ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸੁਖਪਾਲ ਸਿੰਘ ਖਹਿਰਾ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਹੈ। ਪਿਛਲੇ ਲੰਮੇ ਸਮੇਂ ਤੋਂ ਇਹ ਲਟਕਿਆ ਪਿਆ ਸੀ ਅਤੇ ਆਮ ਆਦਮੀ ਪਾਰਟੀ ਦੇ ਨਾਲ-ਨਾਲ ਹੋਰ ਪਾਰਟੀਆਂ ਵੀ ਸਪੀਕਰ ਨੂੰ ਕਾਰਵਾਈ ਕਰਨ ਦੀ ਮੰਗ ਕਰਦੀਆਂ ਰਹੀਆਂ ਸਨ।
ਸੁਖਪਾਲ ਖਹਿਰਾ ਨੇ ਕਾਂਗਰਸ ਵਿੱਚ ਸ਼ਾਮਿਲ ਹੋਣ ਤੋਂ ਪਹਿਲਾਂ 3 ਜੂਨ ਨੂੰ ਐੱਮ. ਐੱਲ. ਏ. ਵਜੋਂ ਅਸਤੀਫਾ ਦੇ ਦਿੱਤਾ ਸੀ। ਇਸ ਤੋਂ ਬਾਅਦ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੇ ਸੁਖਪਾਲ ਖਹਿਰਾ ਨੂੰ ਸਹੀ ਰੂਪ ਵਿੱਚ ਅਸਤੀਫਾ ਸੌਂਪਣ ਲਈ ਕਿਹਾ ਸੀ। ਇਸੇ ਸਬੰਧੀ ਅੱਜ ਖਹਿਰਾ ਨੇ ਨਿੱਜੀ ਰੂਪ ਵਿੱਚ ਅਸਤੀਫਾ ਦੇ ਦਿੱਤਾ, ਜਿਸ ਨੂੰ ਪ੍ਰਵਾਨ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ : ਲਖੀਮਪੁਰ ਖੀਰੀ ਮਾਮਲੇ ‘ਤੇ ਸੁਪਰੀਮ ਕੋਰਟ ‘ਚ ਬੁੱਧਵਾਰ ਨੂੰ ਫਿਰ ਹੋਵੇਗੀ ਸੁਣਵਾਈ
ਜ਼ਿਕਰਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਪਹਿਲਾਂ ਕਾਂਗਰਸ ਪਾਰਟੀ ਦਾ ਹਿੱਸਾ ਸਨ ਅਤੇ ਫਿਰ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸਨ। ਖਹਿਰਾ ਆਮ ਆਦਮੀ ਪਾਰਟੀ ਵਿੱਚ ਵਿਰੋਧੀ ਧਿਰ ਦੇ ਨੇਤਾ ਵੀ ਰਹੇ ਅਤੇ ਉਸ ਤੋਂ ਬਾਅਦ ਉਨ੍ਹਾਂ ਨੇ ਆਪਣੀ ਅਲੱਗ ਪਾਰਟੀ ਬਣਾ ਲਈ ਸੀ। ਖਹਿਰਾ 2007 ਵਿੱਚ ਕਾਂਗਰਸ ਵੱਲੋਂ ਹਲਕਾ ਭੁਲੱਥ ਦੇ ਵਿਧਾਇਕ ਚੁਣੇ ਗਏ ਸਨ। 2015 ਵਿੱਚ ਉਹ ਕਾਂਗਰਸ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਸਨ। 2017 ਵਿੱਚ ਆਮ ਆਦਮੀ ਪਾਰਟੀ ਦੀ ਟਿਕਟ ਤੇ ਅਸੈਂਬਲੀ ਚੋਣਾਂ ਜਿੱਤਣ ਤੋਂ ਬਾਅਦ ਉਨ੍ਹਾਂ ਨੂੰ ਵਿਰੋਧੀ ਧਿਰ ਦਾ ਨੇਤਾ ਵੀ ਬਣਾਇਆ ਗਿਆ ਸੀ। 2019 ਵਿੱਚ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿਣ ਤੋਂ ਬਾਅਦ ਖਹਿਰਾ ਨੇ ਆਪਣੀ ਰਾਜਨੀਤਕ ਪਾਰਟੀ ਬਣਾਈ ਜਿਸ ਦਾ ਨਾਮ ਪੰਜਾਬ ਏਕਤਾ ਪਾਰਟੀ ਰੱਖਿਆ ਸੀ। ਇਸ ਸਮੇਂ ਸੁਖਪਾਲ ਸਿੰਘ ਖਹਿਰਾ ਕਾਂਗਰਸ ਪਾਰਟੀ ਵਿੱਚ ਹਨ। ਖਹਿਰਾ ਦਾ ਅਸਤੀਫਾ ਮਨਜ਼ੂਰ ਹੋਣ ਨਾਲ ਹੁਣ ਉਨ੍ਹਾਂ ਦੀ ਸੀਟ ਖਾਲੀ ਹੋ ਗਈ ਹੈ। ਇਹ ਉਦੋਂ ਹੋਈ ਹੈ ਜਦੋਂ ਵਿਧਾਨ ਸਭਾ ਚੋਣਾਂ ਦਾ ਸਮਾਂ ਵੀ ਨੇੜੇ ਆ ਰਿਹਾ ਹੈ। ਇਸ ਲਈ ਹੁਣ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਸ ‘ਤੇ ਜ਼ਿਮਨੀ ਚੋਣ ਦੀ ਉਮੀਦ ਨਹੀਂ ਹੈ।
ਵੀਡੀਓ ਲਈ ਕਲਿੱਕ ਕਰੋ -: