Sukhbir Badal Blamed Captain: ਚੰਡੀਗੜ੍ਹ, 5 ਨਵੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ’ਤੇ ਪੰਜਾਬੀਆਂ ਪ੍ਰਤੀ ਆਪਣੀ ਜ਼ਿੰਮੇਵਾਰੀ ਤੋਂ ਭੱਜਣ ਦਾ ਦੋਸ਼ ਲਾਇਆ ਅਤੇ ਕਿਹਾ ਕਿ ਉਹ ਸੂਬੇ ਲਈ ਮਾਲ ਗੱਡੀਆਂ ਦੀਆਂ ਸੇਵਾਵਾਂ ਮੁੜ ਸ਼ੁਰੂ ਕਰਨ ਲਈ ਰੇਲ ਮੰਤਰੀ ਪਿਯੂਸ ਗੋਇਲ ਤੱਕ ਪਹੁੰਚ ਕਰਨ ਵਿਚ ਨਾਕਾਮ ਰਹੇ ਹਨ ਅਤੇ ਉਹਨਾਂ ਜ਼ੋਰ ਦੇ ਕੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਜਾਣ ਬੁੱਝ ਕੇ ਡਰਾਮੇ ਕਰ ਰਹੇ ਹਨ ਤਾਂ ਕਿ ਪੰਜਾਬ ਦੇ ਲੋਕਾਂ ਦੇ ਲਾਭ ਲਈ ਕੋਈ ਹੱਲ ਨਾ ਨਿਕਲੇ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਨੂੰ ਆਖਿਆ ਕਿ ਉਹ ਪੰਜਾਬੀਆਂ ਨੂੰ ਦੱਸਣ ਕਿ ਉਹਨਾਂ ਨੇ ਸਰਕਾਰੀ ਵਫਦ ਦੀ ਅਗਵਾਈ ਕਰਦਿਆਂ ਰੇਲ ਮੰਤਰੀ ਨਾਲ ਮੁਲਾਕਾਤ ਕਿਉਂ ਨਹੀਂ ਕੀਤੀ ਤੇ ਕਿਉਂ ਉਹਨਾਂ ਨੇ ਮੰਤਰੀਆਂ ਦਾ ਵਫਦ ਪੰਜਾਬ ਲਈ ਰੇਲ ਗੱਡੀਆਂ ਦੀਆਂ ਸੇਵਾਵਾਂ ਮੁੜ ਸ਼ੁਰੂ ਕਰਨ ਲਈ ਗੱਲਬਾਤ ਵਾਸਤੇ ਭੇਜਿਆ ਹੈ। ਉਹਨਾਂ ਕਿਹਾ ਕਿ ਬਜਾਏ ਅਜਿਹਾ ਕਰਨ ਦੇ ਤੁਸੀਂ ਕਾਂਗਰਸ ਦੇ ਐਮ ਪੀਜ਼ ਦੇ ਦੋ ਬੈਚ ਰੇਲ ਮੰਤਰੀ ਨਾਲ ਮੁਲਾਕਾਤ ਕਰਨ ਵਾਸਤੇ ਭੇਜ ਦਿੱਤੇ ਜਿਹਨਾਂ ਨੇ ਕੁਝ ਵੀ ਹਾਸਲ ਨਹੀਂ ਕੀਤਾ। ਉਹਨਾਂ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਮੁੱਖ ਮੰਤਰੀ ਇਸ ਚਲ ਰਹੇ ਸੰਕਟ ਦੇ ਹੱਲ ਵਿਚ ਕੋਈ ਦਿਲਚਸਪੀ ਨਹੀਂ ਰੱਖਦੇ ਕਿਉਂਕਿ ਅੇਮ ਪੀਜ਼ ਤਾਂ ਪੰਜਾਬ ਸਰਕਾਰ ਵੱਲੋਂ ਕੋਈ ਫੈਸਲਾ ਲੈ ਹੀ ਨਹੀਂ ਸਕਦੇ। ਉਹਨਾਂ ਕਿਹਾ ਕਿ ਇਸ ਤੋਂ ਪਤਾ ਚਲਦਾ ਹੈ ਕਿ ਉਹ ਸੂਬੇ ਪ੍ਰਤੀ ਕਿੰਨੇ ਗੰਭੀਰ ਹਨ ਜਦਕਿ ਸੂਬਾ ਉਸ ਵੇਲੇ ਹਨੇਰੇ ਵਿਚ ਡੁੱਬਣ ਦੇ ਖਤਰੇ ਦਾ ਸਾਹਮਣਾ ਕਰ ਰਿਹਾ ਹੈ ਜਦੋਂ ਕਣਕ ਦੀ ਬਿਜਾਈ ਸਿਖ਼ਰਾਂ ’ਤੇ ਹੈ। ਉਹਨਾਂ ਕਿਹਾ ਕਿ ਕਿਸਾਨ ਤਾਂ ਪਹਿਲਾਂ ਹੀ ਖਾਦਾਂ ਦੀ ਕਮੀ ਦੀ ਮਾਰ ਝੱਲ ਰਹੇ ਹਨ ਜਦਕਿ ਵਪਾਰ ਤੇ ਉਦਯੋਗ ਵੀ ਖੜ੍ਹੋਤ ਵਿਚ ਹਨ। ਉਹਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ’ਤੇ ਇਸ ਪੀੜਾ ਦਾ ਕੋਈ ਅਸਰ ਨਹੀਂ ਪੈਂਦਾ ਤੇ ਉਹ ਸਿਰਫ ਡਰਾਮੇ ਦੇ ਰੋਸ ਵਿਖਾਵੇ ਕਰ ਕੇ ਉਸ ਮਾਮਲੇ ’ਤੇ ਰਾਜਨੀਤੀ ਕਰ ਰਹੇ ਹਨ ਜੋ ਪੰਜਾਬੀਆਂ ਦੇ ਭਵਿੱਖ ਨਾਲ ਜੁੜਿਆ ਹੈ।
ਸ੍ਰੀ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਇਸ ਸਾਰੀ ਖੇਡ ਦੇ ਹਿੱਸੇ ਵਜੋਂ ਸਾਰੇ ਫੈਸਲੇ ਲੈ ਰਹੇ ਹਨ। ਉਹਨਾਂ ਕਿਹਾ ਕਿ ਪਹਿਲਾਂ ਉਹਨਾਂ ਨੇ ਉਹਨਾਂ ਦਾ ਸੁਝਾਅ ਮੰਨ ਕੇ ਸਾਰੇ ਸੂਬੇ ਨੂੰ ਇਕ ਸਰਕਾਰੀ ਮੰਡੀ ਬਣਾਉਣ ਦਾ ਬਿੱਲ ਵਿਧਾਨ ਸਭਾ ਵਿਚ ਪੇਸ਼ ਕਰਨ ਤੋਂ ਨਾਹ ਕਰ ਦਿੱਤੀ। ਹੁਣ ਉਹ ਰੇਲ ਮੰਤਰੀ ਨੂੰ ਮਿਲ ਕੇ ਪੰਜਾਬ ਲਈ ਰੇਲ ਸੇਵਾਵਾਂ ਮੁੜ ਸ਼ੁਰੂ ਕਰਵਾਉਣ ਜਾਂ ਪ੍ਰਧਾਨ ਮੰਤਰੀ ਨੂੰ ਮਿਲ ਕੇ ਕਿਸਾਨਾਂ ਦੀਆਂ ਸ਼ਿਕਾਇਤਾਂ ਦੂਰ ਕਰਵਾਉਣ ਤੋਂ ਨਾਂਹ ਕਰ ਰਹੇ ਹਨ। ਉਹਨਾ ਕਿਹਾ ਕਿ ਇਸ ਸਭ ਦਾ ਮਤਲਬ ਹੈ ਕਿ ਮੁੱਖ ਮੰਤਰੀ ਇਕ ਨਿਸ਼ਚਿਤ ਯੋਜਨਾ ਤਹਿਤ ਚਲ ਰਹੇ ਹਨ ਤਾਂ ਜੋ ਕਿਸਾਨ ਜਥੇਬੰਦੀਆਂ ਨੂੰ ਬਦਨਾਮ ਕੀਤਾ ਜਾ ਸਕੇ ਤੇ ਉਹ ਕੇਂਦਰ ਦੇ ਹੱਥਾਂ ਵਿਚ ਖੇਡ ਰਹੇ ਹਨ ਜਿਸਨੇ ਕਿਸਾਨ ਜਥੇਬੰਦੀਆਂ ਵੱਲੋਂ ਰੇਲ ਰੋਕੋ ਸੰਘਰਸ਼ ਖਤਮ ਕਰਨ ਦਾ ਐਲਾਨ ਕਰਨ ਦੇ ਬਾਵਜੂਦ ਵੀ ਰੇਲ ਸੇਵਾਵਾਂ ਬਹਾਲ ਨਹੀਂ ਕੀਤੀਆਂ। ਸ੍ਰੀ ਬਾਦਲ ਨੇ ਕਿਹਾ ਕਿ ਅਜਿਹੇ ਹਾਲਾਤ ਵਿਚ ਜੇਕਰ ਸੂਬੇ ਵਿਚ ਸਮਾਜਿਕ ਤੇ ਆਰਥਿਕ ਬੇਚੈਨੀ ਪੈਦਾ ਹੁੰਦੀ ਹੈ ਤਾਂ ਇਸਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਿੱਧੇ ਤੌਰ ’ਤੇ ਜ਼ਿੰਮੇਵਾਰ ਹੋਣਗੇ। ਉਹਨਾਂ ਕਿਹਾ ਕਿ ਮੁੱਖ ਮੰਤਰੀ ਕਿਸਾਨਾਂ ਨੂੰ ਹੋਣ ਵਾਲੇ ਨੁਕਸਾਨ ਲਈ ਵੀ ਜ਼ਿੰਮੇਵਾਰ ਹੋਣਗੇ ਕਿਉਂÎਕ ਕਿਸਾਨਾਂ ਨੂੰ ਖਾਦਾਂ ਦੀ ਫੌਰੀ ਜ਼ਰੂਰਤ ਹੈ ਜਦਕਿ ਵਪਾਰ ਤੇ ਉਦਯੋਗ ਵੀ ਵੱਡੇ ਘਾਟੇ ਝੱਲ ਰਿਹਾ ਹੈ ਕਿਉਂਕਿ ਕੱਚਾ ਮਾਲ ਆ ਨਹੀਂ ਰਿਹਾ ਤੇ ਤਿਆਰ ਮਾਲ ਜਾ ਨਹੀਂ ਰਿਹਾ। ਉਹਨਾਂ ਕਿਹਾ ਕਿ ਸੂਬੇ ਵਿਚ ਬਿਜਲੀ ਕੱਟਾਂ, ਜਿਸ ਕਾਰਨ ਸੂਬੇ ਦੇ ਲੋਕਾਂ ਨੂੰ ਮੁਸ਼ਕਿਲਾਂ ਹੋ ਰਹੀਆਂ ਹਨ, ਲਈ ਵੀ ਮੁੱਖ ਮ ੰਤਰੀ ਸਿੱਧੇ ਤੌਰ ’ਤੇ ਜ਼ਿੰਮੇਵਾਰ ਹਨ।