rahul gandhi on farm laws: ਨਵੀਂ ਦਿੱਲੀ: ਪੰਜਾਬ ਦੇ ਕਿਸਾਨਾਂ ਦਾ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਗੁੱਸਾ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਪੰਜਾਬ ਵਿੱਚ ਕਿਸਾਨ ਇਸ ਕਾਨੂੰਨ ਖਿਲਾਫ ਲਗਾਤਾਰ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਅਤੇ ਇਸ ਕਾਨੂੰਨ ਨੂੰ ਵਾਪਿਸ ਲੈਣ ਦੀ ਮੰਗ ਕਰ ਰਹੇ ਹਨ। ਵਿਰੋਧੀ ਵੀ ਖੇਤੀਬਾੜੀ ਕਾਨੂੰਨਾਂ ਦੇ ਸਬੰਧ ਵਿੱਚ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰ ਰਹੇ ਹਨ। ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਇੱਕ ਵਾਰ ਫਿਰ ਸਰਕਾਰ ‘ਤੇ ਹਮਲਾ ਬੋਲਦਿਆਂ ਕਿਹਾ ਕਿ ਪੰਜਾਬ ਦੇ ਕਿਸਾਨ ਪ੍ਰਧਾਨ ਮੰਤਰੀ ਪ੍ਰਤੀ ਨਾਰਾਜ਼ ਹਨ। ਪ੍ਰਧਾਨ ਮੰਤਰੀ ਮੋਦੀ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਕੋਲ ਜਾ ਕੇ ਉਨ੍ਹਾਂ ਦੀ ਗੱਲ ਸੁਣਨ। ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਇੱਕ ਖਬਰ ਸਾਂਝੀ ਕੀਤੀ, ਜਿਸ ਵਿੱਚ ਕਿਹਾ ਗਿਆ ਹੈ ਕਿ ਪੰਜਾਬ ‘ਚ ਕਿਸਾਨਾਂ ਨੇ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਪ੍ਰਧਾਨ ਮੰਤਰੀ ਅਤੇ ਕਾਰੋਬਾਰੀ ਦਿੱਗਜਾਂ ਦੇ ਪੁਤਲੇ ਸਾੜੇ ਹਨ। ਰਾਹੁਲ ਗਾਂਧੀ ਨੇ ਆਪਣੇ ਟਵੀਟ ਵਿੱਚ ਲਿਖਿਆ, “ਕੱਲ ਪੰਜਾਬ ‘ਚ ਇਹ ਹੋਇਆ। ਦੁਖ ਦੀ ਗੱਲ ਹੈ ਕਿ ਪ੍ਰਧਾਨ ਮੰਤਰੀ ਲਈ ਪੰਜਾਬ ਵਿੱਚ ਬਹੁਤ ਗੁੱਸਾ ਹੈ। ਇਹ ਇੱਕ ਖ਼ਤਰਨਾਕ ਉਦਾਹਰਣ ਹੈ ਅਤੇ ਦੇਸ਼ ਲਈ ਚੰਗਾ ਨਹੀਂ ਹੈ। ਪ੍ਰਧਾਨ ਮੰਤਰੀ ਨੂੰ ਉਨ੍ਹਾਂ ਕੋਲ ਜਾਣਾ ਚਾਹੀਦਾ ਹੈ, ਉਨ੍ਹਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਉਨ੍ਹਾਂ ਨੂੰ ਤੁਰੰਤ ਰਾਹਤ ਦਿੱਤੀ ਜਾਣੀ ਚਾਹੀਦੀ।”
ਦੱਸ ਦੇਈਏ ਕਿ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਦੌਰਾਨ, ਪੰਜਾਬ ਸਰਕਾਰ ਨੇ ਇਸ ਕਾਨੂੰਨ ਵਿਰੁੱਧ ਪੰਜਾਬ ਵਿਧਾਨ ਸਭਾ ਵਿੱਚ ਇੱਕ ਮਤਾ ਪਾਸ ਕੀਤਾ ਸੀ। ਮੁੱਖ ਮੰਤਰੀ ਨੇ ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਵਿਰੁੱਧ ਤਿੰਨ ਬਿੱਲ ਵੀ ਪੇਸ਼ ਕੀਤੇ। ਪ੍ਰਸਤਾਵ ਪੇਸ਼ ਕਰਨ ਤੋਂ ਬਾਅਦ, ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕਿਹਾ, “ਮੈਂ ਅਸਤੀਫ਼ਾ ਦੇਣ ਤੋਂ ਨਹੀਂ ਡਰਦਾ।” ਮੁੱਖ ਮੰਤਰੀ ਨੇ ਅੱਗੇ ਕਿਹਾ, “ਮੈਂ ਆਪਣੀ ਸਰਕਾਰ ਨੂੰ ਬਰਖਾਸਤ ਕੀਤੇ ਜਾਣ ਤੋਂ ਨਹੀਂ ਡਰਦਾ, ਪਰ ਮੈਂ ਕਿਸਾਨਾਂ ਨੂੰ ਪਰੇਸ਼ਾਨ ਜਾਂ ਬਰਬਾਦ ਨਹੀਂ ਹੋਣ ਦਿਆਂਗਾ।”