badges to Sweepers: ਕਪੂਰਥਲਾ, 15 ਜੂਨ : ਪੰਜਾਬ ਸਰਕਾਰ ਵੱਲੋਂ ਕੋਰੋਨਾ ਖਿਲਾਫ਼ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਅੱਜ ਜ਼ਿਲਾ ਪ੍ਰਸ਼ਾਸਨ ਵੱਲੋਂ ਕੋਰੋਨਾ ਖਿਲਾਫ਼ ਮੂਹਰਲੀ ਕਤਾਰ ਵਿਚ ਡਟੇ ਸਫ਼ਾਈ ਕਰਮੀਆਂ ਨੂੰ ਕੋਰੋਨਾ ਯੋਧਿਆਂ ਦੇ ਬੈਜ ਲਗਾ ਕੇ ਸਨਮਾਨਿਤ ਕੀਤਾ ਗਿਆ। ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇਨਾਂ ਯੋਧਿਆਂ ਦਾ ਸਨਮਾਨ ਕਰਨ ਮੌਕੇ ਸਹਾਇਕ ਕਮਿਸ਼ਨਰ ਡਾ. ਸ਼ਿਖਾ ਭਗਤ ਨੇ ਕਿਹਾ ਕਿ ਸਫ਼ਾਈ ਕਰਮੀਆਂ ਵੱਲੋਂ ਕੋਵਿਡ-19 ਦੇ ਫੈਲਾਅ ਨੂੰ ਰੋਕਣ ਵਿਚ ਅਹਿਮ ਯੋਗਦਾਨ ਦਿੱਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਸਫ਼ਾਈ ਕਰਮੀ ਵੀ ਸਿਹਤ ਅਤੇ ਪੁਲਿਸ ਵਿਭਾਗ ਵਾਂਗ ਇਸ ਔਖੀ ਘੜੀ ਵਿਚ ਕੋਰੋਨਾ ਖਿਲਾਫ਼ ਮੂਹਰਲੀ ਕਤਾਰ ਵਿਚ ਡਟੇ ਹੋਏ ਹਨ, ਇਸ ਲਈ ਇਨਾਂ ਨੂੰ ਸਨਮਾਨ ਦੇਣਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ।
ਉਨਾਂ ਆਸ ਪ੍ਰਗਟਾਈ ਕਿ ਭਵਿੱਖ ਵਿਚ ਵੀ ਸਫ਼ਾਈ ਕਰਮੀ ਅਜਿਹੇ ਜਜ਼ਬੇ ਅਤੇ ਲਗਨ ਨਾਲ ਆਪਣੀਆਂ ਸੇਵਾਵਾਂ ਦੇਣਗੇ। ਇਸ ਦੌਰਾਨ ਉਨਾਂ ਜ਼ਿਲਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਭਿਆਨਕ ਮਹਾਂਮਾਰੀ ਦਾ ਖ਼ਤਰਾ ਹਾਲੇ ਟਲਿਆ ਨਹੀਂ ਹੈ, ਇਸ ਲਈ ਸਾਨੂੰ ਆਪਣੀ, ਆਪਣੇ ਪਰਿਵਾਰ ਅਤੇ ਸਮਾਜ ਦੀ ਸੁਰੱਖਿਆ ਲਈ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦੀ ਪੂਰੀ ਤਰਾਂ ਪਾਲਣਾ ਕਰਨੀ ਚਾਹੀਦੀ ਹੈ। ਉਨਾਂ ਬਿਨਾਂ ਕਾਰਨ ਘਰੋਂ ਬਾਹਰ ਨਾ ਨਿਕਲਣ, ਆਪਸੀ ਦੂਰੀ ਬਣਾ ਕੇ ਰੱਖਣ, ਭੀੜ ਵਾਲੀਆਂ ਥਾਵਾਂ ’ਤੇ ਜਾਣ ਤੋਂ ਗੁਰੇਜ਼ ਕਰਨ, ਮਾਸਕ ਦੀ ਵਰਤੋਂ ਕਰਨ ਅਤੇ ਵਾਰ-ਵਾਰ ਹੱਥ ਧੋਣ ਦੀ ਅਪੀਲ ਕੀਤੀ। ਉਨਾਂ ਕਿਹਾ ਕਿ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਕੋਰੋਨਾ ਤੋਂ ਬਚਾਅ ਲਈ ਵਰਤੀਆਂ ਜਾਣ ਵਾਲੀਆਂ ਸਾਵਧਾਨੀਆਂ ਬਾਰੇ ਜਾਗਰੂਕ ਕੀਤਾ ਜਾਵੇ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਹੋਰਨਾਂ ਵਿਭਾਗਾਂ ਦੇ ਵੀ ਮੂਹਰਲੀ ਕਤਾਰ ਵਿਚ ਡਟੇ ਕੋਰੋਨਾ ਯੋਧਿਆਂ ਦਾ ਸਨਮਾਨ ਕੀਤਾ ਜਾਵੇਗਾ। ਇਸ ਮੌਕੇ ਲੋਕ ਸੰਪਰਕ ਅਫ਼ਸਰ ਸ. ਹਰਦੇਵ ਸਿੰਘ ਆਸੀ, ਮੈਡਮ ਅੰਜੂ ਬਾਲਾ ਅਤੇ ਹੋਰ ਹਾਜ਼ਰ ਸਨ।