ਹਰਿਆਣਾ-ਪੰਜਾਬ ਦੀ ਸ਼ੰਭੂ-ਖਨੌਰੀ ਸਰਹੱਦ ‘ਤੇ ਪਿਛਲੇ 10 ਮਹੀਨਿਆਂ ਤੋਂ ਕਿਸਾਨ ਆਪਣੀਆਂ ਮੰਗਾ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ। ਅੰਦੋਲਨ ਕਰ ਰਹੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਚੱਲ ਰਿਹਾ ਡੈੱਡਲਾਕ ਖਤਮ ਹੋਣ ਦੇ ਆਸਾਰ ਹਨ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਖਨੌਰੀ ਬਾਰਡਰ ‘ਤੇ 20 ਦਿਨਾਂ ਤੋਂ ਮਰਨ ਵਰਤ ‘ਤੇ ਬੈਠੇ ਕਿਸਾਨ ਆਗੂ ਜਗਜੀਤ ਡੱਲੇਵਾਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਦੇ ਨਾਲ ਕੇਂਦਰ ਸਰਕਾਰ ਦੇ ਨੁਮਾਇੰਦੇ ਮਯੰਕ ਮਿਸ਼ਰਾ ਵੀ ਮੌਜੂਦ ਰਹੇ।
ਡੀਜੀਪੀ ਮੀਟਿੰਗ ਦੌਰਾਨ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਐਮਰਜੈਂਸੀ ਸਹੂਲਤ ਲੈਣ ਦੀ ਅਪੀਲ ਕੀਤੀ। ਮੀਟਿੰਗ ਤੋਂ ਬਾਅਦ ਡੀਜੀਪੀ ਨੇ ਕਿਹਾ ਕਿ ਸਾਨੂੰ ਜਗਜੀਤ ਡੱਲੇਵਾਲ ਦੀ ਸਿਹਤ ਦੀ ਫਿਕਰ ਹੈ, ਉਨ੍ਹਾਂ ਦੀ ਜਾਨ ਕੀਮਤੀ ਹੈ। ਉਨ੍ਹਾਂ ਕਿਹਾ ਕਿ ਇੱਥੇ ਐਂਬੂਲੈਂਸ ਤੇ ਡਾਕਟਰਾਂ ਦੀ ਟੀਮ ਤਾਇਨਾਤ ਹੈ। ਅਸੀਂ ਸਾਰਿਆਂ ਨਾਲ ਤਾਲਮੇਲ ਕਰ ਰਹੇ ਹਾਂ ਅਤੇ ਗੱਲਬਾਤ ਨੂੰ ਅੱਗੇ ਲਿਜਾਣ ਲਈ ਮਾਹੌਲ ਤਿਆਰ ਕਰ ਰਹੇ ਹਾਂ। ਉਮੀਦ ਹੈ ਜਲਦ ਕੋਈ ਪਾਜ਼ੀਟਿਵ ਹੱਲ ਨਿਕਲੇਗਾ।
ਖਨੌਰੀ ਬਾਰਡਰ ‘ਤੇ ਅੱਜ 20ਵੇਂ ਦਿਨ ਵੀ ਜਗਜੀਤ ਡੱਲੇਵਾਲ ਦਾ ਮਰਨ ਵਰਤ ਜਾਰੀ ਹੈ। ਭੁੱਖ ਹੜਤਾਲ ਕਾਰਨ ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ 12 ਕਿਲੋ ਤੋਂ ਵੱਧ ਵਜ਼ਨ ਘਟ ਗਿਆ ਹੈ। ਗੁਰਦੇ ਤੇ ਜਿਗਰ ਦੇ ਨੁਕਸਾਨ ਦਾ ਖਤਰਾ ਹੈ। ਕਿਉਂਕਿ ਉਹ ਕੈਂਸਰ ਦੇ ਮਰੀਜ਼ ਹਨ, ਇਸ ਲਈ ਉਨ੍ਹਾਂ ਦੀ ਸਿਹਤ ਕਾਫੀ ਚਿੰਤਾਜਨਕ ਬਣੀ ਹੋਈ ਹੈ।
ਇਹ ਵੀ ਪੜ੍ਹੋ : ਗਾਇਕ ਸਤਿੰਦਰ ਸਰਤਾਜ ਨੇ ਗੀਤ ਇਲਾਹੀ ਰੰਗੇ ਗਾ ਕੇ ਸਿੱਖਾਂ ਦਾ ਵਧਾਇਆ ਮਾਣ
ਦੋ ਦਿਨ ਪਹਿਲਾਂ ਸੁਪਰੀਮ ਕੋਰਟ ਨੇ ਕੇਂਦਰ ਅਤੇ ਪੰਜਾਬ ਸਰਕਾਰਾਂ ਨੂੰ ਡੱਲੇਵਾਲ ਨੂੰ ਤੁਰੰਤ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਸਨ। ਉਨ੍ਹਾਂ ਨੂੰ ਜ਼ਬਰਦਸਤੀ ਕੁਝ ਵੀ ਖੁਆਉਣ ਦੀ ਕੋਸ਼ਿਸ਼ ਨਾ ਕਰੋ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਉਨ੍ਹਾਂ ਦੀ ਜ਼ਿੰਦਗੀ ਅੰਦੋਲਨ ਤੋਂ ਜ਼ਿਆਦਾ ਮਹੱਤਵਪੂਰਨ ਹੈ। ਸ਼ਨੀਵਾਰ ਨੂੰ ਖਨੌਰੀ ਬਾਰਡਰ ‘ਤੇ ਮੰਜੇ ‘ਤੇ ਲੇਟਦਿਆਂ ਡੱਲੇਵਾਲ ਨੇ ਕਿਹਾ ਕਿ ਸਰਕਾਰ ਦੀਆਂ ਗਲਤ ਨੀਤੀਆਂ ਕਾਰਨ ਖੁਦਕੁਸ਼ੀਆਂ ਕਰ ਰਹੇ ਕਿਸਾਨਾਂ ਦੀ ਜਾਨ ਮੇਰੀ ਜਾਨ ਤੋਂ ਵੱਧ ਕੀਮਤੀ ਹੈ।
ਵੀਡੀਓ ਲਈ ਕਲਿੱਕ ਕਰੋ -: