delta variant in punjab: ਪਿਛਲੇ ਡੇਢ ਸਾਲ ਤੋਂ ਦੇਸ਼ ‘ਚ ਕੋਰੋਨਾ ਨੇ ਕੋਹਰਾਮ ਮਚਾਇਆ ਹੋਇਆ ਹੈ।ਪਿਛਲੇ ਕੁਝ ਮਹੀਨਿਆਂ ਤੋਂ ਕੋਰੋਨਾ ਦਾ ਨਾਲ ਕਈ ਤਰ੍ਹਾਂ ਦੀ ਫੰਗਸ ਨਾਂ ਦੀ ਬਿਮਾਰੀ ਵੀ ਸਾਹਮਣੇ ਆਈ ਜਿਸਨੇ ਕਈ ਲੋਕਾਂ ਦੀ ਜਾਨ ਲਈ।ਫੰਗਸ ਤੋਂ ਬਾਅਦ ਹੁਣ ਦੇਸ਼ ‘ਚ ਡੈਲਟਾ ਵੇਰੀਅੰਟ ਨੇ ਦਸਤਕ ਦਿੱਤੀ।ਜੋ ਕਿ ਵੱਡਿਆਂ ਤੋਂ ਲੈ ਕੇ ਬੱਚਿਆਂ ਤੱਕ ਲਈ ਖਤਰੇ ਦਾ ਨਿਸ਼ਾਨ ਬਣਿਆ ਹੋਇਆ ਹੈ।
ਸੂਬੇ ਵਿੱਚ ਡੈਲਟਾ ਪਲੱਸ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਮੁੱਖ ਸਕੱਤਰ ਸ਼੍ਰੀਮਤੀ ਵਿਨੀ ਮਹਾਜਨ ਨੇ ਡੈਲਟਾ ਪਲੱਸ, ਜੋ ਕੋਵਿਡ ਦਾ ਤੇਜ਼ੀ ਨਾਲ ਫੈਲਣ ਵਾਲਾ ਸਰੂਪ ਹੈ, ’ਤੇ ਕਾਬੂ ਪਾਉਣ ਲਈ ਨਿਗਰਾਨੀ ਵਧਾਉਣ ਤੋਂ ਇਲਾਵਾ ਵੱਡੇ ਪੱਧਰ ’ਤੇ ਸੰਪਰਕ ਟਰੇਸਿੰਗ ਤੇ ਟੈਸਟਿੰਗ ਨੂੰ ਯਕੀਨੀ ਬਣਾਉਣ ਵਾਸਤੇ ਸਰਕਾਰੀ ਅਮਲੇ ਨੂੰ ਚੌਕਸ ਰਹਿਣ ਦੇ ਨਿਰਦੇਸ਼ ਦਿੱਤੇ ਹਨ।
ਇਥੇ ਕੋਵਿਡ ਰਿਸਪਾਂਸ ਗਰੁੱਪ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਸਕੱਤਰ ਨੇ ਕਿਹਾ ਕਿ ਸੂਬੇ ਵਿੱਚ ਡੈਲਟਾ ਪਲੱਸ ਵੇਰੀਐਂਟ ਦੇ ਕੁਝ ਮਾਮਲੇ ਸਾਹਮਣੇ ਆਏ ਹਨ ਜਿਨਾਂ ਵਿੱਚੋਂ ਪਟਿਆਲਾ ਅਤੇ ਲੁਧਿਆਣਾ ਵਿੱਚ 1-1 ਮਾਮਲਾ ਰਿਪੋਰਟ ਕੀਤਾ ਗਿਆ ਹੈ।ਉਨਾਂ ਕਿਹਾ ਕਿ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਵਾਇਰਸ ਦੇ ਇਸ ਸਰੂਪ ਦੇ ਅੱਗੇ ਫੈਲਾਅ ਨੂੰ ਰੋਕਣ ਲਈ ਨਿਗਰਾਨੀ ਵਧਾਉਣ ਅਤੇ ਵੱਡੇ ਪੱਧਰ ’ਤੇ ਸੰਪਰਕ ਟਰੇਸਿੰਗ ਤੇ ਟੈਸਟਿੰਗ ਕਰਨ ਦਾ ਫੈਸਲਾ ਲਿਆ ਗਿਆ ਹੈ।
ਮੁੱਖ ਸਕੱਤਰ ਨੇ ਲੈਬਾਟਰੀਆਂ ਵਿੱਚ ਡਾਟਾ ਪ੍ਰੋਸੈਸਿੰਗ ’ਚ ਲੱਗਦੇ ਸਮੇਂ ਨੂੰ ਬਚਾਉਣ ਦੇ ਮੰਤਵ ਨਾਲ ਕੋਵਿਡ ਦੇ ਨਮੂਨਿਆਂ ’ਤੇ ਬਾਰ ਕੋਡ ਲਗਾਉਣ ਦੇ ਹੁਕਮ ਦਿੱਤੇ ਹਨ ਤਾਂ ਜੋ ਲੈਬਾਟਰੀਆਂ ਵਿੱਚ ਡਾਟਾ ਲੈਣ ਦੀ ਪ੍ਰਕਿਰਿਆ ਨੂੰ ਸਵੈਚਾਲਿਤ ਕੀਤਾ ਜਾ ਸਕੇ ਅਤੇ ਰਿਪੋਰਟ ਦਾ ਨਤੀਜਾ ਆਉਣ ਦੇ ਸਮੇਂ ਨੂੰ ਘਟਾਇਆ ਜਾ ਸਕੇ।