ਮਾਲੇਰਕੋਟਲਾ ਦੀ ਜ਼ਿਲ੍ਹਾ ਮੈਜਿਸਟਰੇਟ ਡਾ. ਪੱਲਵੀ ਵੱਲੋਂ ਜਾਬਤਾ ਫੌਜਦਾਰੀ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਏ ਹੋਏ ਜ਼ਿਲ੍ਹਾ ਮਾਲੇਰਕੋਟਲਾ ਵਿੱਚ ਕਣਕ ਦੀ ਵਢਾਈ ਦੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਕੋਈ ਵੀ ਵਿਅਕਤੀ ਸ਼ਾਮ 07:00 ਵਜੇ ਤੋਂ ਸਵੇਰੇ 10:00 ਵਜੇ ਤੱਕ ਕੰਬਾਇਨਾਂ ਨਾਲ ਕਣਕ ਦੀ ਵਾਢੀ ਨਹੀਂ ਕਰ ਸਕਦਾ। ਇਹ ਹੁਕਮ ਜ਼ਿਲ੍ਹੇ ਵਿੱਚ 31 ਮਈ 2024 ਤੱਕ ਲਾਗੂ ਰਹਿਣਗੇ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਕਣਕ ਦੀ ਵਢਾਈ ਦਾ ਸੀਜ਼ਨ ਸ਼ੁਰੂ ਹੋਣ ਵਾਲਾ ਹੈ। ਆਮ ਤੌਰ ਤੇ ਇਹ ਵੇਖਣ ਵਿੱਚ ਆਇਆ ਹੈ ਕਿ ਕਣਕ ਦੀ ਵਢਾਈ ਲਈ ਕੰਬਾਇਨਾਂ 24 ਘੰਟੇ ਕੰਮ ਕਰਦੀਆਂ ਹਨ। ਰਾਤ ਸਮੇਂ ਕੰਬਾਇਨਾਂ ਚੱਲਣ ਨਾਲ ਜਾਨੀ-ਮਾਲੀ ਨੁਕਸਾਨ ਹੋਣ ਦਾ ਡਰ ਰਹਿੰਦਾ ਹੈ। ਕੰਬਾਇਨਾਂ ਰਾਤ ਵੇਲੇ ਹਰੀ ਕਣਕ, ਜੋ ਕਿ ਚੰਗੀ ਤਰ੍ਹਾਂ ਪੱਕੀ ਨਹੀਂ ਹੁੰਦੀ ਨੂੰ ਵੀ ਕੱਟ ਦਿੰਦੀਆਂ ਹਨ, ਜਿਸ ਕਾਰਨ ਹਰਾ ਕੱਟਿਆ ਹੋਇਆ ਦਾਣਾ ਸੁੱਕਣ ਤੇ ਕਾਲਾ ਪੈ ਜਾਂਦਾ ਹੈ। ਬਹੁਤ ਸਾਰੀਆਂ ਪੁਰਾਣੀਆਂ ਹੋ ਚੁੱਕੀਆਂ ਕੰਬਾਇਨਾਂ ਵੀ ਕਟਾਈ ਕਰਦੀਆਂ ਹਨ, ਜਿਸ ਨਾਲ ਕਣਕ ਦੀ ਕੁਆਲਟੀ ਗਿਰ ਜਾਂਦੀ ਹੈ।
ਇਸ ਤੋਂ ਇਲਾਵਾ ਕੰਬਾਇਨਾਂ ਵਿੱਚ ਮਕੈਨੀਕਲ ਨੁਕਸ ਹੋਣ ਕਾਰਨ ਵੀ ਕਣਕ ਦੀ ਕੁਆਲਟੀ ਪ੍ਰਭਾਵਿਤ ਹੁੰਦੀ ਹੈ, ਜਿਸ ਕਰਕੇ ਖ਼ਰੀਦ ਏਜੰਸੀਆਂ ਕਣਕ ਦੀ ਖ਼ਰੀਦ ਕਰਨ ਤੋਂ ਝਿਜਕਦੀਆਂ ਹਨ। ਜਿਸ ਨਾਲ ਜਿੱਥੇ ਕਿਸਾਨਾਂ ਦਾ ਨੁਕਸਾਨ ਹੁੰਦਾ ਹੈ, ਉੱਥੇ ਅਸਿੱਧਾ ਅਸਰ ਦੇਸ਼ ਦੇ ਉਤਪਾਦਨ ਤੇ ਵੀ ਪੈਂਦਾ ਹੈ। ਕਣਕ ਨਾ ਵਿਕਣ ਕਾਰਨ ਕਿਸਾਨਾਂ ਵਿੱਚ ਰੋਸ ਪੈਦਾ ਹੁੰਦਾ ਹੈ, ਜਿਸ ਨਾਲ ਅਮਨ ਕਾਨੂੰਨ ਭੰਗ ਹੋਣ ਦੀ ਸਥਿਤੀ ਉਤਪੰਨ ਹੁੰਦੀ ਹੈ।
ਇਹ ਵੀ ਪੜ੍ਹੋ : ਸ਼ਰਧਾਲੂਆਂ ਲਈ ਖੁਸ਼ਖਬਰੀ! ਪੰਜਾਬ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਲਈ ਸਿੱਧੀਆਂ ਉਡਾਣਾਂ ਅੱਜ ਤੋਂ ਸ਼ੁਰੂ
ਜ਼ਿਲ੍ਹਾ ਮੈਜਿਸਟਰੇਟ ਨੇ ਜ਼ਿਲ੍ਹਾ ਮਾਲੇਰਕੋਟਲਾ ਅੰਦਰ ਕਣਕ ਦੀ ਵਢਾਈ ਕਰਨ ਵਾਲੀਆਂ ਕੰਬਾਇਨਾਂ ਦੇ ਮਾਲਕਾਂ ਨੂੰ ਹਦਾਇਤ ਕੀਤੀ ਹੈ ਕਿ ਕੋਈ ਵੀ ਕੰਬਾਇਨ ਹਾਰਵੈਸਟਰ ਸੁਪਰ S.M.S. ਲਗਾਏ ਬਗੈਰ ਫ਼ਸਲ ਦੀ ਵਢਾਈ ਨਹੀਂ ਕਰੇਗਾ ਤੇ ਹਾਰਵੈਸਟਰ ਕੰਬਾਈਨਜ਼ ਦੀ ਖੇਤੀਬਾੜੀ ਵਿਭਾਗ ਰਾਹੀਂ ਓਪਰੇਸ਼ਨ ਬਾਰੇ ਇੰਸਪੈਕਸ਼ਨ ਕਰਵਾਈ ਜਾਵੇ।
ਮੁੱਖ ਖੇਤੀਬਾੜੀ ਅਫ਼ਸਰ ਮਾਲੇਰਕੋਟਲਾ ਤੋਂ ਇਲਾਵਾ ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ, ਕਾਰਜਕਾਰੀ ਇੰਜੀਨੀਅਰ, ਪ੍ਰਦੂਸ਼ਣ ਕੰਟਰੋਲ ਬੋਰਡ, ਸੰਗਰੂਰ, ਉਪ ਮੰਡਲ ਮੈਜਿਸਟਰੇਟ ਮਾਲੇਰਕੋਟਲਾ, ਅਹਿਮਦਗੜ੍ਹ, ਅਮਰਗੜ੍ਹ, ਸਕੱਤਰ ਰੀਜਨਲ ਟਰਾਂਸਪੋਰਟ ਅਥਾਰਟੀ, ਮਾਲੇਰਕੋਟਲਾ ਨੂੰ ਇਹਨਾਂ ਹੁਕਮਾਂ ਨੂੰ ਲਾਗੂ ਕਰਵਾਉਣ ਲਈ ਅਗਲੀ ਕਾਰਵਾਈ ਅਮਲ ਵਿੱਚ ਲਿਆਉਣ ਲਈ ਕਿਹਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -: