Health Minister Balbir Singh Sidhu says: ਚੀਨ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਇਸ ਸਮੇਂ ਪੂਰੀ ਦੁਨੀਆ ਵਿੱਚ ਤਬਾਹੀ ਮਚਾ ਦਿੱਤੀ ਹੈ। ਇਸ ਸਮੇਂ ਪੂਰੇ ਭਾਰਤ ਵਿੱਚ ਵੀ ਸਥਿੱਤੀ ਕਾਫ਼ੀ ਗੰਭੀਰ ਬਣੀ ਹੋਈ ਹੈ। ਪੰਜਾਬ ਦੇ ਵਿੱਚ ਵੀ ਲਗਾਤਾਰ ਕੋਰੋਨਾ ਵਾਇਰਸ ਦੇ ਮਾਮਲੇ ਵੱਧ ਰਹੇ ਹਨ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਆਪਣੇ ਇੱਕ ਬਿਆਨ ਵਿੱਚ ਕਿਹਾ ਹੈ ਕਿ ਕੋਵਿਡ-19 ਕਾਰਨ ਵਿਸ਼ਵ ਭਰ ‘ਚ ਪੈਦਾ ਹੋਏ ਮੌਜੂਦਾ ਹਾਲਾਤ ਨਾਲ ਨਜਿੱਠਣ ‘ਚ ਪੰਜਾਬ ਨੇ ਦੇਸ਼ ਭਰ ‘ਚ ਇੱਕ ਮਿਸਾਲ ਪੈਦਾ ਕੀਤੀ ਹੈ। ਸਿਹਤ ਮੰਤਰੀ ਨੇ ਕਿਹਾ ਪੰਜਾਬ ਸਰਕਾਰ ਵੱਲੋਂ ਸਮੇਂ ਸਿਰ ਲਏ ਗਏ ਸਹੀ ਫੈਸਲਿਆਂ ਕਾਰਨ ਅੱਜ ਪੰਜਾਬ ਵੱਡੇ ਪੱਧਰ ‘ਤੇ ਇਸ ਬਿਮਾਰੀ ਦੀ ਮਾਰ ਤੋਂ ਬਚ ਗਿਆ ਹੈ। ਸਿਹਤ ਮੰਤਰੀ ਪਿੰਡ ਰੱਬੋਂ ਉੱਚੀ ਵਿਖੇ ਸ਼ਹੀਦੀ ਦਿਹਾੜੇ ਸਬੰਧੀ ਰਾਜ ਪੱਧਰੀ ਸਮਾਗਮ ‘ਚ ਬਤੌਰ ਮੁੱਖ ਮਹਿਮਾਨ ਸ਼ਾਮਿਲ ਹੋਏ ਸਨ ਜਿੱਥੇ ਉਨ੍ਹਾਂ ਵਲੋਂ ਇਹ ਬਿਆਨ ਦਿੱਤਾ ਗਿਆ ਹੈ। ਸਿਹਤ ਮੰਤਰੀ ਨੇ ਇਸ ਮੌਕੇ ਪਿੰਡ ਵਿੱਚ ਬਾਬਾ ਮਹਾਰਾਜ ਸਿੰਘ ਜੀ ਦੇ ਨਾਮ ‘ਤੇ ਇੱਕ ਮਹੀਨੇ ‘ਚ ਹੈਲਥ ਐਂਡ ਵੈਲਨੈਸ ਸੈਂਟਰ ਖੋਲ੍ਹਣ ਦਾ ਐਲਾਨ ਵੀ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ‘ਚ ਸਿਹਤ ਸਹੂਲਤਾਂ ਦਾ ਵਿਕਾਸ ਕਰਨ ਲਈ ਸਾਰੇ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਸੂਬੇ ਭਰ ‘ਚ ਅਜਿਹੇ 2900 ਸੈਂਟਰ ਸਥਾਪਿਤ ਕੀਤੇ ਜਾ ਰਹੇ ਹਨ, ਜਿਨਾਂ ‘ਚੋਂ 1900 ਸੈਂਟਰ ਬਣ ਕੇ ਤਿਆਰ ਹੋ ਗਏ ਹਨ ਅਤੇ ਬਾਕੀ 1000 ਵੀ ਜਲਦੀ ਹੀ ਚਾਲੂ ਕਰ ਦਿੱਤੇ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਨੇ ਪਿੰਡ ਰੱਬੋਂ ਉੱਚੀ ਦੇ ਵਿਕਾਸ ਲਈ ਮੁੱਖ ਮੰਤਰੀ ਦੇ ਅਖਤਿਆਰੀ ਕੋਟੇ ਵਿੱਚੋਂ 5 ਲੱਖ ਰੁਪਏ ਦੀ ਗ੍ਰਾਂਟ ਜਾਰੀ ਕਰਨ ਅਤੇ ਬਾਬਾ ਮਹਾਰਾਜ ਸਿੰਘ ਜੀ ਦਾ ਬੁੱਤ ਸਥਾਪਿਤ ਕਰਨ ਦਾ ਐਲਾਨ ਕੀਤਾ ਹੈ। ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਟੈਸਟ ਅਤੇ ਇਲਾਜ ਲਈ ਨਿੱਜੀ ਹਸਪਤਾਲਾਂ ਜਾਂ ਹੋਰ ਜਗ੍ਹਾ ਭਟਕਣ ਦੀ ਲੋੜ ਨਹੀਂ ਹੈ। ਕਿਉਂਕ ਅੱਜ ਪੰਜਾਬ ਦੇ ਸਰਕਾਰੀ ਅਦਾਰਿਆਂ ‘ਚ ਰੋਜ਼ਾਨਾ 10 ਹਜ਼ਾਰ ਤੋਂ ਵਧੇਰੇ ਟੈਸਟ ਕੀਤੇ ਜਾ ਰਹੇ ਹਨ। ਇਸ ਤੋਂ ਇਲਾਵਾ ਅੰਮ੍ਰਿਤਸਰ ਸਥਿਤ ਇੱਕ ਲੈਬਾਰਟਰੀ ਵੱਲੋਂ ਲੋਕਾਂ ਦੀਆਂ ਝੂਠੀਆਂ ਪਾਜ਼ੇਟਿਵ ਰਿਪੋਰਟਾਂ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਮਹਿਕਮੇ ਵੱਲੋਂ ਉਸ ਲੈਬ ਦਾ ਲਾਈਸੈਂਸ ਰੱਦ ਕਰ ਦਿੱਤਾ ਗਿਆ ਹੈ ਅਤੇ ਭਵਿੱਖ ‘ਚ ਵੀ ਅਜਿਹੀ ਕਿਸੇ ਲੈਬ ਨਾਲ ਕੋਈ ਰਿਆਇਤ ਨਹੀਂ ਕੀਤੀ ਜਾਵੇਗੀ।