ਕੈਪਟਨ ਅਮਰਿੰਦਰ ਸਿੰਘ ਦੇ ਨਵੀ ਪਾਰਟੀ ਬਣਾਉਣ ਦੇ ਐਲਾਨ ਤੋਂ ਬਾਅਦ ਹੁਣ ਕੈਪਟਨ ‘ਤੇ ਕਾਂਗਰਸ ਵਿਚਕਾਰ ਤਲਖੀ ਵੱਧਦੀ ਨਜ਼ਰ ਆ ਰਹੀ ਹੈ। ਦੋਵੇਂ ਧਿਰਾਂ ਇੱਕ-ਦੂਜੇ ਖਿਲਾਫ ਖੁੱਲ੍ਹ ਕੇ ਬਿਆਨਬਾਜ਼ੀ ਕਰ ਰਹੀਆਂ ਹਨ।
ਉੱਥੇ ਹੀ ਹੁਣ ਪੰਜਾਬ ਦੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਵੀਰਵਾਰ ਨੂੰ ਕਾਰਜਕਾਰੀ ਡੀਜੀਪੀ ਇਕਬਾਲ ਪ੍ਰੀਤ ਸਹੋਤਾ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਪਾਕਿ ਮਹਿਲਾ ਮਿੱਤਰ ਅਤੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਦੇ ਸਬੰਧਾਂ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਰੰਧਾਵਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਵਾਰ -ਵਾਰ ਚਿਤਾਵਨੀ ਦੇਣ ਦੇ ਬਾਵਜੂਦ ਉਨ੍ਹਾਂ ਦੀ ਪਾਕਿਸਤਾਨੀ ਮਹਿਲਾ ਮਿੱਤਰ ਸਾਢੇ ਚਾਰ ਸਾਲ ਸਰਕਾਰੀ ਕੋਠੀ ਵਿੱਚ ਰਹੀ। ਵੀਰਵਾਰ ਨੂੰ ਜਲੰਧਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਪ ਮੁੱਖ ਮੰਤਰੀ ਰੰਧਾਵਾ ਨੇ ਕਿਹਾ ਕਿ ਕੈਪਟਨ ਨੂੰ ਕਿਵੇਂ ਪਤਾ ਲੱਗਾ ਕਿ ਪੰਜਾਬ ਆਈਐਸਆਈ ਦੇ ਖਤਰੇ ਹੇਠ ਹੈ। ਭਾਵ, ਕੋਈ ਉਨ੍ਹਾਂ ਨੂੰ ਕੁੱਝ ਜਾਣਕਾਰੀ ਦੇ ਰਿਹਾ ਸੀ।
ਰੰਧਾਵਾ ਨੇ ਮੌਕੇ ‘ਤੇ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ ਨੂੰ ਇਸ ਦੀ ਬਾਰੀਕੀ ਨਾਲ ਜਾਂਚ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਈਡੀ ਕੇਸ ਦਾ ਸਾਹਮਣਾ ਕਰਨ ਅਤੇ ਪਾਕਿਸਤਾਨੀ ਨਾਗਰਿਕ ਨੂੰ ਸ਼ਰਣ ਦੇਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਨਾਲ ਹੱਥ ਮਿਲਾਇਆ ਹੈ। ਉੱਥੇ ਹੀ ਵਿਧਾਇਕ ਕੁਲਬੀਰ ਜ਼ੀਰਾ ਨੇ ਵੀ ਇਸ ਮਾਮਲੇ ‘ਤੇ ਵੱਡਾ ਬਿਆਨ ਦਿੱਤਾ ਹੈ। ਕੁਲਬੀਰ ਜ਼ੀਰਾ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾਵੇਗੀ ਅਤੇ ਸੱਚ ਸਭ ਦੇ ਸਾਹਮਣੇ ਲਿਆਂਦਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -: