Criminal cases registered : ਕੱਲ੍ਹ ਜਿਲ੍ਹਾ ਤਰਨਤਾਰਨ ਦੇ ਭਿਖੀਵਿੰਡ ਵਿਖੇ ਸ਼ੌਰਿਆ ਚੱਕਰ ਜੇਤੂ ਬਲਵਿੰਦਰ ਸਿੰਘ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਕਰ ਦਿੱਤਾ ਗਿਆ ਸੀ। ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਾਮਰੇਡ ਬਲਵਿੰਦਰ ਸਿੰਘ ‘ਤੇ ਹੋਏ ਜਾਨਲੇਵਾ ਹਮਲੇ ਦੇ ਸਾਰੇ ਪਹਿਲੂਆਂ ਦੀ ਜਾਂਚ ਲਈ ਡੀਆਈਜੀ ਫਿਰੋਜ਼ਪੁਰ ਦੀ ਅਗਵਾਈ ਵਾਲੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਦਾ ਗਠਨ ਕਰਨ ਦੇ ਹੁਕਮ ਦਿੱਤੇ।
ਪੁਲਿਸ ਮ੍ਰਿਤਕ ਬਲਵਿੰਦਰ ਸਿੰਘ ਦੇ ਬੇਟਿਆਂ ਖਿਲਾਫ ਦਰਜ ਹੋਏ ਅਪਰਾਧਕ ਮਾਮਲਿਆਂ ਨੂੰ ਵੀ ਸ਼ੱਕ ਦੀ ਨਜ਼ਰ ਤੋਂ ਦੇਖਦੇ ਹੋਏ ਪੂਰੇ ਮਾਮਲੇ ਦੀ ਜਾਂਚ ਕਰਨ ‘ਚ ਲੱਗੀ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕ ਦੇ ਬੇਟੇ ਅਰਸ਼ਦੀਪ ਖਿਲਾਫ ਥਾਣਾ ਸਿਟੀ ਪੱਟੀ ਵਿਖੇ ਅਸਲਾ ਐਕਟ ਤਹਿਤ ਮਾਮਲਾ ਦਰਜ ਹੈ ਦਿਸ ਤਹਿਤ ਪੁਲਿਸ ਨੂੰ 3 ਪਿਸਤੌਲ 32 ਬੋਰ, ਇੱਕ ਦੇਸੀ ਪਿਸਤੌਲ, ਇੱਕ ਰਿਵਾਲਵਰ ਬਰਾਮਦ ਕੀਤੇ ਗਏ। ਇਸੇ ਤਰ੍ਹਾਂ ਮ੍ਰਿਤਕ ਦੇ ਦੂਜੇ ਬੇਟੇ ਗਗਨਦੀਪ ਸਿੰਘ ਖਿਲਾਫ ਵੀ 21 ਫਰਵਰੀ 2019 ਦੌਰਾਨ ਥਾਣਾ ਗੇਟ ਹਕੀਮਾਂ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਕੁਝ ਸਮਾਂ ਪਹਿਲਾਂ ਹੀ ਮ੍ਰਿਤਕ ਬਲਵਿੰਦਰ ਸਿੰਘ ਦੀ ਸੁਰੱਖਿਆ ਨੂੰ ਵਾਪਸ ਲਿਆ ਗਿਆ ਸੀ ਜਿਸ ‘ਤੇ ਪਰਿਵਾਰਕ ਮੈਂਬਰਾਂ ਨੇ ਇਤਰਾਜ਼ ਵੀ ਪ੍ਰਗਟਾਇਆ ਸੀ।
ਪੁਲਿਸ ਵੱਲੋਂ CCTV ਕੈਮਰਿਆਂ ਨੂੰ ਖੰਗਾਲਣ ਤੋਂ ਬਾਅਦ ਇਹ ਗੱਲ ਸਾਹਮਣੇ ਆਇਆ ਹੈ ਕਿ ਘਟਨਾ ਨੂੰ ਲਗਭਗ 7 ਵਜੇ ਅੰਜਾਮ ਦਿੱਤਾ ਗਿਆ ਜਿਸ ‘ਚ ਸਾਫ ਦਿਖਾਈ ਦੇ ਰਿਹਾ ਹੈ ਕਿ ਮੋਟਰਸਾਈਕਲ ‘ਤੇ ਸਵਾਰ ਦੋ ਨੌਜਵਾਨ ਮ੍ਰਿਤਕ ਦੇ ਘਰ ‘ਚ ਦਾਖਲ ਹੋਏ ਅਤੇ ਉਨ੍ਹਾਂ ਨੇ 6 ਗੋਲੀਆਂ ਬਲਵਿੰਦਰ ਸਿੰਘ ਦੇ ਚਲਾਈਆਂ ਜਿਸ ਨਾਲ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਪਿੰਡ ਵਾਸੀਆਂ ਵੱਲੋਂ ਵੀ ਪੁਲਿਸ ਪ੍ਰਸ਼ਾਸਨ ਖਿਲਾਫ ਨਾਅਰੇਬਾਜੀ ਕੀਤੀ ਗਈ। ਉਨ੍ਹਾਂ ਕਿਹਾ ਕਿ ਕਾਮਰੇਡ ਬਲਵਿੰਦਰ ਸਿੰਘ ਵੱਲੋਂ ਵਾਰ-ਵਾਰ ਸਕਿਓਰਿਟੀ ਮੰਗਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਸਕਿਓਰਿਟੀ ਨਹੀਂ ਦਿੱਤੀ ਗਈ ਜਿਸ ਕਾਰਨ ਉਨ੍ਹਾਂ ਦਾ ਕਤਲ ਹੋ ਗਿਆ।