Rahul Gandhi asks: ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ‘ਤੇ ਤੰਜ ਕਸਿਆ ਹੈ। ਇੱਕ ਟਵੀਟ ਵਿੱਚ ਰਾਹੁਲ ਗਾਂਧੀ ਨੇ ਲਿਖਿਆ ਹੈ ਕਿ ਰਾਸ਼ਟਰੀ ਰੱਖਿਆ ਅਤੇ ਸੁਰੱਖਿਆ ਦੀ ਗੱਲ ਕਦੋਂ ਹੋਵੇਗੀ । ਐਤਵਾਰ ਨੂੰ ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ‘ ਵਿੱਚ ਦੇਸ਼ ਦੇ ਲੋਕਾਂ ਨੂੰ ਸੰਬੋਧਿਤ ਕੀਤਾ।
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਕੁਝ ਦਿਨ ਪਹਿਲਾਂ ਵੀ ਚੀਨ ਦੇ ਮੁੱਦੇ ‘ਤੇ ਟਵੀਟ ਕਰਕੇ ਪ੍ਰਧਾਨ ਮੰਤਰੀ ਤੋਂ ਜਵਾਬ ਮੰਗਿਆ ਸੀ । ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕ ਪ੍ਰਧਾਨ ਮੰਤਰੀ ਤੋਂ ‘ਸੱਚ’ ਸੁਣਨਾ ਚਾਹੁੰਦੇ ਹਨ । ਉਨ੍ਹਾਂ ਨੇ ਦੇਸ਼ ਵਿੱਚ ਲਗਾਤਾਰ ਵੱਧ ਰਹੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਕੇਂਦਰ ਸਰਕਾਰ ਦਾ ਘਿਰਾਓ ਕੀਤਾ ਹੈ । ਉਨ੍ਹਾਂ ਨੇ ਇੱਕ ਟਵੀਟ ਵਿੱਚ ਲਿਖਿਆ ਕਿ ਮੋਦੀ ਸਰਕਾਰ ਨੇ ਕੋਰੋਨਾ ਮਹਾਂਮਾਰੀ ਅਤੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ‘ਅਨਲਾਕ’ ਕਰ ਦਿੱਤਾ ਹੈ ।
ਦੱਸ ਦਈਏ ਕਿ ਰਾਹੁਲ ਗਾਂਧੀ ਲਗਾਤਾਰ ਮੋਦੀ ਸਰਕਾਰ ‘ਤੇ ਸਵਾਲ ਖੜ੍ਹੇ ਕਰ ਰਹੇ ਹਨ। ਲੱਦਾਖ ਦੀ ਗਲਵਾਨ ਘਾਟੀ ਵਿੱਚ ਚੀਨ ਨਾਲ ਹੋਈ ਹਿੰਸਕ ਝੜਪ ਵਿੱਚ 20 ਭਾਰਤੀ ਜਵਾਨਾਂ ਦੀ ਸ਼ਹਾਦਤ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਲਗਾਤਾਰ ਜਵਾਬ ਮੰਗਣ ਤੋਂ ਬਾਅਦ ਸ਼ਨੀਵਾਰ ਨੂੰ ਉਨ੍ਹਾਂ ਨੇ ਕੋਰੋਨਾ ਵਾਇਰਸ ਇਨਫੈਕਸ਼ਨ ਮਾਮਲੇ ‘ਤੇ ਸਵਾਲ ਖੜ੍ਹਾ ਕੀਤਾ । ਰਾਹੁਲ ਗਾਂਧੀ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਕੋਰੋਨਾ ਨਾਲ ਨਜਿੱਠਣ ਦੀ ਕੋਈ ਯੋਜਨਾ ਨਹੀਂ ਹੈ ।