ਤਿੰਨ ਖੇਤੀਬਾੜੀ ਬਿੱਲਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈਕੇ ਜਿੱਥੇ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਕਿਸਾਨ ਜਥੇਬੰਦੀਆਂ ਵੱਲੋਂ ਪਿਛਲੇ 7 ਮਹੀਨੇ ਤੋਂ ਵੀ ਜਿਆਦਾ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਸੰਘਰਸ਼ ਕੀਤਾ ਜਾ ਰਿਹਾ ਹੈ। ਉੱਥੇ ਹੀ ਪੰਜਾਬ ਦੇ ਕਿਸਾਨਾਂ ਵੱਲੋਂ ਇਸ ਅੰਦੋਲਨ ਵਿੱਚ ਆਪਣਾ ਅਹਿਮ ਯੋਗਦਾਨ ਪਾਇਆ ਜਾ ਰਿਹਾ ਹੈ ਅਤੇ ਲਗਾਤਾਰ ਕਿਸਾਨ ਜਥੇਬੰਦੀਆਂ ਦਿੱਲੀ ਪਹੁੰਚ ਰਹੀਆਂ ਹਨ।
ਇਸੇ ਸਬੰਧ ਵਿਚ ਅੱਜ ਗੜ੍ਹਸ਼ੰਕਰ ਤੋਂ ਦੋਆਬਾ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਕਿਸਾਨਾਂ ਦਾ ਲਗਭਗ 100 ਗੱਡੀਆਂ ਦਾ ਕਾਫਲਾ ਦਿੱਲੀ ਅੰਦੋਲਨ ਵਿੱਚ ਸ਼ਾਮਿਲ ਹੋਣ ਲਈ ਰਵਾਨਾ ਹੋਇਆ। ਇਸ ਮੌਕੇ ਗੱਲਬਾਤ ਕਰਦੇ ਹੋਏ ਦੋਆਬਾ ਕਿਸਾਨ ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਕੇਂਦਰ ਦੀ ਬੀਜੇਪੀ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀਬਾੜੀ ਵਿਰੋਧੀ ਬਿੱਲਾਂ ਦੇ ਕਾਰਨ ਦੇਸ਼ ਦੀ ਅਰਥਵਿਵਸਥਾ ਖ਼ਤਰੇ ‘ਚ ਪੈ ਚੁੱਕੀ ਹੈ। ਇਸ ਲਈ ਦੇਸ਼ ਦਾ ਅੰਨਦਾਤਾ ਇਨ੍ਹਾਂ ਕਾਲੇ ਕਾਨੂੰਨਾਂ ਦੇ ਖਿਲਾਫ਼ ਉਦੋਂ ਤੱਕ ਸੰਘਰਸ਼ ਜਾਰੀ ਰੱਖੇਗਾ ਜਦੋਂ ਤੱਕ ਮੋਦੀ ਸਰਕਾਰ ਖੇਤੀਬਾੜੀ ਵਿਰੋਧੀ ਕਾਲੇ ਕਾਨੂੰਨ ਵਾਪਿਸ ਨਹੀਂ ਲੈਂਦੀ।