Rahul gandhi on farmers protest: ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 20 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਸਰਕਾਰ ਖੇਤੀਬਾੜੀ ਕਾਨੂੰਨਾਂ ਵਿੱਚ ਸੋਧ ਕਰਨ ਬਾਰੇ ਕਿਸਾਨਾਂ ਨੂੰ ਮੰਨਾਉਣ ਦੀ ਕੋਸ਼ਿਸ਼ ਕਰ ਰਹੀ ਹੈ, ਦੂਜੇ ਪਾਸੇ ਕਿਸਾਨ ਆਪਣੀਆਂ ਸਾਰੀਆਂ ਮੰਗਾਂ ਪ੍ਰਤੀ ਅੜੇ ਹੋਏ ਹਨ। ਇਸੇ ਦੌਰਾਨ ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਖਿਲਾਫ ਕਿਸਾਨ ਅੰਦੋਲਨ ਨੂੰ ਲੈ ਕੇ ਵਿਰੋਧੀ ਪਾਰਟੀਆਂ ਸਰਕਾਰ ਨੂੰ ਨਿਸ਼ਾਨਾ ਬਣਾ ਰਹੀਆਂ ਹਨ। ਮੁੱਖ ਵਿਰੋਧੀ ਪਾਰਟੀ ਕਾਂਗਰਸ ਜ਼ੋਰਦਾਰ ਢੰਗ ਨਾਲ ਕਿਸਾਨਾਂ ਦਾ ਮੁੱਦਾ ਚੁੱਕ ਰਹੀ ਹੈ ਅਤੇ ਸਰਕਾਰ ਨੂੰ ਘੇਰਨ ਲਈ ਨਿਰੰਤਰ ਕੋਸ਼ਿਸ਼ ਕਰ ਰਹੀ ਹੈ। ਕਿਸਾਨੀ ਅੰਦੋਲਨ ਦੇ ਵਿਚਕਾਰ, ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਮੰਗਲਵਾਰ ਨੂੰ ਮੋਦੀ ਸਰਕਾਰ ‘ਤੇ ਹਮਲਾ ਬੋਲਿਆ ਹੈ। ਉਨ੍ਹਾਂ ਦੋਸ਼ ਲਾਇਆ ਕਿ ਮੋਦੀ ਸਰਕਾਰ ਲਈ ਪ੍ਰਦਰਸ਼ਨ ਕਰ ਰਹੇ ਕਿਸਾਨ ਖਾਲਿਸਤਾਨੀ ਹਨ ਅਤੇ ਕ੍ਰੋਨੀ ਪੂੰਜੀਪਤੀ ਪੱਕੇ ਦੋਸਤ ਹਨ।
ਰਾਹੁਲ ਗਾਂਧੀ ਨੇ ਆਪਣੇ ਟਵੀਟ ਵਿੱਚ ਲਿਖਿਆ, “ਮੋਦੀ ਸਰਕਾਰ ਲਈ: ਵਿਰੋਧ ਕਰਨ ਵਾਲੇ ਵਿਦਿਆਰਥੀ ਦੇਸ਼ ਵਿਰੋਧੀ ਹਨ। ਚਿੰਤਤ ਨਾਗਰਿਕ ਸ਼ਹਿਰੀ ਨਕਸਲਵਾਦੀ ਹਨ। ਪ੍ਰਵਾਸੀ ਮਜ਼ਦੂਰ ਕੋਵਿਡ ਕੈਰੀਅਰ ਹਨ। ਬਲਾਤਕਾਰ ਦਾ ਸ਼ਿਕਾਰ ਕੁੱਝ ਵੀ ਨਹੀਂ ਹਨ। ਪ੍ਰਦਰਸ਼ਨਕਾਰੀ ਕਿਸਾਨ ਖਾਲਿਸਤਾਨੀ ਹਨ ਅਤੇ ਮਿਲੀਭੁਗਤ ਵਿੱਚ ਬੈਠੇ ਸਰਮਾਏਦਾਰ ਸਭ ਤੋਂ ਚੰਗੇ ਦੋਸਤ ਹਨ।” ਇਸ ਦੌਰਾਨ ਸਰਕਾਰ ਨੇ ਕਿਹਾ ਹੈ ਕਿ ਉਹ ਕਿਸਾਨਾਂ ਦੇ ਸਾਰੇ ਚੰਗੇ ਸੁਝਾਅ ਮੰਨਣ ਲਈ ਤਿਆਰ ਹਨ । ਇਸ ਬਾਰੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਮੰਗਲਵਾਰ ਨੂੰ ਕਿਹਾ ਕਿ ਸਰਕਾਰ ਕਿਸਾਨਾਂ ਨੂੰ ਸਮਝਾਉਣ, ਗੱਲਬਾਤ ਰਾਹੀਂ ਰਸਤਾ ਕੱਢਣ ਲਈ ਤਿਆਰ ਹੈ । ਇਸ ਇੰਟਰਵਿਊ ਦੌਰਾਨ ਉਨ੍ਹਾਂ ਕਿਹਾ ਕਿ ਗੱਲਬਾਤ ਨਾ ਕਰਨ ਨਾਲ ਗਲਤਫਹਿਮੀਆਂ ਪੈਦਾ ਹੋ ਸਕਦੀਆਂ ਹਨ।
ਇਹ ਵੀ ਦੇਖੋ : ਕੀ ਰਾਜੇਵਾਲ ਨੂੰ ਦੇਣਾ ਚਾਹੀਦਾ ਸੀ ਅਜਿਹਾ ਬਿਆਨ ? ਸੰਘਰਸ਼ ਨੂੰ ਇੱਕਜੁੱਟ ਰੱਖਣਾ ਕਿੰਨਾਂ ਜ਼ਰੂਰੀ ?