The Chief Minister : ਖਟਕੜ ਕਲਾਂ : ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਜਯੰਤੀ ‘ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਤੇ ਕਾਂਗਰਸ ਨੇਤਾਵਾਂ ਨੇ ਪਾਰਟੀ ਦੇ ਸੂਬਾ ਇੰਚਾਰਜ ਹਰੀਸ਼ ਰਾਵਤ ਦੀ ਹਾਜ਼ਰੀ ‘ਚ ਖੇਤੀ ਬਿੱਲਾਂ ਖਿਲਾਫ ਜੰਗ ਦੀ ਸ਼ੁਰੂਆਤ ਕੀਤੀ। ਕਾਂਗਰਸ ਨੇਤਾਵਾਂ ਨੇ ਸ਼ਹੀਦ ਦੇ ਸਮਾਧੀ ਵਾਲੀ ਥਾਂ ਖਟਕੜ ਕਲਾਂ ‘ਚ ਧਰਨਾ ਦੇ ਕੇ ਇਸ ਦੀ ਸ਼ੁਰੂਆਤ ਕੀਤੀ। ਧਰਨੇ ‘ਚ ਕੈਪਟਨ ਤੋਂ ਇਲਾਵਾ ਸੂਬਾ ਇੰਚਾਰਜ ਹਰੀਸ਼ ਰਾਵਤ, ਪ੍ਰਦੇਸ਼ ਪ੍ਰਧਾਨ ਸੁਨੀਲ ਜਾਖੜ ਤੇ ਸੂਬੇ ਦੇ ਸਾਰੇ ਮੰਤਰੀ ਮੌਜੂਦ ਹਨ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਤੋਂ ਪਹਿਲਾਂ 23 ਮਾਰਚ 2018 ਨੂੰ ਮਿਊਜ਼ੀਅਮ ਦੇ ਉਦਘਾਟਨ ਤੋਂ ਬਾਅਦ ਨਸ਼ੇ ਖਿਲਾਫ ਜੰਗ ਦੀ ਸ਼ੁਰੂਆਤ ਕੀਤੀ ਸੀ। ਕੈਪਟਨ ਨੇ ਨਵੇਂ ਖੇਤੀ ਬਿੱਲਾਂ ਨੂੰ ਰਾਸ਼ਟਰਪਤੀ ਵੱਲੋਂ ਮਨਜ਼ੂਰੀ ਦੇਣ ਨੂੰ ਨਿੰਦਣਯੋਗ ਤੇ ਦੁਖਦਾਈ ਦੱਸਿਆ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਨੇ ਇਸ ਸਬੰਧ ‘ਚ ਕਾਂਗਰਸ ਤੇ ਹੋਰ ਵਿਰੋਧੀ ਪਾਰਟੀਆਂ ਦਾ ਪੱਖ ਸੁਣੇ ਬਿਨਾਂ ਇਹ ਫੈਸਲਾ ਲਿਆ ਹੈ। ਇਨ੍ਹਾਂ ਕਾਨੂੰਨਾਂ ਨਾਲ ਕਿਸਾਨਾਂ ਦਾ ਬਹੁਤ ਨੁਕਸਾਨ ਹੋਵੇਗਾ। ਕੈਪਟਨ ਨੇ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਉਨ੍ਹਾਂ ਦੀ ਸਰਕਾਰ ਸੂਬਾਈ ਕਾਨੂੰਨਾਂ ‘ਚ ਹਰ ਸੰਭਵ ਸੋਧ ਕਰਨ ਲਈ ਸਾਰੇ ਪਹਿਲੂਆਂ ‘ਤੇ ਵਿਚਾਰ ਕਰ ਰਹੀ ਹੈ। ਕੋਈ ਫੈਸਲਾ ਲੈਣ ਤੋਂ ਪਹਿਲਾਂ ਕਿਸਾਨ ਸੰਗਠਨਾਂ ਤੇ ਹੋਰ ਸਟੇਕ ਹੋਲਡਰ ਨੂੰ ਭਰੋਸੇ ‘ਚ ਲਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਫਸਲ ਦੀ ਕੀਮਤ ਨਾਲ ਸਮਝੌਤਾ ਕੀਤੇ ਬਿਨਾਂ ਕਿਸਾਨਾਂ ਦਾ ਇੱਕ-ਇੱਕ ਦਾਣਾ ਖਰੀਦਣ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਭਵਿੱਖ ‘ਚ ਅਗਲਾ ਕਦਮ ਚੁੱਕਣ ਤੋਂ ਪਹਿਲਾਂ ਉਨ੍ਹਾਂ ਦੀ ਸਰਕਾਰ ਕਾਨੂੰਨ ਤੇ ਖੇਤੀ ਮਾਹਿਰਾਂ ਸਣੇ ਉਨ੍ਹਾਂ ਸਾਰੇ ਲੋਕਾਂ ਨਾਲ ਸਲਾਹ-ਮਸ਼ਵਰਾ ਕਰ ਰਹੀ ਹੈ ਜੋ ਕੇਂਦਰ ਸਰਕਾਰ ਦੇ ਇਨ੍ਹਾਂ ਕਿਸਾਨ ਵਿਰੋਧੀ ਕਾਨੂੰਨਾਂ ਤੋਂ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਕਾਨੂੰਨੀ ਰਸਤਾ ਅਪਨਾਉਣ ਤੋਂ ਇਲਾਵਾ ਹੋਰ ਬਦਲਾਂ ‘ਤੇ ਵੀ ਵਿਚਾਰ ਕੀਤਾ ਜਾ ਰਿਹਾ ਹੈ। ਕੈਪਟਨ ਨੇ ਕਿਹਾ ਕਿ ਇਨ੍ਹਾਂ ਨਵੇਂ ਕਾਨੂੰਨਾਂ ਨੂੰ ਮੌਜੂਦਾ ਤੌਰ ‘ਤੇ ਲਾਗੂ ਹੋਣ ਨਾਲ ਪੰਜਾਬ ਦੀ ਖੇਤੀ ਬਰਬਾਦ ਹੋ ਜਾਵੇਗੀ ਜੋ ਕਿ ਪੰਜਾਬ ਦੀ ਜੀਵਨ ਰੇਖਾ ਹੈ।