rapid antigen testing: ਪੰਜਾਬ ਸਰਕਾਰ ਨੇ ਸਭ ਤੋਂ ਵੱਧ ਪ੍ਰਭਾਵਿਤ ਪੰਜ ਜ਼ਿਲ੍ਹਿਆਂ ਵਿੱਚ ਸ਼ੁੱਕਰਵਾਰ ਤੋਂ ਰੈਪਿਡ ਐਂਟੀਜੇਨ ਟੈਸਟਿੰਗ ਦਾ ਪਾਇਲਟ ਪ੍ਰਾਜੈਕਟ ਸ਼ੁਰੂ ਕਰਨ ਦੀ ਤਿਆਰੀ ਕਰ ਲਈ ਹੈ। ਇਸੇ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਪਲਾਜ਼ਮਾ ਬੈਂਕ ਦੀ ਸਥਾਪਨਾ ਨੂੰ ਮਨਜ਼ੂਰੀ ਦੇ ਦਿੱਤੀ। ਹਾਲਾਂਕਿ, ਆਈਸੀਐਮਆਰ ਦੇ ਇੱਕ ਅਜ਼ਮਾਇਸ਼ ਪ੍ਰਾਜੈਕਟ ਦੇ ਤੌਰ ਤੇ, ਪਹਿਲਾਂ ਹੀ ਰਾਜ ਦੇ ਸਰਕਾਰੀ ਹਸਪਤਾਲਾਂ ਵਿੱਚ ਪਲਾਜ਼ਮਾ ਥੈਰੇਪੀ ਨਾਲ ਇਲਾਜ ਕੀਤਾ ਜਾ ਰਿਹਾ ਹੈ। ਰਾਜ ‘ਚ ਕੋਵਿਡ ਦੀ ਸਥਿਤੀ ਬਾਰੇ ਵੀਡਿਓ ਕਾਨਫਰੰਸਿੰਗ ਰਾਹੀਂ ਕੀਤੀ ਗਈ ਸਮੀਖਿਆ ਬੈਠਕ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਬਲੱਡ ਬੈਂਕ ਅਤੇ ਟਰਾਂਸਫਿਉਜ਼ਨ ਦਵਾਈ ਦੀ ਸਾਬਕਾ ਮੁਖੀ ਡਾ ਨੀਲਿਮਾ ਮਰਵਾਹਾ ਦੀ ਨਿਗਰਾਨੀ ਹੇਠ ਪਲਾਜ਼ਮਾ ਬੈਂਕ ਸਥਾਪਤ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਡਾ ਮਰਵਾਹਾ ਪਹਿਲਾਂ ਹੀ ਇਸ ਪ੍ਰਕਿਰਿਆ ‘ਚ ਸ਼ਾਮਿਲ ਨੇ ਅਤੇ ਪਲਾਜ਼ਮਾ ਥੈਰੇਪੀ ਦੇ ਟ੍ਰਾਇਲ ਤੋਂ ਜਾਣੂ ਕਰਵਾ ਰਹੇ ਹਨ।
ਪਲਾਜ਼ਮਾ ਬੈਂਕ ਗੰਭੀਰ ਰੂਪ ਨਾਲ ਬਿਮਾਰ ਮਰੀਜ਼ ਜਾਂ ਗੰਭੀਰ ਬਿਮਾਰੀ ਦੇ ਜੋਖਮ ਵਾਲੇ ਲੋਕਾਂ ਲਈ ਸਪਲਾਈ ਦੇ ਤਿਆਰ ਸਰੋਤ ਵਜੋਂ ਕੰਮ ਕਰੇਗਾ ਅਤੇ ਇਸ ਨਾਲ ਕੋਰੋਨਾ ਵਾਇਰਸ ਤੋਂ ਠੀਕ ਹੋਏ ਲੋਕਾਂ ਦੇ ਪਲਾਜ਼ਮੇ ਤੋਂ ਮਰੀਜ਼ਾਂ ਦਾ ਵੱਡੇ ਪੈਮਾਨੇ ‘ਤੇ ਇਲਾਜ਼ ਕੀਤਾ ਜਾ ਸਕੇਗਾ। ਰਾਜ ‘ਚ ਸੁਰੱਖਿਆ ਨਿਯਮਾਂ ਦੀ ਵੱਧ ਰਹੀ ਉਲੰਘਣਾ, ਜੋ ਕਿ ਬਹੁਤ ਸਾਰੀਆਂ ਰਾਜਨੀਤਿਕ ਪਾਰਟੀਆਂ ਦੁਆਰਾ ਕੀਤੇ ਗਏ ਹਨ, ‘ਤੇ ਚਿੰਤਾ ਜ਼ਾਹਿਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਜਲਦੀ ਹੀ ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਮੁਖੀਆਂ ਨੂੰ ਇੱਕ ਪੱਤਰ ਲਿਖਣਗੇ ਅਤੇ ਉਨ੍ਹਾਂ ਨੂੰ ਵੱਡੇ-ਵੱਡੇ ਜਲਸੇ ਕਰਨ ਤੋਂ ਗੁਰੇਜ਼ ਕਰਨ ਦੀ ਅਪੀਲ ਕਰਨਗੇ। ਇਸ ਸਮੇਂ ਦੌਰਾਨ ਡੀਜੀਪੀ ਦਿਨਕਰ ਗੁਪਤਾ ਨੇ ਕਿਹਾ ਕਿ ਪੁਲਿਸ ਨੇ ਰਾਜਨੀਤਿਕ ਪਾਰਟੀਆਂ ਦੇ ਕੁੱਝ ਲੋਕਾਂ ਦੇ ਖਿਲਾਫ ਕੋਵਿਡ ਤੋਂ ਬਚਾਅ ਲਈ ਨਿਰਧਾਰਤ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਦੇ ਮਾਮਲੇ ਦਰਜ ਕੀਤੇ ਹਨ। ਉਨ੍ਹਾਂ ਦਾ ਵਿਭਾਗ ਵੀ ਇਸ ਤਰ੍ਹਾਂ ਦੇ ਕੰਮ ਨਾ ਕਰਨ ਲਈ ਸਾਰੀਆਂ ਧਿਰਾਂ ਨੂੰ ਪੱਤਰ ਲਿਖਣ ਦੀ ਯੋਜਨਾ ਬਣਾ ਰਿਹਾ ਹੈ।