Rahul Gandhi’s attack on Modi govt: ਨਵੀਂ ਦਿੱਲੀ: ਭਾਰਤ ਅਤੇ ਚੀਨ ਵਿਚਾਲੇ ਬਾਰਡਰ ਤਣਾਅ ਦੇ ਵਿਚਕਾਰ ਸਾਬਕਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਚੀਨੀ ਹਮਲੇ ਦੇ ਮੁੱਦੇ ‘ਤੇ ਇੱਕ ਵਾਰ ਫਿਰ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ। ਰਾਹੁਲ ਗਾਂਧੀ ਨੇ ਸ਼ੁੱਕਰਵਾਰ ਸਵੇਰੇ ਆਪਣੇ ਟਵੀਟ ਵਿੱਚ ਲਿਖਿਆ, “ਚੀਨ ਨੇ ਸਾਡੀ ਧਰਤੀ ਉੱਤੇ ਕਬਜ਼ਾ ਕਰ ਲਿਆ ਹੈ। ਭਾਰਤ ਸਰਕਾਰ ਇਸ ਨੂੰ ਵਾਪਿਸ ਹਾਸਿਲ ਕਰਨ ਦੀ ਯੋਜਨਾ ਬਣਾ ਰਹੀ ਹੈ? ਜਾਂ ਕੀ ਇਸ ਨੂੰ ਵੀ “ਐਕਟ ਆਫ਼ ਗੋਡ” ਕਿਹ ਕੇ ਛੱਡ ਦਿੱਤਾ ਜਾਵੇਗਾ।” ਰਾਹੁਲ ਗਾਂਧੀ ਨੇ ਪਹਿਲਾਂ ਵੀ ਕਈ ਵਾਰ ਉਹ ਚੀਨੀ ਘੁਸਪੈਠ ਦੇ ਮੁੱਦੇ ‘ਤੇ ਕੇਂਦਰ ਸਰਕਾਰ ‘ਤੇ ਸਵਾਲ ਚੁੱਕੇ ਹਨ। ਦੱਸ ਦੇਈਏ ਕਿ ਚੀਨ ਤੋਂ ਇਲਾਵਾ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਕੋਰੋਨਾ ਵਾਇਰਸ, ਰੁਜ਼ਗਾਰ, ਨਿੱਜੀਕਰਨ, ਪ੍ਰੀਖਿਆਵਾਂ, ਜੀਡੀਪੀ ‘ਚ ਗਿਰਾਵਟ, ਅਰਥ ਵਿਵਸਥਾਂ ਅਤੇ ਪ੍ਰੀਖਿਆਵਾਂ ਬਾਰੇ ਲਗਾਤਾਰ ਸਵਾਲ ਉਠਾ ਰਹੇ ਹਨ। ਇਸ ਦੇ ਨਾਲ ਹੀ ਕਾਂਗਰਸ ਪਾਰਟੀ ਮਾਨਸੂਨ ਸੈਸ਼ਨ ਵਿੱਚ ਚੀਨੀ ਘੁਸਪੈਠ ਦੇ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਉਠਾਉਣ ਦੀ ਵੀ ਤਿਆਰੀ ਕਰ ਰਹੀ ਹੈ।
ਕਾਂਗਰਸ ਦੇ ਸੰਸਦ ਮੈਂਬਰਾਂ ਦੀ ਇੱਕ ਮੀਟਿੰਗ ਹਾਲ ਹੀ ਵਿੱਚ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਪ੍ਰਧਾਨਗੀ ਹੇਠ ਹੋਈ ਹੈ। ਜਿਸ ਵਿੱਚ ਸੰਸਦ ਦੇ ਆਗਾਮੀ ਸੈਸ਼ਨ ਵਿੱਚ ਸਰਕਾਰ ਨੂੰ ਘੇਰਨ ਦੀ ਰਣਨੀਤੀ ਬਾਰੇ ਵਿਚਾਰ ਵਟਾਂਦਰੇ ਕੀਤੇ ਗਏ। ਸੂਤਰਾਂ ਦੇ ਅਨੁਸਾਰ, ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਸੀ ਕਿ ਚੀਨੀ ਘੁਸਪੈਠ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਿੱਧਾ ਘੇਰਿਆ ਜਾਵੇ। ਬੈਠਕ ਵਿੱਚ ਮੌਜੂਦ ਰਾਹੁਲ ਗਾਂਧੀ ਨੇ ਕਿਹਾ ਕਿ ਸਰਕਾਰ ਨੇ ਅਜੇ ਤੱਕ ਭਾਰਤੀ ਧਰਤੀ ‘ਤੇ ਚੀਨੀ ਘੁਸਪੈਠ ਦੇ ਮਾਮਲੇ ਨੂੰ ਸਵੀਕਾਰ ਨਹੀਂ ਕੀਤਾ ਹੈ। ਪ੍ਰਧਾਨ ਮੰਤਰੀ ਨੂੰ ਇਸ ਮਾਮਲੇ ‘ਤੇ ਜਵਾਬ ਦੇਣਾ ਪਏਗਾ।