Corona Cabinet Minister Gurpreet Kangar: ਪੰਜਾਬ ‘ਚ ਖਤਰਨਾਕ ਕੋਰੋਨਾਵਾਇਰਸ ਦਾ ਸੰਕਟ ਆਮ ਜਨਤਾ ਦੇ ਨਾਲ ਸਿਆਸੀ ਆਗੂਆਂ ‘ਤੇ ਵੀ ਛਾਇਆ ਹੋਇਆ ਹੈ।ਤਾਜ਼ਾ ਜਾਣਕਾਰੀ ਮੁਤਾਬਕ ਹੁਣ ਪੰਜਾਬ ਦਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਮਿਲੀ ਹੈ। ਇਹ ਵੀ ਜਾਣਕਾਰੀ ਸਾਹਮਣੇ ਆਈ ਹੈ ਕਿ ਗੁਰਪ੍ਰੀਤ ਸਿੰਘ ਕਾਂਗੜ ਨੇ ਇੱਥੇ 74ਵੇਂ ਆਜ਼ਾਦੀ ਦਿਹਾੜੇ ਮੌਕੇ ਝੰਡਾ ਵੀ ਲਹਿਰਾਇਆ ਸੀ। ਇਸ ਤੋਂ ਬਾਅਦ ਹਫੜਾ-ਦਫੜੀ ਵਾਲਾ ਮਾਹੌਲ ਪੈਦਾ ਹੋ ਗਿਆ ਹੈ। ਸਿਹਤ ਅਧਿਕਾਰੀਆਂ ਨੇ ਉਨ੍ਹਾਂ ਦੇ ਸੰਪਰਕ ‘ਚ ਆਉਣ ਵਾਲੇ ਹੋਰ ਸਿਆਸੀ ਆਗੂਆਂ, ਅਧਿਕਾਰੀਆਂ ਅਤੇ ਹੋਰ ਮੁਲਾਜ਼ਮਾਂ ਦੀ ਲਿਸਟ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਦੱਸ ਦੇਈਏ ਕਿ ਬੀਤੇ ਦਿਨਾਂ ਤੋਂ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੀ ਸਿਹਤ ਠੀਕ ਨਹੀਂ ਚੱਲ ਰਹੀ ਸੀ, ਜਿਸ ਕਾਰਨ ਉਨ੍ਹਾਂ ਦਾ ਕੋਰੋਨਾ ਟੈਸਟ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਪਾਈ ਗਈ ਹੈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਸੀ। ਇਸ ਤੋਂ ਬਾਅਦ ਪੂਰੇ ਪਰਿਵਾਰ ਦਾ ਕੋਰੋਨਾ ਟੈਸਟ ਕੀਤਾ ਗਿਆ ਸੀ, ਜਿਸ ‘ਚ ਪਤਨੀ ਅਤੇ ਪੁੱਤਰ ਦਾ ਕੋਰੋਨਾ ਟੈਸਟ ਪਾਜ਼ੀਟਿਵ ਮਿਲਿਆ ਸੀ।
ਪੰਜਾਬ ਭਰ ‘ਚ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਰੇ ਸ਼ਹਿਰਾਂ ‘ਚ ਰਾਤ ਦੇ ਕਰਫਿਊ ਦਾ ਸਮਾਂ 2 ਘੰਟੇ ਵਧਾ ਦਿੱਤਾ ਹੈ। ਹੁਣ ਰਾਤ 11 ਵਜੇ ਦੇ ਬਜਾਏ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਕਰਫਿਊ ਜਾਰੀ ਰਹੇਗਾ। ਇਸ ਦੌਰਾਨ ਮੁੱਖ ਮੰਤਰੀ ਵੱਲੋਂ ਲੁਧਿਆਣਾ ,ਪਟਿਆਲਾ ਅਤੇ ਜਲੰਧਰ ਅਗਲੇ ਪੰਦਰਵਾੜੇ ਦੇ ਲਈ ਹਫਤੇ ਦੇ ਆਖਰੀ ਦਿਨਾਂ (ਸ਼ਨੀਵਾਰ ਅਤੇ ਐਤਵਾਰ) ਨੂੰ ਘਰਾਂ ‘ਚ ਹੀ ਰਹਿਣ ਦਾ ਐਲਾਨ ਕੀਤਾ ਹੈ।