Rahul Gandhi slams Center: ਨਵੀਂ ਦਿੱਲੀ: ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸੇ ਵਿਚਾਲੇ ਵਿਰੋਧੀ ਪਾਰਟੀਆਂ ਵੱਲੋਂ ਮੋਦੀ ਸਰਕਾਰ ਦਾ ਘਿਰਾਓ ਕੀਤਾ ਜਾ ਰਿਹਾ ਹੈ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਕਿਸਾਨ ਅੰਦੋਲਨ ਨੂੰ ਲੈ ਕੇ ਸ਼ੁਰੂ ਤੋਂ ਹੀ ਮੋਦੀ ਸਰਕਾਰ ‘ਤੇ ਹਮਲਾਵਰ ਰਹੇ ਹਨ। ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਬੁੱਧਵਾਰ ਨੂੰ ਫਿਰ ਮੋਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਕਿਹਾ ਕਿ ਤਿੰਨ ਕੇਂਦਰੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਹਟਾਉਣਾ ਅਸੰਭਵ ਹੈ ਅਤੇ ਸਰਕਾਰ ਨੂੰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣਾ ਪਏਗਾ।
ਇਸ ਸਬੰਧੀ ਰਾਹੁਲ ਗਾਂਧੀ ਨੇ ਟਵੀਟ ਕਰਦਿਆਂ ਕਿਹਾ, ‘ਅੰਨਾਦਾਤਾ ਦਾ ਬਾਰਿਸ਼ ਨਾਲ ਨਾਤਾ ਪੁਰਾਣਾ, ਨਾ ਡਰਦੇ ਨਾ ਕਰਦੇ ਮੌਸਮ ਦਾ ਬਹਾਨਾ, ਤਾਂ ਕਰੂੜ ਸਰਕਾਰ ਨੂੰ ਫਿਰ ਤੋਂ ਦੱਸਣਾ, ਅਸੰਭਵ ਕਿਸਾਨਾਂ ਨੂੰ ਪਿੱਛੇ ਹਟਾਉਣਾ, ਤਿੰਨਾਂ ਕਾਨੂੰਨਾਂ ਨੂੰ ਪਵੇਗਾ ਵਾਪਸ ਲੈਣਾ!’
ਜ਼ਿਕਰਯੋਗ ਹੈ ਕਿ ਪਿਛਲੇ ਕੁਝ ਮਹੀਨਿਆਂ ਤੋਂ ਕਈ ਕਿਸਾਨ ਜੱਥੇਬੰਦੀਆਂ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ ‘ਤੇ ਪ੍ਰਦਰਸ਼ਨ ਕਰ ਰਹੀਆਂ ਹਨ। ਉਨ੍ਹਾਂ ਦੀ ਮੰਗ ਹੈ ਕਿ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲਿਆ ਜਾਵੇ ਅਤੇ ਘੱਟੋ-ਘੱਟ ਸਮਰਥਨ ਮੁੱਲ ਦੀ ਗਰੰਟੀ ਵਾਲਾ ਇੱਕ ਕਾਨੂੰਨ ਬਣਾਇਆ ਜਾਵੇ। ਉੱਥੇ ਹੀ ਦੂਜੇ ਪਾਸੇ ਸਰਕਾਰ ਨੇ ਤਿੰਨੋਂ ਕਾਨੂੰਨਾਂ ਨੂੰ ਖੇਤੀਬਾੜੀ ਸੁਧਾਰਾਂ ਵੱਲ ਵੱਡਾ ਕਦਮ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਲਾਭ ਹੋਵੇਗਾ ਅਤੇ ਉਨ੍ਹਾਂ ਕੋਲ ਆਪਣੀ ਉਪਜ ਵੇਚਣ ਦੇ ਬਹੁਤ ਸਾਰੇ ਵਿਕਲਪ ਹੋਣਗੇ।