Launch of Helpline number for providing : ਜਲੰਧਰ ਜ਼ਿਲੇ ਨੂੰ ਨਸ਼ਾ ਮੁਕਤ ਬਣਾਉਣ ਲਈ ਨਸ਼ਾ ਅਤੇ ਸ਼ਰਾਬ ਤਸਕਰਾਂ ਖਿਲਾਫ ਸਖਤ ਨੁਕੇਲ ਕੱਸਦੇ ਹੋਏ ਇਸ ਦਿਸ਼ਾ ਵੱਲ ਕਦਮ ਵਧਾਉਂਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਘਨਸ਼ਿਆਮ ਥੋਰੀ ਵਲੋਂ ਹੈਲਪਲਾਈਨ ਨੰਬਰ 85569-18229 ਦੀ ਸ਼ੁਰੂਆਤ ਕੀਤੀ ਗਈ ਹੈ, ਜੋਕਿ ਦਿਨ ਦੇ 24 ਘੰਟੇ ਕੰਮ ਕਰੇਗੀ। ਇਸ ਹੈਲਪਲਾਈਨ ਨੰਬਰ ’ਤੇ ਆਪਣੇ ਆਲੇ-ਦੁਆਲੇ ਹੁੰਦੇ ਹੋਏ ਕਿਸੇ ਵੀ ਤਰ੍ਹਾਂ ਦੇ ਨਸ਼ਾ ਜਾਂ ਨਾਜਾਇਜ਼ ਸ਼ਰਾਬ ਦੀ ਸਮੱਗਲਿੰਗ ਸਬੰਧੀ ਆਮ ਲੋਕਾਂ ਵੱਲੋਂ ਜਾਣਕਾਰੀ ਦਿੱਤੀ ਜਾ ਸਕਦੀ ਹੈ, ਜਿਸ ’ਤੇ ਇਨ੍ਹਾਂ ਸਮੱਗਲਰਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਨਸ਼ਿਆਂ ਦੀ ਤਸਕਰੀ ਜਾਂ ਨਜ਼ਾਇਜ਼ ਸ਼ਰਾਬ ਦੀ ਸਮੱਗਲਿੰਗ ਸਬੰਧੀ ਕੋਈ ਕੁਝ ਪਤਾ ਚੱਲਦਾ ਹੈ ਤਾਂ ਉਹ ਹੈਲਪਲਾਈਨ ਨੰਬਰ 85569-18229 ‘ਤੇ ਤੁਰੰਤ ਇਹ ਜਾਣਕਾਰੀ ਦੇ ਸਕਦਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਅਤੇ ਨਜਾਇਜ਼ ਸ਼ਰਾਬ ਦੀ ਸਮੱਗਲਿੰਗ ਸਬੰਧੀ ਜਾਣਕਾਰੀ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ ਅਤੇ ਇਸ ਨੂੰ ਕਿਸੇ ਨੂੰ ਵੀ ਨਹੀਂ ਦੱਸਿਆ ਜਾਵੇਗਾ।
ਇਸ ਦੇ ਨਾਲ ਹੀ ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹ ਹੈਲਪਲਾਈਨ ਲੋਕਾਂ ਦੀ ਸੇਵਾ ਲਈ 24 ਘੰਟੇ ਕੰਮ ਕਰੇਗੀ, ਤਾਂਜੋ ਦਿਨ-ਰਾਤ ਕਿਸੇ ਵੀ ਵੇਲੇ ਇਸ ਸਬੰਧੀ ਜਾਣਕਾਰੀ ਦਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਹੈਲਪਲਾਈਨ ਨੰਬਰ ਦੀ ਸ਼ੁਰੂਆਤ ਕਰਨ ਦਾ ਮੁੱਖ ਟੀਚਾ ਨਸ਼ਿਆਂ ਅਤੇ ਨਜਾਇਜ਼ ਸ਼ਰਾਬ ਦੀ ਸਪਲਾਈ ਲਾਈਨ ਨੂੰ ਖ਼ਤਮ ਕਰਨਾ ਹੈ, ਜਿਸ ਲਈ ਲੋਕਾਂ ਕੋਲੋਂ ਪੂਰਾ ਸਹਿਯੋਗ ਤੇ ਮਦਦ ਮਿਲਣ ਨਾਲ ਹੀ ਇਸ ਮੰਤਵ ਨੂੰ ਪੂਰਾ ਕੀਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੀ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਵਚਨਬੱਧਤਾ ਤਹਿਤ ਜ਼ਿਲਾ ਪ੍ਰਸ਼ਾਸਨ ਵਲੋਂ ਲੋਕਾਂ ਦੇ ਸਹਿਯੋਗ ਨਾਲ ਇਸ ਟੀਚੇ ਨੂੰ ਜਲਦ ਪ੍ਰਾਪਤ ਕਰ ਲਿਆ ਜਾਵੇਗਾ।