ਹੁਸ਼ਿਆਰਪੁਰ: ਸਥਾਨਕ ਪੁਲਿਸ ਲਾਈਨ ਵਿਖੇ ਪੁਲਿਸ ਯਾਦਗਾਰੀ ਦਿਵਸ ਮੌਕੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ, ਐਸ.ਐਸ.ਪੀ ਕੁਲਵੰਤ ਸਿੰਘ ਹੀਰ ਅਤੇ ਵਧੀਕ ਸੈਸ਼ਨ ਜੱਜ ਜਤਿੰਦਰ ਪਾਲ ਸਿੰਘ ਖੁਰਮੀ ਸਮੇਤ ਵੱਖ-ਵੱਖ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਦੇ ਅਧਿਕਾਰੀਆਂ ਨੇ ਪੁਲਿਸ ਦੇ ਸ਼ਹੀਦਾਂ ਨੂੰ ਯਾਦ ਕਰਦਿਆਂ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਜ਼ਿਲ੍ਹਾ ਪੁਲਿਸ ਵਲੋਂ ਅੱਜ ਦੇ ਸੋਗ ਦਿਵਸ ਮੌਕੇ ਅੱਤਵਾਦ ਦੌਰਾਨ ਆਪਣੀ ਡਿਊਟੀ ਨਿਭਾਉਂਦਿਆਂ ਸ਼ਹੀਦ ਹੋਏ 78 ਪੁਲਿਸ ਕਰਮਚਾਰੀਆਂ ਦੀ ਸ਼ਹਾਦਤ ਨੂੰ ਯਾਦ ਕਰਦਿਆਂ ਸ਼ਰਧਾਂਜ਼ਲੀ ਦਿੱਤੀ ਗਈ। ਇਸ ਸੋਗ ਦਿਵਸ ਵਿਚ ਸੋਗ ਪਰੇਡ ਦੀ ਅਗਵਾਈ ਡੀ.ਐਸ.ਪੀ. ਮਨਜੋਤ ਕੌਰ ਵਲੋਂ ਕੀਤੀ ਗਈ ਅਤੇ ਡੀ.ਐਸ.ਪੀ. ਜਸਪ੍ਰੀਤ ਸਿੰਘ ਵਲੋਂ ਸ਼ਹੀਦ ਕਰਮਚਾਰੀਆਂ ਦੇ ਨਾਮ ਪੜ੍ਹੇ ਗਏ।
ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਸ਼ਹੀਦ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜ਼ਲੀ ਦੇਣ ਉਪਰੰਤ ਕਿਹਾ ਕਿ ਦੇਸ਼ ਨੂੰ ਅੰਦਰੂਨੀ ਅਤੇ ਬਾਹਰੀ ਖਤਰਿਆਂ ਤੋਂ ਸੁਰੱਖਿਅਤ ਰੱਖਣ ਲਈ ਡਿਊਟੀ ਦੌਰਾਨ ਜਾਨਾਂ ਨਿਸ਼ਾਵਰ ਕਰਨ ਵਾਲੇ ਸ਼ਹੀਦ ਸੈਨਿਕ ਅਤੇ ਪੁਲਿਸ ਕਰਮਚਾਰੀ ਆਉਣ ਵਾਲੀਆਂ ਪੀੜ੍ਹੀਆਂ ਲਈ ਪ੍ਰੇਰਨਾ ਸਰੋਤ ਹਨ। ਉਨ੍ਹਾਂ ਦੱਸਿਆ ਕਿ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇਸ਼ ਅਤੇ ਸੂਬਿਆਂ ਦੀ ਰਾਖੀ ਲਈ ਸ਼ਹਾਦਤਾਂ ਦੇਣ ਵਾਲੇ ਸ਼ਹੀਦਾਂ ਦੇ ਪਰਿਵਾਰਾਂ ਦੇ ਮੋਢੇ ਨਾਲ ਮੋਢਾ ਲਾ ਕੇ ਖੜ੍ਹਾ ਹੈ ਤਾਂ ਜੋ ਉਨ੍ਹਾਂ ਨੂੰ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਹੀ ਆਜ਼ਾਦੀ ਦਾ ਨਿੱਘ ਲੈ ਰਹੇ ਹਾਂ ਅਤੇ ਇਨ੍ਹਾਂ ਸ਼ਹੀਦਾਂ ਨੂੰ ਸਾਰਿਆਂ ਦਾ ਹਮੇਸ਼ਾਂ ਸਿਜਦਾ ਰਹੇਗਾ। ਐਸ.ਐਸ.ਪੀ. ਕੁਲਵੰਤ ਸਿੰਘ ਹੀਰ ਨੇ ਸ਼ਹੀਦ ਪੁਲਿਸ ਮੁਲਾਜ਼ਮਾਂ ਨੂੰ ਸ਼ਰਧਾਂਜ਼ਲੀ ਭੇਟ ਕਰਦਿਆਂ ਕਿਹਾ ਕਿ ਸ਼ਹੀਦਾਂ ਦੀਆਂ ਸ਼ਹਾਦਤਾਂ ਸਦਕਾ ਹੀ ਦੇਸ਼ ਦੀ ਏਕਤਾ ਅਤੇ ਅਖੰਡਤਾ ਬਰਕਰਾਰ ਹੈ। ਉਨ੍ਹਾਂ ਕਿਹਾ ਕਿ ਸਾਨੂੰ ਇਨ੍ਹਾਂ ਸ਼ਹੀਦੀਆਂ ’ਤੇ ਮਾਣ ਹੈ ਕਿ ਸਾਡੇ ਸੈਨਿਕਾਂ ਅਤੇ ਪੁਲਿਸ ਕਰਮੀਆਂ ਨੇ ਮਾਤ-ਭੂਮੀ ਦੀ ਸੇਵਾ ਅਤੇ ਸੁਰੱਖਿਆ ਲਈ ਆਪਣੀਆਂ ਜਾਨਾਂ ਨਿਸ਼ਾਵਰ ਕਰ ਦਿੱਤੀਆਂ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਪਰਿਵਾਰਾਂ ਦੀ ਹਰ ਸੰਭਵ ਮਦਦ ਅਤੇ ਉਨ੍ਹਾਂ ਦੇ ਪੁਲਿਸ ਪ੍ਰਸ਼ਾਸਨ ਵਿਚਲੇ ਕੰਮਾਂ ਨੂੰ ਤੁਰੰਤ ਕਰਵਾਉਣ ਲਈ ਜ਼ਿਲ੍ਹਾ ਪੁਲਿਸ ਪੂਰੀ ਤਰ੍ਹਾਂ ਵਚਨਬੱਧ ਹੈ।
ਵੀਡੀਓ ਲਈ ਕਲਿੱਕ ਕਰੋ -:
ਸਰਕਾਰੀ ਬੰਦਾ ਮੰਗੇ ਰਿਸ਼ਵਤ ਤਾਂ ਵੀਡੀਓ ਬਣਾ ਕਰੋ ਇਸ ਨੰਬਰ ਤੇ Send, ਲੱਗੂ ਕਲਾਸ, ਆਹ ਨੰਬਰ ਕਰ ਲਓ Save !
ਸੋਗ ਪਰੇਡ ਡੇਅ ਮੌਕੇ ਹੋਰਨਾਂ ਤੋਂ ਇਲਾਵਾ ਐਸ.ਪੀ. (ਐਚ) ਰਮਿੰਦਰ ਸਿੰਘ, ਐਸ.ਪੀ. (ਡੀ) ਰਵਿੰਦਰ ਪਾਲ ਸਿੰਘ ਸੰਧੂ, ਐਸ.ਪੀ. (ਪੀ.ਬੀ.ਆਈ.) ਮਨਦੀਪ ਸਿੰਘ ਸਮੇਤ ਹੋਰਨਾਂ ਪੁਲਿਸ ਅਧਿਕਾਰੀਆਂ ਅਤੇ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੇ ਵੀ ਸ਼ਰਧਾਂਜ਼ਲੀ ਦਿੱਤੀ। ਪੁਲਿਸ ਯਾਦਗਾਰੀ ਦਿਵਸ: ਜ਼ਿਕਰਯੋਗ ਹੈ ਕਿ 21 ਅਕਤੂਬਰ 1959 ਨੂੰ ਸੀ.ਆਰ.ਪੀ.ਐਫ. ਦੇ 10 ਜਵਾਨ ਜੋ ਹਾਟ ਸਪਰਿੰਗ (ਲੱਦਾਖ) ਵਿਖੇ ਆਪਣੀ ਡਿਊਟੀ ਦੌਰਾਨ ਚੀਨ ਦੀ ਫੌਜ ਵਲੋਂ ਘਾਤ ਲਾ ਕੇ ਕੀਤੇ ਹਮਲੇ ਵਿਚ ਸ਼ਹੀਦ ਹੋ ਗਏ ਸਨ। ਉਨ੍ਹਾਂ ਸ਼ਹੀਦਾਂ ਅਤੇ ਡਿਊਟੀ ਦੌਰਾਨ ਸ਼ਹੀਦ ਹੋਏ ਹੋਰ ਪੁਲਿਸ ਕਰਮਚਾਰੀਆਂ/ਅਰਧ ਸੈਨਿਕ ਬਲਾਂ ਦੀ ਯਾਦ ਵਿਚ ਹਰ ਸਾਲ 21 ਅਕਤੂਬਰ ਨੂੰ ਸੋਗ ਦਿਵਸ ਮਨਾਇਆ ਜਾਂਦਾ ਹੈ। ਇਸ ਸਾਲ 1 ਸਤੰਬਰ 2020 ਤੋਂ 31 ਅਗਸਤ 2021 ਤੱਕ ਭਾਰਤ ਵਿਚ ਕੁੱਲ 377 ਪੁਲਿਸ ਕਰਮਚਾਰੀ ਆਪਣੀ ਡਿਊਟੀ ਦੌਰਾਨ ਸ਼ਹੀਦ ਹੋ ਗਏ ਸਨ। ਅੱਜ ਇਨ੍ਹਾਂ ਸਾਰੇ ਸ਼ਹੀਦਾਂ ਨੂੰ ਦੇਸ਼ ਭਰ ਵਿਚ ਯਾਦ ਕੀਤਾ ਗਿਆ।