priyanka gandhi slams modi govt : ਨਵੀਂ ਦਿੱਲੀ: ਦੇਸ਼ ਭਰ ਦੇ ਕਿਸਾਨਾਂ ਨੇ ਖੇਤ ਬਿੱਲਾਂ ਦੇ ਵਿਰੋਧ ਵਿੱਚ ਭਾਰਤ ਬੰਦ ਦਾ ਸੱਦਾ ਦਿੱਤਾ ਹੈ। ਪੰਜਾਬ ਅਤੇ ਹਰਿਆਣਾ ਸਮੇਤ ਕਈ ਜਗ੍ਹਾ ਕਿਸਾਨ ਪਿੱਛਲੇ ਕਈ ਦਿਨਾਂ ਤੋਂ ਕਿਸਾਨ ਬਿੱਲ ਦਾ ਵਿਰੋਧ ਕਰ ਰਹੇ ਹਨ। ਵਿਰੋਧੀ ਪਾਰਟੀਆਂ ਨੇ ਵੀ ਕਿਸਾਨ ਬਿੱਲ ਦੇ ਮੁੱਦੇ ‘ਤੇ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ। ਕਾਂਗਰਸ ਨੇ ਭਾਰਤ ਬੰਦ ਵਿੱਚ ਕਿਸਾਨਾਂ ਅਤੇ ਮਜ਼ਦੂਰਾਂ ਨਾਲ ਖੜੇ ਹੋਣ ਦੀ ਮੰਗ ਕੀਤੀ ਹੈ। ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਬੀਜੇਪੀ ‘ਤੇ ਸਖਤ ਹਮਲਾ ਬੋਲਿਆ ਹੈ। ਪ੍ਰਿਅੰਕਾ ਗਾਂਧੀ ਨੇ ਸ਼ੁੱਕਰਵਾਰ ਨੂੰ ਆਪਣੇ ਟਵੀਟ ਵਿੱਚ ਲਿਖਿਆ- “MSP ਕਿਸਾਨਾਂ ਤੋਂ ਖੋਹ ਲਈ ਜਾਵੇਗੀ। ਕਿਸਾਨਾਂ ਨੂੰ ਠੇਕੇਦਾਰੀ ਖੇਤੀ ਰਾਹੀਂ ਅਰਬਪਤੀਆਂ ਦੇ ਗੁਲਾਮ ਬਣਨ ਲਈ ਮਜਬੂਰ ਕੀਤਾ ਜਾਵੇਗਾ। ਨਾ ਤਾਂ ਉਨ੍ਹਾਂ ਨੂੰ ਕੀਮਤ ਮਿਲੇਗੀ ਅਤੇ ਨਾ ਹੀ ਸਨਮਾਨ। ਕਿਸਾਨ ਆਪਣੇ ਹੀ ਖੇਤ ‘ਚ ਮਜ਼ਦੂਰ ਬਣੇਗਾ। ਖੇਤੀਬਾੜੀ ਬਿੱਲ ਈਸਟ ਇੰਡੀਆ ਕੰਪਨੀ ਰਾਜ ਦੀ ਯਾਦ ਦਿਵਾਉਂਦਾ ਹੈ। ਅਸੀਂ ਇਸ ਬੇਇਨਸਾਫੀ ਦੀ ਇਜ਼ਾਜ਼ਤ ਨਹੀਂ ਦੇਵਾਂਗੇ।”
ਕੇਂਦਰ ਸਰਕਾਰ ਦੁਆਰਾ ਖੇਤੀਬਾੜੀ ਨਾਲ ਸਬੰਧਿਤ ਤਿੰਨ ਬਿੱਲਾਂ ਨੂੰ ਸੰਸਦ ਵਿੱਚ ਪਾਸ ਕਰਨ ਤੋਂ ਬਾਅਦ ਨਿਰੰਤਰ ਵਿਰੋਧ ਹੋ ਰਿਹਾ ਹੈ। ਰਾਜ ਵਿਰੋਧੀ ਪਾਰਟੀਆਂ ਸਮੇਤ ਕਈ ਕਿਸਾਨ ਸੰਗਠਨ ਇਸ ਦਾ ਵਿਰੋਧ ਕਰ ਰਹੇ ਹਨ। 25 ਸਤੰਬਰ ਨੂੰ ਇਸ ਸਬੰਧ ਵਿੱਚ ਦੇਸ਼ ਭਰ ਦੀਆਂ ਕਿਸਾਨ ਜੱਥੇਬੰਦੀਆਂ ਵੱਲੋਂ ਬੰਦ ਦਾ ਸੱਦਾ ਦਿੱਤਾ ਗਿਆ ਹੈ। ਕਿਸਾਨ ਜਥੇਬੰਦੀਆਂ ਵੱਖ ਵੱਖ ਰਾਜਾਂ ਵਿੱਚ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਚੱਕਾ ਜਾਮ ਕਰਨਗੀਆਂ।