District Employment and Business: ਜਲੰਧਰ: ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਵਿਭਾਗ ਵਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਨੂੰ ਪਾਸ ਕਰਨ ਅਤੇ ਸੁਚੱਜੇ ਢੰਗ ਨਾਲ ਨੌਕਰੀ ਲਈ ਇੰਟਰਵਿਊ ਦੇਣ ਲਈ ਤਿਆਰ ਕਰਨ ਵਾਸਤੇ ਆਨਲਾਈਨ ਕੋਚਿੰਗ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਕਾਰਜਕਾਰੀ ਅਫ਼ਸਰ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਵਿਭਾਗ ਵਲੋਂ ਬੇਰੋਜਗਾਰ ਨੌਜਵਾਨਾਂ ਲਈ ਆਨ ਲਾਈਨ ਕੋਚਿੰਗ ਪੰਜਾਬ ਸਰਕਾਰ ਦੀ ‘ਘਰ-ਘਰ ਰੋਜ਼ਗਾਰ’ ਸਕੀਮ ਤਹਿਤ ਕੋਵਿਡ-19 ਮਹਾਂਮਾਰੀ ਦੌਰਾਨ ਲਗਾਏ ਗਏ ਲਾਕਡਾਊਨ ਦੌਰਾਨ ਸ਼ੁਰੂ ਕੀਤੀ ਗਈ ਹੈ ।
ਉਨ੍ਹਾਂ ਕਿਹਾ ਕਿ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਵਿਭਾਗ ਦੇ ਮਾਹਿਰ ਕਾਊਂਸਲਰਾਂ ਵਲੋਂ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਨੌਕਰੀਆਂ ਦੀ ਪ੍ਰਾਪਤੀ ਲਈ ਇਮਤਿਹਾਨ , ਬੈਂਕ/ਐਸ.ਐਸ.ਸੀ ਦਾ ਇਮਤਿਹਾਨ ਪਾਸ ਕਰਨ ਤੋਂ ਇਲਾਵਾ ਇੰਟਰਵਿਊ ਦੀ ਤਿਆਰੀ ਸਬੰਧੀ ਮੁਫ਼ਤ ਕੋਚਿੰਗ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਕਾਊਂਸਲਰਾਂ ਵਲੋਂ ਸਵੈ ਰੋਜ਼ਗਾਰ ਦੀ ਸਕੀਮਾਂ ਅਤੇ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਵਿਭਾਗ ਵਲੋਂ ਕੀਤੀਆਂ ਜਾ ਰਹੀਆਂ ਵੱਖ-ਵੱਖ ਗਤੀਵਿਧੀਆਂ ਬਾਰੇ ਜਾਣੂੰ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਆਨਲਾਈਨ ਕੋਚਿੰਗ ਲਈ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਦਫ਼ਤਰ ਵਲੋਂ ਵੱਧ ਤੋਂ ਵੱਧ ਨੌਜਵਾਨਾਂ ਨੂੰ ਕਵਰ ਕੀਤਾ ਜਾਵੇਗਾ। ਡਿਪਟੀ ਡਾਇਰੈਕਟਰ ਸ੍ਰੀਮਤੀ ਸੁਨੀਤਾ ਕਲਿਆਣ ਨੇ ਦੱਸਿਆ ਕਿ ਮੁਫ਼ਤ ਆਨਲਾਈਨ ਕੋਚਿੰਗ ਲੈਣ ਦੇ ਚਾਹਵਾਨ ਜੋ 10+2 ਪਾਸ ਹਨ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਦਫ਼ਤਰ ਵਿਖੇ ਕਰੀਆ ਕਾਊਂਸਲਰ ਜਸਬੀਰ ਸਿੰਘ ਦੇ ਮੋਬਾਇਲ ਨੰਬਰ 89683-21674 ’ਤੇ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਸੰਪਰਕ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਰੋਜ਼ਗਾਰ ਦੀ ਭਾਲ ਕਰ ਰਹੇ ਨੌਜਵਾਨ ਵੈਬਸਾਈਟ www.pgrkam.com ’ਤੇ ਸੰਪਰਕ ਕਰ ਸਕਦੇ ਹਨ।