Deputy Commissioner emphasized: ਜਲੰਧਰ 21 ਜੂਨ 2020 : ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਨੇ ਉਪ ਮੰਡਲ ਮੈਜਿਸਟਰੇਟਾਂ ਅਤੇ ਵੱਖ ਵੱਖ ਵਿਭਾਗਾਂ ਦੇ ਜ਼ਿਲ੍ਹਾ ਮੁਖੀਆਂ ਨੂੰ ਕਿਹਾ ਕਿ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਸੂਬੇ ਦੇ ਬਾਕੀ ਜ਼ਿਲਿਆਂ ਨਾਲੋਂ ਅਰਜ਼ੀਆਂ ਦੇ ਘੱਟ ਤੋਂ ਘੱਟ ਬਕਾਇਆ ਕੇਸਾਂ ਨੂੰ ਯਕੀਨੀ ਬਣਾਇਆ ਜਾਵੇ। ਉਪ ਮੰਡਲ ਮੈਜਿਸਟਰੇਟਾਂ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਉਨਾਂ ਨੂੰ ਹਦਾਇਤ ਕੀਤੀ ਕਿ ਉਨ੍ਹਾਂ ਨਾਲ ਸਬੰਧਿਤ ਸਬ ਡਵੀਜ਼ਨਾਂ ਵਿੱਚ ਘੱਟ ਤੋਂ ਘੱਟ ਫਾਈਲਾਂ ਬਕਾਇਆ ਰਹਿਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਲੋਕਾਂ ਨੂੰ ਵੱਧ ਤੋਂ ਵੱਧ ਨਾਗਰਿਕ ਸੇਵਾਵਾਂ ਦਾ ਲਾਭ ਪਹੁੰਚਾਇਆ ਜਾਵੇ। ਸ੍ਰੀ ਥੋਰੀ ਨੇ ਉਪ ਮੰਡਲ ਮੈਜਿਸਟਰੇਟਾਂ ਨੂੰ ਕਿਹਾ ਕਿ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਜਲਦ ਤੋਂ ਜਲਦ ਬਕਾਇਆ ਕੰਮਾਂ ਨੂੰ ਨਿਪਟਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਕਾਇਆ ਕੰਮਾਂ ਦੇ ਨਿਪਟਾਰੇ ਵਿੱਚ ਕਿਸੇ ਤਰ੍ਹਾਂ ਦੀ ਅਣਗਹਿਲੀ ’ਤੇ ਢਿੱਲ ਮੱਠ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਹ ਖੁਦ ਸੇਵਾ ਕੇਂਦਰਾਂ ਵਿੱਚ ਬਕਾਇਆ ਕੰਮਾਂ ਦੀ ਨਿਗਰਾਨੀ ਕਰਨਗੇ ਤੇ ਇਸ ਦੇ ਜਲਦ ਤੋਂ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕ ਲੋਕਾਂ ਦੇ ਕੰਮਾਂ ਦੇ ਨਿਪਟਾਰੇ ਨੂੰ ਪਹਿਲ ਦਿੱਤੀ ਜਾਵੇ ਤਾਂ ਕਿ ਲੋਕਾਂ ਨੂੰ ਇਸ ਨਾਲ ਰਾਹਤ ਮਿਲ ਸਕੇ।
ਸੇਵਾ ਕੇਂਦਰਾਂ ਵਿਖੇ ਲੋਕਾਂ ਨੂੰ ਨਿਰਵਿਘਨ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਸੇਵਾ ਕੇਂਦਰਾਂ ਦੀ ਪਾਰਦਰਸੀ ਕਾਰਜ ਪ੍ਰਣਾਲੀ ’ਤੇ ਜੋਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਵਲੋਂ ਲੋਕਾਂ ਨੂੰ ਬਿਨਾਂ ਕਿਸੇ ਦੇਰੀ ਦੇ ਜਲਦ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਸੇਵਾ ਕੇਂਦਰ ਲੋਕਾਂ ਦੀ ਸਹੂਲਤ ਲਈ ਖੋਲ੍ਹੇ ਗਏ ਹਨ ਇਸ ਲਈ ਸੇਵਾ ਕੇਂਦਰਾਂ ਵਲੋਂ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਲਈ ਕਿਸੇ ਵੀ ਅਣਗਹਿਲੀ ਨੂੰ ਕਿਸੇ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਸੇਵਾ ਕੇਂਦਰਾਂ ਦੀ ਸੁਚੱਜੀ ਕਾਰਜਪ੍ਰਣਾਲੀ ਲਈ ਨਿਯਮਤ ਜਾਂਚ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਲੋਂ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਜ਼ੀਰੋ ਟੋਲਰੈਂਸ ਨੀਤੀ ਨੂੰ ਅਪਣਾਇਆ ਜਾਵੇ।