ਪੰਜਾਬ ਵਿੱਚ ਕਾਂਗਰਸ ਦੇ ਚੱਲ ਰਿਹਾ ਕਾਟੋ ਕਲੇਸ਼ ਅਜੇ ਵੀ ਖ਼ਤਮ ਨਹੀਂ ਹੋਇਆ ਹੈ। ਸੋਮਵਾਰ ਨੂੰ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ਜਾ ਰਹੇ ਹਨ, ਪਰ ਇਸ ਦੌਰਾਨ ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਰਾਵਤ ਦੇ ਇੱਕ ਬਿਆਨ ‘ਤੇ ਵਿਵਾਦ ਖੜ੍ਹਾ ਹੋ ਗਿਆ ਹੈ।
ਹਰੀਸ਼ ਰਾਵਤ ਨੇ ਨਵਜੋਤ ਸਿੰਘ ਸਿੱਧੂ ਦੀ ਅਗਵਾਈ ‘ਚ ਚੋਣਾਂ ਲੜਨ ਦੀ ਗੱਲ ਕੀਤੀ ਸੀ, ਜਿਸ ‘ਤੇ ਕਾਂਗਰਸੀ ਨੇਤਾ ਸੁਨੀਲ ਜਾਖੜ ਨੇ ਕਿਹਾ ਹੈ ਕਿ ਅਜਿਹਾ ਬਿਆਨ ਮੁੱਖ ਮੰਤਰੀ ਦੀ ਤਾਕਤ ਨੂੰ ਕਮਜ਼ੋਰ ਕਰਦਾ ਹੈ। ਸੁਨੀਲ ਜਾਖੜ ਨੇ ਲਿਖਿਆ ਕਿ “ਚਰਨਜੀਤ ਸਿੰਘ ਚੰਨੀ ਦੇ ਸਹੁੰ ਚੁੱਕ ਸਮਾਗਮ ਦੇ ਦਿਨ ਹਰੀਸ਼ ਰਾਵਤ ਵੱਲੋਂ ਦਿੱਤਾ ਗਿਆ ਬਿਆਨ ਹੈਰਾਨ ਕਰਨ ਵਾਲਾ ਹੈ। ਇਹ ਮੁੱਖ ਮੰਤਰੀ ਦੀ ਤਾਕਤ ਨੂੰ ਕਮਜ਼ੋਰ ਕਰਦਾ ਹੈ ਅਤੇ ਨਾਲ ਹੀ ਇਹ ਕਿਸੇ ਦੀ ਚੋਣ ‘ਤੇ ਸਵਾਲ ਖੜ੍ਹੇ ਕਰਦਾ ਹੈ।”
ਇਹ ਵੀ ਪੜ੍ਹੋ : ਚਰਨਜੀਤ ਸਿੰਘ ਚੰਨੀ ਦੇ ਸਹੁੰ ਚੁੱਕ ਸਮਾਗਮ ’ਚ ਸ਼ਾਮਿਲ ਹੋਣਗੇ ਰਾਹੁਲ ਗਾਂਧੀ : ਸੂਤਰ
ਉੱਥੇ ਹੀ ਹੁਣ ਸੁਨੀਲ ਜਾਖੜ ਦੇ ਭਤੀਜੇ ਅਜੈਵੀਰ ਜਾਖੜ ਨੇ ਇਸ ਬਿਆਨ ‘ਤੇ ਸਰੁ ਹੋਏ ਇਸ ਵਿਵਾਦ ਦੇ ਵਿਚਕਾਰ ਪੰਜਾਬ ਕਿਸਾਨ ਕਮਿਸ਼ਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਕਾਂਗਰਸ ਦੇ ਪੰਜਾਬ ਇੰਚਾਰਜ ਹਰੀਸ਼ ਰਾਵਤ ਨੇ ਕਿਹਾ ਸੀ ਕਿ ਪਾਰਟੀ ਪਹਿਲਾਂ ਹੀ ਚਰਨਜੀਤ ਸਿੰਘ ਚੰਨੀ ਬਾਰੇ ਆਪਣਾ ਮਨ ਬਣਾ ਚੁੱਕੀ ਹੈ। ਆਉਣ ਵਾਲੀਆਂ ਚੋਣਾਂ ‘ਚ ਕਾਂਗਰਸ ਦਾ ਚਿਹਰਾ ਕੌਣ ਹੋਵੇਗਾ, ਇਸ ਦਾ ਫੈਸਲਾ ਕਾਂਗਰਸ ਪ੍ਰਧਾਨ ਕਰਨਗੇ। ਪਰ ਇਸ ਵਾਰ ਚੋਣਾਂ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਅਗਵਾਈ’ ਚ ਲੜੀਆਂ ਜਾਣਗੀਆਂ।