Cooperative Sugar Mills released : ਚੰਡੀਗੜ੍ਹ : ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਵਿਚ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਮੁਤਾਬਕ ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਹਿੰਦੀ ਰਾਸ਼ੀ ਦੀ ਅਦਾਇਗੀ ਦੀ ਸ਼ੁਰੂਆਤ ਕਰਦਿਆਂ 62 ਕਰੋੜ ਰੁਪਏ ਦੀ ਰਾਸ਼ੀ ਗੰਨਾ ਕਾਸ਼ਤਕਾਰਾਂ ਨੂੰ ਜਾਰੀ ਕੀਤੀ ਗਈ।
ਉਨ੍ਹਾਂ ਅੱਗੇ ਦੱਸਿਆ ਕਿ ਸਰਕਾਰ ਵੱਲੋਂ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਅਦਾਇਗੀ ਲਈ 50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ ਅਤੇ ਲੱਗਭੱਗ 12 ਕਰੋੜ ਰੁਪਏ ਦੀ ਅਦਾਇਗੀ ਮਿੱਲਾਂ ਵੱਲੋਂ ਆਪਣੇ ਪੱਧਰ ‘ਤੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਗੰਨਾ ਕਾਸ਼ਤਕਾਰਾਂ ਦੇ 2018-19 ਦੇ ਸਾਰੇ ਬਕਾਏ ਅਦਾ ਹੋ ਚੁੱਕੇ ਹਨ ਅਤੇ ਸਾਲ 2019-20 ਲਈ ਬਾਕੀ ਰਹਿੰਦੇ ਬਕਾਏ ਦੀ ਅਦਾਇਗੀ ਲਈ ਮੁੱਖ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਜਲਦੀ ਹੀ ਸਰਕਾਰ ਵੱਲੋਂ 100 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ।
ਸਹਿਕਾਰਤਾ ਮੰਤਰੀ ਨੇ ਦੱਸਿਆ ਕਿ ਸਹਿਕਾਰੀ ਖੰਡ ਮਿੱਲਾਂ ਦੀ ਸ਼ੂਗਰ ਐਕਸਪੋਰਟ ਸਬਸਿਡੀ ਅਤੇ ਬਫਰ ਸਟਾਕ ਕਲੇਮ ਵਜੋਂ ਬਣਦੀ ਲੱਗਭੱਗ 60 ਕਰੋੜ ਰੁਪਏ ਦੀ ਜਲਦੀ ਅਦਾਇਗੀ ਲਈ ਭਾਰਤ ਸਰਕਾਰ ਨਾਲ ਸੰਪਰਕ ਕੀਤਾ ਜਾ ਰਿਹਾ ਹੈ ਤਾਂ ਜੋ ਗੰਨੇ ਦੀ ਬਕਾਇਆ ਅਦਾਇਗੀ ਛੇਤੀ ਤੋਂ ਛੇਤੀ ਕੀਤੀ ਜਾ ਸਕੇ। ਉਨ੍ਹਾਂ ਦੱਸਿਆ ਕਿ ਸੂਬਾ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਕੋਰੋਨਾ ਵਾਇਰਸ ਤੇ ਲੌਕਡਾਊਨ ਦੇ ਚੱਲਦਿਆਂ ਸਰਕਾਰੀ ਮਾਲੀਆ ਪ੍ਰਾਪਤੀ ਵਿੱਚ ਆਈ ਗਿਰਾਵਟ ਦੇ ਬਾਵਜੂਦ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਰਾਸ਼ੀ ਦੀ ਮੁਕੰਮਲ ਅਦਾਇਗੀ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।