ਦੇਸ਼ ਅੱਜ ਕਾਰਗਿਲ ਵਿਜੇ ਦਿਵਸ ਦੀ 22ਵੀਂ ਵਰ੍ਹੇਗੰਢ ਮਨਾ ਰਿਹਾ ਹੈ। ਭਾਰਤ ਦੇ ਬਹਾਦਰ ਜਵਾਨਾਂ ਨੇ ਪਾਕਿਸਤਾਨ ਨੂੰ ਜੋ ਕਰਾਰੀ ਮਾਤ ਦਿੱਤੀ ਸੀ, ਉਸ ਇਤਿਹਾਸ ਨੂੰ ਅੱਜ ਯਾਦ ਕਰਨ ਦਾ ਦਿਨ ਹੈ। ਇਸ ਮੌਕੇ ਦੇਸ਼ ਭਰ ਵਿੱਚ ਇਸ ਜੰਗ ਵਿੱਚ ਸ਼ਹੀਦ ਹੋਏ ਫੌਜੀਆਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ ਹੈ ।
ਇਸੇ ਵਿਚਾਲੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਕਾਰਗਿਲ ਜੰਗ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਉਨ੍ਹਾਂ ਨੇ ਇਸ ਮੌਕੇ ਨੌਜਵਾਨਾਂ ਨੂੰ ਦੇਸ਼ ਸੇਵਾ ਲਈ ਫੌਜ ਵਿੱਚ ਸ਼ਾਮਿਲ ਹੋਣ ਦਾ ਸੱਦਾ ਦਿੱਤਾ ਹੈ । ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਬੋਗਨਵਿਲੀਆ ਗਾਰਡਨ ਵਿੱਚ ਸਥਿਤ ਜੰਗੀ ਯਾਦਗਾਰ ਵਿਖੇ ਫੁੱਲ-ਮਾਲਾ ਭੇਟ ਕੀਤੀ ਅਤੇ ਕਾਰਗਿਲ ਜੰਗ ਦੌਰਾਨ ਪੰਜਾਬ ਦੇ 54 ਬਹਾਦਰ ਜਵਾਨਾਂ ਨੂੰ ਨਮਨ ਕਰਦਿਆਂ ਸ਼ਰਧਾਂਜਲੀ ਦਿੱਤੀ ।
ਦਰਅਸਲ, ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਜੰਗੀ ਨਾਇਕਾਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦਿਆਂ ਭਾਰਤੀ ਜਵਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ, ਜਿਨ੍ਹਾਂ ਨੇ ਪਾਕਿਸਤਾਨੀ ਫੌਜਾਂ ਨੂੰ ਮੂੰਹ ਤੋੜ ਜਵਾਬ ਦਿੱਤਾ ਸੀ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ NCC ਕੈਡਿਟਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਰਾਖੀ ਲਈ ਹਥਿਆਰਬੰਦ ਫੌਜਾਂ ਵਿੱਚ ਸ਼ਾਮਿਲ ਹੋਣ ਲਈ ਉਤਸ਼ਾਹਿਤ ਕੀਤਾ।
ਦੱਸ ਦੇਈਏ ਕਿ ਇਸ ਮੌਕੇ ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ (ਸੇਵਾ-ਮੁਕਤ) ਟੀ.ਐਸ. ਸ਼ੇਰਗਿੱਲ, ਸਕੱਤਰ ਰੱਖਿਆ ਸੈਨਾਵਾਂ ਗੁਰਕਿਰਤ ਕ੍ਰਿਪਾਲ ਸਿੰਘ, ਡਾਇਰੈਕਟਰ ਰੱਖਿਆ ਸੈਨਾਵਾਂ ਬ੍ਰਿਗੇਡੀਅਰ ਸਤਿੰਦਰ ਸਿੰਘ ਆਦਿ ਹਾਜ਼ਰ ਸਨ ।