ਪਾਕਿਸਤਾਨ ਵਿੱਚ ਗੁਰਪੁਰਬ ਮੌਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਜਾਣ ਲਈ ਸਿੱਖ ਸੰਗਤਾਂ ਵਿੱਚ ਵੱਡਾ ਉਤਸ਼ਾਹ ਹੈ। ਬੁੱਧਵਾਰ ਲਾਂਘਾ ਖੁੱਲ੍ਹ ਚੁੱਕਾ ਹੈ। ਉੱਥੇ ਹੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਵੀ ਕਰਤਾਰਪੁਰ ਸਾਹਿਬ ਜਾਣ ਦਾ ਐਲਾਨ ਕਰ ਦਿੱਤਾ ਹੈ।
ਉਨ੍ਹਾਂ ਕਿਹਾ ਹੈ ਕਿ ਉਹ ਸ਼ਰਧਾਲੂ ਦੇ ਤੌਰ ‘ਤੇ ਰਜਿਸਟ੍ਰੇਸ਼ਨ ਕਰਾਉਣਗੇ ਅਤੇ ਜੇਕਰ ਉਨ੍ਹਾਂ ਨੂੰ ਮਨਜ਼ੂਰੀ ਮਿਲਦੀ ਹੈ ਤਾਂ ਉਹ ਜ਼ਰੂਰ ਜਾਣਗੇ। ਪੰਜਾਬ ਸਰਕਾਰ ਦੇ ਮੰਤਰੀ 18 ਨਵੰਬਰ ਨੂੰ ਪਾਕਿਸਤਾਨ ਦੀ ਯਾਤਰਾ ‘ਤੇ ਜਾ ਰਹੇ ਹਨ। ਮੁੱਖ ਮੰਤਰੀ ਚਰਨਜੀਤ ਚੰਨੀ ਨੇ ਬੀਤੇ ਦਿਨ ਇਸ ਦੀ ਜਾਣਕਾਰੀ ਦਿੱਤੀ ਸੀ। ਹਾਲਾਂਕਿ, ਇਹ ਸਪੱਸ਼ਟ ਨਹੀਂ ਹੈ ਕਿ ਸਿੱਧੂ ਪੰਜਾਬ ਕੈਬਨਿਟ ਨਾਲ ਜਾਣਗੇ ਜਾਂ ਇਕੱਲੇ। ਸਿੱਧੂ ਨੇ ਯਕੀਨੀ ਤੌਰ ‘ਤੇ ਕਿਹਾ ਕਿ ਉਹ ਸ਼ਰਧਾਲੂ ਦੇ ਤੌਰ ‘ਤੇ ਰਜਿਸਟ੍ਰੇਸ਼ਨ ਕਰਾਉਣਗੇ, ਜੇਕਰ ਉਨ੍ਹਾਂ ਨੂੰ ਮਨਜ਼ੂਰੀ ਮਿਲਦੀ ਹੈ ਤਾਂ ਉਹ ਜ਼ਰੂਰ ਜਾਣਗੇ। ਦੱਸ ਦੇਈਏ ਕਿ ਕੱਲ ਯਾਨੀ 18 ਨਵੰਬਰ ਨੂੰ ਪਹਿਲੇ ਦਿਨ ਮੁੱਖ ਮੰਤਰੀ ਚਰਨਜੀਤ ਚੰਨੀ ਕਰਤਾਰਪੁਰ ਜਾਣਗੇ। ਉਨ੍ਹਾਂ ਦੇ ਨਾਲ 10 ਮੰਤਰੀ ਅਤੇ ਕੁਝ ਵਿਧਾਇਕ ਵੀ ਹੋਣਗੇ। ਅਗਲੇ ਦਿਨ ਭਾਵ 19 ਨਵੰਬਰ ਨੂੰ ਪੰਜਾਬ ਸਰਕਾਰ ਦੇ 6 ਮੰਤਰੀ ਬਾਕੀ ਕਾਂਗਰਸੀ ਵਿਧਾਇਕਾਂ ਨਾਲ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣਗੇ।
ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੀ ਮੁੱਖ ਮੰਤਰੀ ਵਜੋਂ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਸਥਿਤ ਸ੍ਰੀ ਕਰਤਾਰਪੁਰ ਸਾਹਿਬ ਗੁਰਦੁਆਰੇ ਦੇ ਦਰਸ਼ਨ ਕਰ ਚੁੱਕੇ ਹਨ। ਇਹ ਕਾਰੀਡੋਰ ਪਹਿਲੀ ਵਾਰ 9 ਨਵੰਬਰ 2019 ਨੂੰ ਖੋਲ੍ਹਿਆ ਗਿਆ ਸੀ। ਇਸ ਤੋਂ ਬਾਅਦ 27 ਨਵੰਬਰ ਨੂੰ ਅਮਰਿੰਦਰ ਆਪਣੇ ਕੈਬਨਿਟ ਸਾਥੀਆਂ ਸਮੇਤ ਲਾਂਘੇ ਰਾਹੀਂ ਪਾਕਿਸਤਾਨ ਗਏ ਸੀ।
ਵੀਡੀਓ ਲਈ ਕਲਿੱਕ ਕਰੋ -: