Rahul Gandhi attacks government: ਨਵੀਂ ਦਿੱਲੀ: ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਰਾਫ਼ੇਲ ਸੌਦੇ ਵਿੱਚ ਇੱਕ ਵਿਚੋਲੇ ਨੂੰ 11 ਲੱਖ ਯੂਰੋ (ਕਰੀਬ 9.5 ਕਰੋੜ ਰੁਪਏ) ਦਾ ਭੁਗਤਾਨ ਕੀਤੇ ਜਾਣ ਦੇ ਦਾਅਵੇ ਸਬੰਧੀ ਫਰਾਂਸੀਸੀ ਮੀਡੀਆ ਦੀ ਇਕ ਖ਼ਬਰ ਨੂੰ ਲੈ ਕੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ । ਦਰਅਸਲ, ਰਾਹੁਲ ਗਾਂਧੀ ਨੇ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਵਿਅਕਤੀ ਜੋ ਕਰਮ ਕਰਦਾ ਹੈ, ਉਸ ਦਾ ਫ਼ਲ ਸਾਹਮਣੇ ਆ ਜਾਂਦਾ ਹੈ ਅਤੇ ਇਸ ਤੋਂ ਕੋਈ ਬਚ ਨਹੀਂ ਸਕਦਾ ।
ਇਸ ਸਬੰਧੀ ਉਨ੍ਹਾਂ ਨੇ ਇੱਕ ਟਵੀਟ ਵੀ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ, “ਕਰਮਾ= ਕਿਸੇ ਦੇ ਕੰਮਾਂ ਦਾ ਲੇਖਾ-ਜੋਖਾ। ਕੋਈ ਇਸ ਤੋਂ ਬਚ ਨਹੀਂ ਸਕਦਾ । ਜ਼ਿਕਰਯੋਗ ਹੈ ਕਿ ਬੀਤੇ ਦਿਨ ਫਰਾਂਸੀਸੀ ਵੈਬਸਾਈਟ ਵੱਲੋਂ ਆਪਣੀ ਇੱਕ ਰਿਪੋਰਟ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਫਰਾਂਸੀਸੀ ਭ੍ਰਿਸ਼ਟਾਚਾਰ ਰੋਕੂ ਏਜੰਸੀ ਨੇ ਖ਼ੁਲਾਸਾ ਕੀਤਾ ਹੈ ਕਿ ਰਾਫ਼ੇਲ ਦੀ ਨਿਰਮਾਤਾ ਕੰਪਨੀ ਦਸਾਲਟ ਨੇ ਇੱਕ ਵਿਚੋਲੇ ਨੂੰ 11 ਲੱਖ ਯੂਰੋ ਦਾ ਭੁਗਤਾਨ ਕੀਤਾ ਸੀ। ਜਿਸ ਤੋਂ ਬਾਅਦ ਕਾਂਗਰਸ ਨੇ ਇਸ ਖ਼ਬਰ ਦਾ ਹਵਾਲਾ ਦਿੰਦਿਆਂ ਸੋਮਵਾਰ ਨੂੰ ਇਸ ਮਾਮਲੇ ਵਿੱਚ ਨਿਰਪੱਖ ਜਾਂਚ ਦੀ ਮੰਗ ਕੀਤੀ ਸੀ।
ਉੱਥੇ ਹੀ ਦੂਜੇ ਪਾਸੇ ਭਾਜਪਾ ਨੇ ਦੋਸ਼ਾਂ ਨੂੰ ਪੂਰੀ ਤਰ੍ਹਾਂ ਗਲਤ ਦੱਸਦੇ ਹੋਏ ਦੋਸ਼ ਲਗਾਇਆ ਸੀ ਕਿ ਮੁੱਖ ਵਿਰੋਧੀ ਪਾਰਟੀ ਸੁਰੱਖਿਆ ਫ਼ੋਰਸਾਂ ਨੂੰ ਕਮਜ਼ੋਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਇਸ ਤੋਂ ਇਲਾਵਾ ਕਾਂਗਰਸ ਦੇ ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਨੇ ਕਿਹਾ ਕਿ ਫਰਾਂਸ ਦੀ ਵੈਬਸਾਈਟ ਨੇ ਆਪਣੇ ਨਵੇਂ ਖੁਲਾਸੇ ਨਾਲ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਇਸ ਰੁਖ ਨੂੰ ਸਹੀ ਸਾਬਿਤ ਕੀਤਾ ਹੈ ਕਿ ਰਾਫ਼ੇਲ ਜਹਾਜ਼ ਸੌਦੇ ਵਿੱਚ ਭ੍ਰਿਸ਼ਟਾਚਾਰ ਹੋਇਆ ਹੈ।