priyanka slams yogi on stubble burning: ਦਿੱਲੀ ਵਿੱਚ ਪ੍ਰਦੂਸ਼ਣ ਅਤੇ ਕੋਰੋਨਾ ਦੀ ਲਾਗ ਦਾ ਪੱਧਰ ਫਿਰ ਲਗਾਤਾਰ ਵੱਧ ਰਿਹਾ ਹੈ। ਦਿੱਲੀ ਵਿੱਚ ਹਵਾ ਪ੍ਰਦੂਸ਼ਣ ਅਜੇ ਵੀ ਡੂੰਘੀ ਚਿੰਤਾ ਦਾ ਵਿਸ਼ਾ ਬਣਿਆ ਹੋਇਆ ਹੈ। ਖਰਾਬ ਹਵਾ ਕਾਰਨ ਲੋਕਾਂ ਨੂੰ ਸਾਹ ਲੈਣ ਵਿੱਚ ਵੀ ਮੁਸ਼ਕਿਲ ਆ ਰਹੀ ਹੈ। ਇਸ ਦੇ ਪਿੱਛੇ ਦਾ ਸਭ ਤੋਂ ਵੱਡਾ ਕਾਰਨ ਦਿੱਲੀ ਦੇ ਆਸ-ਪਾਸ ਦੇ ਰਾਜਾਂ ਵਿੱਚ ਸਾੜੀ ਜਾਂ ਵਾਲੀ ਪਰਾਲੀ ਨੂੰ ਦੱਸਿਆ ਜਾ ਰਿਹਾ ਹੈ। ਨਾ ਸਿਰਫ ਦਿੱਲੀ ਐਨਸੀਆਰ ਬਲਕਿ ਦੇਸ਼ ਦੇ ਹੋਰ ਹਿੱਸਿਆਂ ਵਿੱਚ ਵੀ ਪਰਾਲੀ ਸਾੜਨ ਨਾਲ ਪ੍ਰਦੂਸ਼ਣ ਦੀ ਸਮੱਸਿਆ ਵੱਧ ਰਹੀ ਹੈ। ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਥਾਨਕ ਪ੍ਰਸ਼ਾਸਨ ਵੱਲੋਂ ਕਦਮ ਵੀ ਚੁੱਕੇ ਜਾ ਰਹੇ ਹਨ। ਕਾਂਗਰਸ ਦੀ ਜਨਰਲ ਸੈਕਟਰੀ ਪ੍ਰਿਯੰਕਾ ਗਾਂਧੀ ਵਾਡਰਾ ਨੇ ਸ਼ੁੱਕਰਵਾਰ ਨੂੰ ਇਸ ਮੁੱਦੇ ਨੂੰ ਲੈ ਕੇ ਉੱਤਰ ਪ੍ਰਦੇਸ਼ ਦੀ ਯੋਗੀ ਸਰਕਾਰ ‘ਤੇ ਤਿੱਖਾ ਹਮਲਾ ਬੋਲਿਆ ਹੈ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਸਰਕਾਰ ‘ਤੇ ਕਿਸਾਨਾਂ ਨੂੰ ਜੇਲ੍ਹਾਂ ਵਿੱਚ ਭੇਜਣ ਦਾ ਦੋਸ਼ ਲਾਇਆ ਹੈ। ਪ੍ਰਿਯੰਕਾ ਗਾਂਧੀ ਨੇ ਆਪਣੇ ਟਵੀਟ ਵਿੱਚ ਲਿਖਿਆ, “ਕੀ ਸਿਰਫ ਪ੍ਰਦੂਸ਼ਣ ਲਈ ਕਿਸਾਨ ਜ਼ਿੰਮੇਵਾਰ ਹਨ? ਪ੍ਰਦੂਸ਼ਣ ਫੈਲਾਉਣ ਦੇ ਅਸਲ ਜਿੰਮੇਂਵਾਰਾਂ ਤੇ ਕਦੋਂ ਕੀਤੀ ਜਾਏਗੀ ਕਾਰਵਾਈ ? ਕਿਸਾਨਾਂ ਦੀ ਵੋਟ – ਕਾਨੂੰਨੀ, ਕਿਸਾਨਾਂ ਦਾ ਝੋਨਾ – ਕਾਨੂੰਨੀ, ਕਿਸਾਨਾਂ ਦੀ ਪਰਾਲੀ – ਗ਼ੈਰਕਾਨੂੰਨੀ? ਯੂ ਪੀ ਸਰਕਾਰ ਨੇ ਸਹਾਰਨਪੁਰ ਦੇ ਕਿਸਾਨਾਂ ਨੂੰ ਜੇਲ੍ਹ ਵਿੱਚ ਬੰਦ ਕਰ ਦਿੱਤਾ ਅਤੇ ਉਨ੍ਹਾਂ ਨੂੰ ਛੱਡਵਾਉਣ ਲਈ ਕਾਂਗਰਸ ਦੇ ਸਹਿਯੋਗੀਆਂ ਦਾ ਧੰਨਵਾਦ।”
ਪ੍ਰਦੂਸ਼ਣ ਦਾ ਮੁੱਦਾ ਹਮੇਸ਼ਾ ਹੀ ਦਿੱਲੀ ਦਾ ਇੱਕ ਵੱਡਾ ਮਸਲਾ ਰਿਹਾ ਹੈ। ਅਕਸਰ ਹੀ ਸਰਕਾਰਾਂ ਅਤੇ ਵੱਖ-ਵੱਖ ਪਾਰਟੀਆਂ ਦੇ ਆਗੂ ਇਸ ਮਾਮਲੇ ‘ਤੇ ਆਹਮੋ ਸਾਹਮਣੇ ਆਉਂਦੇ ਰਹਿੰਦੇ ਹਨ। ਇਸ ਤੋਂ ਪਹਿਲਾ ਕੇਂਦਰ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਕਿਹਾ ਸੀ ਕਿ ਦਿੱਲੀ-ਐਨਸੀਆਰ ਵਿੱਚ ਹਵਾ ਪ੍ਰਦੂਸ਼ਣ ਨਾਲ ਨਿਜਿੱਠਣ ਲਈ ਇੱਕ ਕਾਨੂੰਨ ਲਿਆਂਦਾ ਜਾਵੇਗਾ। ਸੁਪਰੀਮ ਕੋਰਟ ਨੂੰ ਇਹ ਜਾਣਕਾਰੀ ਦਿੰਦੇ ਹੋਏ ਸਾਲਿਸਿਟਰ ਜਨਰਲ ਤੁਸ਼ਾਰ ਮਹਿਤਾ ਨੇ ਕਿਹਾ ਸੀ ਕਿ ਤਿੰਨ-ਚਾਰ ਦਿਨਾਂ ਵਿੱਚ ਇੱਕ ਕਾਨੂੰਨ ਬਣਾਇਆ ਜਾਵੇਗਾ। ਅਦਾਲਤ ਨੇ ਇਸ ਫੈਸਲੇ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਸੀ ਕਿ ਇਹ ਉਹ ਮਾਮਲਾ ਸੀ ਜਿਸ ਉੱਤੇ ਸਰਕਾਰ ਨੂੰ ਕਾਰਵਾਈ ਕਰਨੀ ਚਾਹੀਦੀ ਸੀ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਕੱਲ ਇੱਕ ਬਿਆਨ ਜਾਰੀ ਕਰਦਿਆਂ ਕਿਹਾ ਸੀ ਕਿ ਦਿੱਲੀ ਦੇ ਲੋਕਾਂ ਨੂੰ ਕੋਰੋਨਾਵਾਇਰਸ ਅਤੇ ਪ੍ਰਦੂਸ਼ਣ ਦਾ ਦੋਵਾਂ ਦਾ ਸ਼ਿਕਾਰ ਹੋਣਾ ਪਿਆ ਹੈ। ਹਾਲਾਂਕਿ, ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਸੀ ਕਿ ਗੁਆਂਢੀ ਰਾਜਾਂ ਵਿੱਚ ਪਰਾਲੀ ਸਾੜਨਾ ਇਸ ਪ੍ਰਦੂਸ਼ਣ ਦਾ ਇੱਕ ਵੱਡਾ ਕਾਰਨ ਹੈ। ਅਰਵਿੰਦ ਕੇਜਰੀਵਾਲ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਨਾਲ ਗੱਲਬਾਤ ਕੀਤੀ ਹੈ ਅਤੇ ਉਨ੍ਹਾਂ ਕਿਸਾਨਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਰਾਜ ਦੀਆਂ ਸਰਕਾਰਾਂ ਨੇ ਇਸ ਵੱਲ ਕੋਈ ਧਿਆਨ ਨਹੀਂ ਦਿੱਤਾ, ਜਿਸ ਕਾਰਨ ਉਹ ਪਰਾਲੀ ਨੂੰ ਸਾੜਨ ਲਈ ਮਜਬੂਰ ਹਨ।