Capt. Amarinder Singh said: ਚੰਡੀਗੜ੍ਹ: ਸੰਸਦ ਵਿੱਚ ਪਾਸ ਕੀਤੇ ਗਏ ਖੇਤੀ ਸੁਧਾਰ ਬਿੱਲਾਂ ਦੇ ਵਿਰੁੱਧ ਸ਼ੁੱਕਰਵਾਰ ਨੂੰ ਪੰਜਾਬ ਅਤੇ ਹਰਿਆਣਾ ਦੇ ਕਿਸਾਨ ਹੜਤਾਲ ਕਰਨਗੇ। ਇੱਥੇ, ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕਿਹਾ ਕਿ ਉਹ ਸੰਸਦ ਵਿੱਚ ਪਾਸ ਕੀਤੇ ਗਏ ਤਿੰਨ “ਕਿਸਾਨ ਵਿਰੋਧੀ” ਬਿੱਲਾਂ ਵਿਰੁੱਧ ਰਾਜਸੀ ਲੜਾਈ ਦੀ ਅਗਵਾਈ ਕਰਨ ਲਈ ਤਿਆਰ ਹਨ। ਉਨ੍ਹਾਂ ਇੱਥੇ ਇੱਕ ਬਿਆਨ ਵਿੱਚ ਕਿਹਾ, “ਮੈਂ ਆਪਣੇ ਕਿਸਾਨਾਂ ਅਤੇ ਆਪਣੇ ਰਾਜ ਨੂੰ ਇਨ੍ਹਾਂ ਖਤਰਨਾਕ ਨਵੇਂ ਕਾਨੂੰਨਾਂ ਤੋਂ ਬਚਾਉਣ ਲਈ ਜੋ ਵੀ ਕਰ ਸਕਦਾ ਹਾਂ, ਕਰਾਂਗਾ, ਜਿਸ ਕਾਨੂੰਨ ਦੇ ਲਾਗੂ ਹੋਣ ਨਾਲ ਖੇਤੀਬਾੜੀ ਸੈਕਟਰ ਗੰਧਲਾ ਹੋ ਜਾਵੇਗਾ ਅਤੇ ਪੰਜਾਬ ਦੀ ਜੀਵਨ ਰੇਖਾ ਨਸ਼ਟ ਹੋ ਜਾਵੇਗੀ।” ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ 31 ਕਿਸਾਨ ਸੰਗਠਨਾਂ ਨੇ ਪੰਜਾਬ ਬੰਦ ਲਈ ਹੱਥ ਮਿਲਾਏ ਹਨ। ਹਰਿਆਣਾ ਵਿੱਚ ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਸਮੇਤ ਕਈ ਸੰਗਠਨਾਂ ਨੇ ਕਿਹਾ ਹੈ ਕਿ ਉਹਨਾਂ ਨੇ ਕੁੱਝ ਕਿਸਾਨ ਜੱਥੇਬੰਦੀਆਂ ਵੱਲੋਂ ਬਿੱਲਾਂ ਖਿਲਾਫ ਸੱਦੀ ਗਈ ਦੇਸ਼ ਵਿਆਪੀ ਹੜਤਾਲ ਦਾ ਸਮਰਥਨ ਕੀਤਾ ਹੈ। ਵਿਰੋਧ ਪ੍ਰਦਰਸ਼ਨ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਸਾਨਾਂ ਨੂੰ ਕਾਨੂੰਨ ਵਿਵਸਥਾ ਬਣਾਈ ਰੱਖਣ ਅਤੇ ਕੋਰੋਨਾ ਵਾਇਰਸ ਨਾਲ ਸਬੰਧਿਤ ਸਾਰੇ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਵੀ ਕੀਤੀ ਹੈ।
ਇੱਕ ਬਿਆਨ ਵਿੱਚ ਅਮਰਿੰਦਰ ਸਿੰਘ ਨੇ ਕਿਹਾ ਕਿ ਰਾਜ ਸਰਕਾਰ ਬਿੱਲਾਂ ਵਿਰੁੱਧ ਲੜਾਈ ਵਿੱਚ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਹੈ ਅਤੇ ਧਾਰਾ 144 ਦੀ ਉਲੰਘਣਾ ਲਈ ਕੋਈ ਐਫਆਈਆਰ ਦਰਜ ਨਹੀਂ ਕੀਤੀ ਜਾਏਗੀ। ਮੁੱਖ ਮੰਤਰੀ ਨੇ ਕਿਹਾ ਕਿ ਹੜਤਾਲ ਦੌਰਾਨ ਅਮਨ-ਕਾਨੂੰਨ ਦੀਆਂ ਸਮੱਸਿਆਵਾਂ ਪੈਦਾ ਨਹੀਂ ਹੋਣੀਆਂ ਚਾਹੀਦੀਆਂ। ਉਨ੍ਹਾਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਹ ਸੁਨਿਸ਼ਚਿਤ ਕਰਨ ਕਿ ਨਾਗਰਿਕਾਂ ਨੂੰ ਕਿਸੇ ਕਿਸਮ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਅੰਦੋਲਨ ਦੌਰਾਨ ਜਾਨ ਮਾਲ ਦਾ ਕੋਈ ਖਤਰਾ ਨਾ ਹੋਵੇ।