵੱਲ ਵੱਧ ਰਹੇ ਹਨ।
ਜਿਸ ਦੇ ਮੱਦੇਨਜਰ ਸਰਹੱਦ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ ਅਤੇ ਪੰਜਾਬ ਬਾਰਡਰ ‘ਤੇ ਹੀ ਕਾਰਵਾਈ ਕੀਤੀ ਜਾ ਰਹੀ ਹੈ। ਬੀਤੇ ਦਿਨ ਵੀ ਕਈ ਜਗ੍ਹਾ ‘ਤੇ ਕਿਸਾਨਾਂ ਦਾ ਹਰਿਆਣਾ ਪੁਲਿਸ ਦੇ ਨਾਲ ਟਕਰਾਅ ਦੇਖਣ ਨੂੰ ਮਿਲਿਆ ਸੀ। ਅੰਬਾਲਾ-ਪਟਿਆਲਾ ਸਰਹੱਦ ‘ਤੇ ਕਿਸਾਨਾਂ ਦਾ ਪ੍ਰਦਰਸ਼ਨ ਹੰਗਾਮੇ ‘ਚ ਤਬਦੀਲ ਹੋ ਗਿਆ ਹੈ। ਇੱਥੇ ਕਿਸਾਨਾਂ ਨੇ ਬੈਰੀਕੇਡਿੰਗ ਨੂੰ ਉਖਾੜ ਦਿੱਤਾ ਹੈ, ਜਿਸ ਤੋਂ ਬਾਅਦ ਕਿਸਾਨਾਂ ‘ਤੇ ਪਾਣੀ ਦੀ ਵਰਖਾ ਕੀਤੀ ਜਾ ਰਹੀ ਹੈ, ਅੱਥਰੂ ਗੈਸ ਦੇ ਗੋਲੇ ਛੱਡੇ ਗਏ ਹਨ। ਇਸ ਤੋਂ ਇਲਾਵਾ ਕਿਸਾਨਾਂ ‘ਤੇ ਅੰਬਾਲਾ-ਪਟਿਆਲਾ ਸਰਹੱਦ ‘ਤੇ ਬੈਰੀਕੇਡ ਤੋੜਨ ਤੇ ਪੁਲਿਸ ਨੇ ਲਾਠੀਚਾਰਜ ਵੀ ਕੀਤਾ ਹੈ।
ਪੁਲਿਸ ਦੀ ਇਸ ਕਾਰਵਾਈ ਤੋਂ ਬਾਅਦ ਹੁਣ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਅਜਿਹੀ ਕਾਰਵਾਈ ਨਾ ਕਰਨ ਦੀ ਅਪੀਲ ਕੀਤੀ ਹੈ। ਕੈਪਟਨ ਨੇ ਅਪੀਲ ਕਰਦਿਆਂ ਕਿਹਾ ਹੈ ਕਿ ਹਰਿਆਣਾ ਸਰਕਾਰ ਕਿਸਾਨਾਂ ਨੂੰ ਦਿੱਲੀ ਜਾਣ ਤੋਂ ਨਾ ਰੋਕੇ। ਉਨ੍ਹਾਂ ਕਿਹਾ ਕਿ ਕਿਸਾਨ 2 ਮਹੀਨਿਆਂ ਦੇ ਵੱਧ ਸਮੇਂ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਹਨ, ਜੇ ਕਿਸਾਨ ਹੁਣ ਦਿੱਲੀ ਜਾਂ ਕੇ ਪ੍ਰਦਰਸ਼ਨ ਕਰਨਾ ਚਾਹੁੰਦੇ ਹਨ ਤਾਂ ਕਿਸਾਨਾਂ ਨੂੰ ਰੋਕਿਆ ਨਹੀਂ ਜਾਣਾ ਚਾਹੀਦਾ। ਹਰਿਆਣਾ ਸਰਕਾਰ ਕਿਸਾਨਾਂ ਨੂੰ ਪਿੱਛੇ ਧੱਕਣ ਲਈ ਕੋਸ਼ਿਸ਼ਾਂ ਕਰ ਰਹੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਹਰਿਆਣਾ ਸਰਕਾਰ ਨੂੰ ਅਜਿਹਾ ਕਰਨ ਤੋਂ ਰੋਕਣ। ਕਿਸਾਨਾਂ ਦੇ ਵਿਰੋਧ ਕਾਰਨ ਦਿੱਲੀ-ਹਰਿਆਣਾ ਸਰਹੱਦ ‘ਤੇ ਪੁਲਿਸ ਵੱਡੀ ਗਿਣਤੀ ਦੇ ਵਿੱਚ ਤੈਨਾਤ ਹੈ। ਦਿੱਲੀ ਤੋਂ ਜੰਮੂ ਜਾਣ ਵਾਲਾ ਹਾਈਵੇਅ ਕਰਨਾਲ ਨੇੜੇ ਬੰਦ ਕਰ ਦਿੱਤਾ ਗਿਆ ਹੈ, ਜਿਸ ਕਾਰਨ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਦੇਖੋ : ਹਰਿਆਣਾ ਨੇ ਬਾਰਡਰ ਸੀਲ ਕਰ ਲਾਇਆ 20 ਕਿਲੋਮੀਟਰ ਲੰਬਾ ਜਾਮ, ਕਿਸੇ ਦਾ ਵਿਆਹ ਗਿਆ ਕਿਸੇ ਦਾ ਜਹਾਜ਼ !