Sonia Gandhi hold meeting: ਨਵੀਂ ਦਿੱਲੀ: ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਬੁੱਧਵਾਰ ਯਾਨੀ ਕਿ ਅੱਜ ਕਾਂਗਰਸ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਮੰਤਰੀਆਂ ਨਾਲ ਬੈਠਕ ਕਰਨਗੇ । ਇਸ ਵਰਚੁਅਲ ਮੀਟਿੰਗ ਵਿੱਚ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ, ਝਾਰਖੰਡ ਦੇ ਸੀ.ਐੱਮ. ਹੇਮੰਤ ਸੋਰੇਨ ਅਤੇ ਮਹਾਂਰਾਸ਼ਟਰ ਦੇ ਸੀ.ਐੱਮ. ਉਧਵ ਠਾਕਰੇ ਵੀ ਹੋਣਗੇ । ਦੱਸ ਦਈਏ ਕਿ ਮਹਾਂਰਾਸ਼ਟਰ ਅਤੇ ਝਾਰਖੰਡ ਦੀ ਸਰਕਾਰ ਵਿੱਚ ਕਾਂਗਰਸ ਭਾਗੀਦਾਰ ਹੈ । ਸੋਨੀਆ ਗਾਂਧੀ ਅਤੇ ਮੁੱਖ ਮੰਤਰੀਆਂ ਦੀ ਇਹ ਬੈਠਕ ਸੂਬਿਆਂ ਦਾ ਬਕਾਇਆ GST, NEET ਅਤੇ JEE ਪ੍ਰੀਖਿਆ ਦੇ ਮੁੱਦੇ ‘ਤੇ ਹੋਵੇਗੀ।
ਦਰਅਸਲ, ਨੈਸ਼ਨਲ ਟੈਸਟਿੰਗ ਏਜੰਸੀ (NTA) ਨੇ ਮੰਗਲਵਾਰ ਨੂੰ ਪੁਸ਼ਟੀ ਕੀਤੀ ਕਿ NEET ਅਤੇ JEE ਪ੍ਰੀਖਿਆ ਮੁਲਤਵੀ ਨਹੀਂ ਕੀਤੀ ਜਾਵੇਗੀ ਅਤੇ ਨਿਰਧਾਰਤ ਸਮੇਂ ‘ਤੇ ਹੀ ਹੋਵੇਗੀ । ਇਸ ਬਾਰੇ NTA ਅਧਿਕਾਰੀਆਂ ਨੇ ਕਿਹਾ ਕਿ JEE ਅਤੇ NEET ਪ੍ਰੀਖਿਆ ਸਤੰਬਰ ਵਿੱਚ ਆਯੋਜਿਤ ਕੀਤੀ ਜਾਵੇਗੀ । ਦੱਸ ਦਈਏ ਕਿ ਕੋਰੋਨਾ ਮਹਾਂਮਾਰੀ ਕਾਰਨ JEE ਅਤੇ NEET ਨੂੰ ਮੁਲਤਵੀ ਕਰਨ ਦੀ ਮੰਗ ਕੀਤੀ ਜਾ ਰਹੀ ਹੈ, ਪਰ NTA ਨੇ ਸਾਫ਼ ਕਰ ਦਿੱਤਾ ਹੈ ਕਿ ਪ੍ਰੀਖਿਆ ਮੁਲਤਵੀ ਨਹੀਂ ਹੋਵੇਗੀ।
ਦੱਸ ਦੇਈਏ ਕਿ ਬੁੱਧਵਾਰ ਯਾਨੀ ਕਿ ਅੱਜ ਹੋਣ ਵਾਲੀ ਬੈਠਕ ਤੋਂ ਪਹਿਲਾਂ ਕਾਂਗਰਸ ਨੇ ਕਿਹਾ ਕਿ ਸੂਬਿਆਂ ਨੂੰ ਹੋਏ ਮਾਲੀ ਨੁਕਸਾਨ ਦੀ ਭਰਪਾਈ ਲਈ ਕੇਂਦਰ ਸਰਕਾਰ ਨੂੰ ਸਮੇਂ ਨਾਲ GST ਦਾ ਭੁਗਤਾਨ ਕਰਨਾ ਚਾਹੀਦਾ ਹੈ। ਦੱਸ ਦਈਏ ਕਿ 27 ਅਗਸਤ ਨੂੰ GST ਕੌਂਸਲ ਦੀ ਬੈਠਕ ਵੀ ਹੈ।
ਉੱਥੇ ਹੀ ਦੂਜੇ ਪਾਸੇ ਇਸ ਮਾਮਲੇ ਵਿੱਚ ਪੰਜਾਬ ਦੇ ਵਿੱਤ ਮੰਤਰੀ ਅਤੇ ਕਾਂਗਰਸ ਆਗੂ ਮਨਪ੍ਰੀਤ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ‘ਤੇ GST ਦਾ 4400 ਕਰੋੜ ਰੁਪਏ ਦਾ ਬਕਾਇਆ ਹੈ, ਜਦੋਂਕਿ ਰਾਜ ਸਰਕਾਰ ਦੇ ਕਰਮਚਾਰੀਆਂ ਦੀ ਤਨਖਾਹ ‘ਤੇ 1800 ਕਰੋੜ ਰੁਪਏ ਖਰਚ ਹੁੰਦੇ ਹਨ । ਅਜਿਹੀ ਸਥਿਤੀ ਵਿੱਚ ਰਾਜ ਚਲਾਉਣਾ ਮੁਸ਼ਕਿਲ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਰਾਜਾਂ ਨੂੰ ਤੁਰੰਤ GST ਦੇ ਬਕਾਏ ਦੀ ਰਾਸ਼ੀ ਦਵੇ ।