DC review prevent floods: ਸੁਲਤਾਨਪੁਰ ਲੋਧੀ, 17 ਜੂਨ : ਵਿਧਾਇਕ ਸੁਲਤਾਨਪੁਰ ਲੋਧੀ ਸ. ਨਵਤੇਜ ਸਿੰਘ ਚੀਮਾ ਅਤੇ ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਅੱਜ ਅਧਿਕਾਰੀਆਂ ਨਾਲ ਦਰਿਆ ਨਾਲ ਲੱਗਦੇ ਉਨਾਂ ਇਲਾਕਿਆਂ ਦਾ ਤੂਫ਼ਾਨੀ ਦੌਰਾ ਕੀਤਾ, ਜਿਥੇ ਬੀਤੇ ਵਰੇ ਹੜਾਂ ਨੇ ਭਾਰੀ ਤਬਾਹੀ ਮਚਾਈ ਸੀ। ਇਸ ਦੌਰਾਨ ਉਨਾਂ ਦਰਿਆ ਨਾਲ ਲੱਗਦੇ ਇਲਾਕਿਆਂ ਨੂੰ ਹੜਾਂ ਦੀ ਮਾਰ ਤੋਂ ਬਚਾਅ ਲਈ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤਾਂ ਤੋਂ ਪਹਿਲਾਂ ਹੜਾਂ ਤੋਂ ਬਚਾਅ ਲਈ ਕੰਮ ਮੁਕੰਮਲ ਕਰ ਲਏ ਜਾਣ, ਤਾਂ ਜੋ ਲੋਕਾਂ ਨੂੰ ਕਿਸੇ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ। ਇਸ ਦੌਰਾਨ ਉਨਾਂ ਦਰਿਆ ਨਾਲ ਲੱਗਦੇ ਇਲਾਕਾ ਵਾਸੀਆਂ ਦੀਆਂ ਮੁਸ਼ਕਲਾਂ ਵੀ ਸੁਣੀਆਂ ਅਤੇ ਉਨਾਂ ਦੇ ਹੱਲ ਦਾ ਭਰੋਸਾ ਦਿਵਾਇਆ। ਉਨਾਂ ਵਿਸ਼ਵਾਸ ਦਿਵਾਇਆ ਕਿ ਬਰਸਾਤ ਦੇ ਸੀਜ਼ਨ ਦੌਰਾਨ ਉਨਾਂ ਨੂੰ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਹੜਾਂ ਦੀ ਰੋਕਥਾਮ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਏ ਜਾਣਗੇ। ਇਸ ਮੌਕੇ ਉਨਾਂ ਭਰੋਆਣਾ, ਲੱਖ ਵਰਿਆਂ, ਬਾੳੂਪੁਰ, ਸਰੂਪਵਾਲ, ਪੱਸਣ ਕਦੀਮ, ਟਿੱਬੀ, ਮੰਡ ਇੰਦਰਪੁਰ ਅਤੇ ਹੋਰਨਾਂ ਉਨਾਂ ਖੇਤਰਾਂ ਦਾ ਜਾਇਜ਼ਾ ਲਿਆ, ਜਿਹੜੇ ਹਰ ਸਾਲ ਹੜਾਂ ਦੀ ਸੰਭਾਵਨਾ ਬਣੀ ਰਹਿੰਦੀ ਹੈ, ਪਰੰਤੂ ਪਿਛਲੇ ਸਾਲ ਹੜ ਆਉਣ ਕਾਰਨ ਬਹੁਤ ਵੱਡੇ ਰਕਬੇ ਦਾ ਨੁਕਸਾਨ ਹੋਇਆ ਸੀ। ਇਸ ਦੌਰਾਨ ਉਨਾਂ ਨਾਜ਼ੁਕ ਥਾਵਾਂ ’ਤੇ ਚੱਲ ਰਹੇ ਮਜ਼ਬੂਤੀ ਦੇ ਕਾਰਜਾਂ ਦਾ ਵੀ ਜਾਇਜ਼ਾ ਲਿਆ। ਇਸ ਮੌਕੇ ਵਿਧਾਇਕ ਸ. ਨਵਤੇਜ ਸਿੰਘ ਚੀਮਾ ਨੇ ਕਿਹਾ ਕਿ ਉਹ ਹਲਕਾ ਸੁਲਤਾਨਪੁਰ ਲੋਧੀ ਦੇ ਦਰਿਆ ਕੰਢੇ ਬੈਠੇ ਲੋਕਾ ਦੀਆਂ ਮੁਸ਼ਕਲਾਂ ਤੋਂ ਭਲੀ-ਭਾਂਤ ਜਾਣੂ ਹਨ ਅਤੇ ਉਨਾਂ ਨੇ ਪਿਛਲੇ ਹੜਾਂ ਦੌਰਾਨ ਖ਼ੁਦ ਤਬਹੀ ਦਾ ਮੰਜ਼ਰ ਵੇਖਿਆ ਹੈ। ਉਨਾਂ ਵਿਸ਼ਵਾਸ ਦਿਵਾਇਆ ਕਿ ਇਸ ਸਾਲ ਅਜਿਹੀ ਨੌਬਤ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖ਼ੁਦ ਇਸ ਸਬੰਧੀ ਚਿੰਤਤ ਹਨ ਅਤੇ ਉਨਾਂ ਵੱਲੋਂ ਹੜਾਂ ਤੋਂ ਬਚਾਅ ਲਈ ਅਗਾਊ ਪੁਖ਼ਤਾ ਪ੍ਰਬੰਧਾਂ ਸਬੰਧੀ ਵਿਸ਼ੇਸ਼ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ ਤਾਂ ਜੋ ਪਿਛਲੇ ਸਾਲ ਵਾਂਗ ਨੁਕਸਾਨ ਨਾ ਹੋਵੇ।
ਉਨਾਂ ਕਿਹਾ ਕਿ ਬੰਨਾਂ ਦੀ ਮਜ਼ਬੂਤੀ ਲਈ ਹਰੇਕ ਸੰਭਵ ਕਦਮ ਚੁੱਕੇ ਜਾਣਗੇ ਅਤੇ ਸਰਕਾਰ ਪਾਸੋਂ ਇਸ ਸਬੰਧੀ ਲੋੜੀਂਦੇ ਫੰਡ ਜਾਰੀ ਕਰਵਾਏ ਜਾਣਗੇ। ਉਨਾਂ ਇਹ ਵੀ ਦੱਸਿਆ ਕਿ ਮੰਡ ਬਾਊਪੁਰ ਵਿਖੇ ਪਲਟੂਨ ਪੁਲ ਦੀ ਥਾਂ ਨਵਾਂ ਸਥਾਈ ਪੁਲ ਜਲਦ ਹੀ ਚਾਲੂ ਕੀਤਾ ਜਾਵੇਗਾ, ਜਿਹੜਾ ਕਿ ਦਰਿਆ ਵਿਚ ਪਾਣੀ ਦਾ ਵਹਾਅ ਜ਼ਿਆਦਾ ਹੋਣ ਕਾਰਨ ਅਜੇ ਮੁਕੰਮਲ ਨਹੀਂ ਹੋ ਸਕਿਆ। ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਨੇ ਇਸ ਦੌਰਾਨ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਹੜਾਂ ਦੀ ਰੋਕਥਾਮ ਲਈ ਅਗੇਤੇ ਪ੍ਰਬੰਧ ਮੁਕੰਮਲ ਕੀਤੇ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਕੋਈ ਨੁਕਸਾਨ ਨਾ ਪਹੁੰਚੇ। ਉਨਾਂ ਕਿਹਾ ਕਿ ਡਰੇਨੇਜ ਵਿਭਾਗ ਨੂੰ ਨਾਜ਼ੁਕ ਥਾਵਾਂ ਦੀ ਮਜ਼ਬੂਤੀ ਦੇ ਨਾਲ-ਨਾਲ ਡਰੇਨਾਂ ਅਤੇ ਬਰਸਾਤੀ ਨਾਲਿਆਂ ਦੀ ਸਫਾਈ ਦੇ ਕੰਮ ਨੂੰ ਵੀ ਮਿੱਥੇ ਸਮੇਂ ਸਿਰ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਗਏ ਹਨ। ਉਨਾਂ ਕਿਹਾ ਕਿ ਸੰਭਾਵੀ ਹੜਾਂ ਤੋਂ ਬਚਾਅ ਲਈ ਵਿਸਥਾਰਤ ਯੋਜਨਾ ਤਿਆਰ ਕੀਤੀ ਗਈ ਹੈ ਅਤੇ ਇਸ ਸਬੰਧੀ ਵੱਖ-ਵੱਖ ਵਿਭਾਗਾਂ ਦੀਆਂ ਪਹਿਲਾਂ ਹੀ ਡਿੳੂਟੀਆਂ ਲਗਾ ਕੇ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਜਾ ਚੁੱਕੇ ਹਨ। ਇਸ ਮੌਕੇ ਐਸ. ਡੀ. ਐਮ ਸੁਲਤਾਨਪੁਰ ਲੋਧੀ ਡਾ. ਚਾਰੂਮਿਤਾ, ਐਸ. ਡੀ. ਓ ਡਰੇਨੇਜ ਸ੍ਰੀ ਕਮਲਜੀਤ ਲਾਲ, ਸ. ਪਰਮਜੀਤ ਸਿੰਘ ਬਾਊਪੁਰ, ਸਰਪੰਚ ਜਸਪਾਲ ਸਿੰਘ ਫੱਤੋਵਾਲ, ਸ੍ਰੀ ਰਵਿੰਦਰ ਰਵੀ ਅਤੇ ਸ. ਦਵਿੰਦਰ ਪਾਲ ਸਿੰਘ ਆਹੂਜਾ ਤੋਂ ਇਲਾਵਾ ਹੋਰ ਅਧਿਕਾਰੀ ਉਨਾਂ ਦੇ ਨਾਲ ਸਨ।