ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨਾਂ ਦਾ ਅੰਦੋਲਨ ਪਿਛਲੇ ਸੱਤ ਮਹੀਨਿਆਂ ਤੋਂ ਜਾਰੀ ਹੈ । ਕਿਸਾਨਾਂ ਦੀ ਕੇਂਦਰ ਸਰਕਾਰ ਤੋਂ ਮੰਗ ਹੈ ਕਿ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਰੰਟੀ ਦਿੱਤੀ ਜਾਵੇ। ਇਸੇ ਵਿਚਾਲੇ ਕਿਸਾਨਾਂ ਵੱਲੋਂ ਅੱਜ ਦੇਸ਼ ਭਰ ਵਿੱਚ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਦਰਅਸਲ, ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਵਿਚਾਲੇ ਰਾਹੁਲ ਗਾਂਧੀ ਨੇ ਟਵੀਟ ਕਰ ਕੇ ਕਿਸਾਨਾਂ ਦਾ ਸਮਰਥਨ ਕੀਤਾ ਹੈ । ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਸਿੱਧੀ-ਸਿੱਧੀ ਗੱਲ ਹੈ – ਅਸੀਂ ਸੱਤਿਆਗ੍ਰਹੀ ਅੰਨਦਾਤਾ ਦੇ ਨਾਲ ਹਾਂ । ਅੱਜ ਕਿਸਾਨ ਅੰਦੋਲਨ ਦੇ ਸੱਤ ਮਹੀਨੇ ਪੂਰੇ ਹੋ ਰਹੇ ਹਨ ਅਤੇ 26 ਤਰੀਕ ਵੀਂ ਹੈ । ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਕਿਹਾ ਕਿ ਸਰਕਾਰ ਯਾਦ ਰੱਖੇ 26 ਤਰੀਕ ਹਰ ਮਹੀਨੇ ਆਉਂਦੀ ਹੈ।
ਇਹ ਵੀ ਪੜ੍ਹੋ: ਪੰਜਾਬ ਸਰਕਾਰ ਨੇ 30 ਜੂਨ ਤੱਕ ਵਧਾਈਆਂ ਕੋਰੋਨਾ ਪਾਬੰਦੀਆਂ, IELTS ਸੈਂਟਰ ਖੋਲ੍ਹਣ ਦੀ ਦਿੱਤੀ ਇਜਾਜ਼ਤ
ਦਰਅਸਲ, ਦਿੱਲੀ ਵਿੱਚ ਕਿਸਾਨਾਂ ਦੇ ਪ੍ਰਦਰਸ਼ਨ ਦੇ ਮੱਦੇਨਜ਼ਰ ਮੈਟਰੋ ਸਟੇਸ਼ਨ ਸਵੇਰੇ 10 ਵਜੇ ਤੋਂ ਬੰਦ ਕਰ ਦਿੱਤੇ ਗਏ ਹਨ । ਬੀਤੀ ਰਾਤ ਹੀ DMRC ਨੇ ਟਵੀਟ ਕਰਦਿਆਂ ਕਿਹਾ ਕਿ ਦਿੱਲੀ ਪੁਲਿਸ ਦੇ ਸੁਝਾਅ ‘ਤੇ ਸੁਰੱਖਿਆ ਕਾਰਨਾਂ ਕਰਕੇ ਯੈਲੋ ਲਾਈਨ ‘ਤੇ ਤਿੰਨ ਮੈਟਰੋ ਸਟੇਸ਼ਨ- ਯੂਨੀਵਰਸਿਟੀ, ਸਿਵਲ ਲਾਈਨਜ਼ ਅਤੇ ਵਿਧਾਨ ਸਭਾ ਸ਼ਨੀਵਾਰ ਨੂੰ 26.06.2021 ਨੂੰ ਜਨਤਾ ਲਈ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਬੰਦ ਰਹਿਣਗੇ।
ਦੱਸ ਦੇਈਏ ਕਿ ਕੇਂਦਰ ਵੱਲੋਂ 2020 ਵਿੱਚ ਲਿਆਂਦੇ ਗਏ ਖੇਤੀਬਾੜੀ ਕਾਨੂੰਨਾਂ ਵਿਰੁੱਧ ਕਿਸਾਨ ਅੰਦੋਲਨ ਨੂੰ ਅੱਜ ਸੱਤ ਮਹੀਨੇ ਪੂਰੇ ਹੋਣ ‘ਤੇ ਕਿਸਾਨ ਜੱਥੇਬੰਦੀਆਂ ਗਾਜ਼ੀਪੁਰ ਸਰਹੱਦ ‘ਤੇ ਸ਼ਕਤੀ ਪ੍ਰਦਰਸ਼ਨ ਕਰ ਰਹੀਆਂ ਹਨ। ਕਿਸਾਨ ਜੱਥੇਬੰਦੀਆਂ ਨੇ ਗਾਜੀਪੁਰ ਬਾਰਡਰ ‘ਤੇ ਮਹਾਪੰਚਾਇਤ ਦਾ ਐਲਾਨ ਕੀਤਾ ਹੈ । ਕਿਸਾਨ ਜੱਥੇਬੰਦੀਆਂ ਵੱਲੋਂ ਬਾਰਡਰ ‘ਤੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਟਰੈਕਟਰ ਰੈਲੀਆਂ ਕੀਤੀਆਂ ਜਾ ਰਹੀਆਂ ਹਨ।