Mission Fateh: ਜਲੰਧਰ: ਜ਼ਿਲ੍ਹੇ ਵਿੱਚ ਔਰਤਾਂ ਨੂੰ ਸਵੈ ਨਿਰਭਰ ਬਣਾਉਣ ਦੇ ਮੰਤਵ ਨਾਲ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜ਼ਿਲ੍ਹੇ ਦੇ 8 ਸਵੈ ਸਹਾਇਤਾ ਗਰੁੱਪਾਂ ਨੂੰ 1.20 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਤਾਂ ਜੋ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਸ਼ੁਰੂ ਕੀਤੇ ਗਏ ‘ਮਿਸ਼ਨ ਫ਼ਤਿਹ’ ਤਹਿਤ ਕੋਵਿਡ-19 ਦੌਰਾਨ ਸੂਬੇ ਦੀ ਆਰਥਿਕਤਾ ਨੂੰ ਮੁੜ ਲੀਹਾਂ ’ਤੇ ਲਿਆਂਦਾ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਬਲਾਕ ਵਿਕਾਸ ਅਫ਼ਸਰ ਜਲੰਧਰ (ਪੱਛਮੀ) ਸ੍ਰੀਮਤੀ ਸੁਖਬੀਰ ਕੌਰ ਨੇ ਦੱਸਿਆ ਕਿ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਵਿਸ਼ੇਸ਼ ਸਾਰੰਗਲ ਵਲੋਂ ਪੰਜਾਬ ਰਾਜ ਪੇਂਡੂ ਜੀਵਨ ਨਿਰਵਾਹ ਮਿਸ਼ਨ ਤਹਿਤ ਅੱਜ ਸਵੈ ਸਹਾਇਤਾ ਗਰੁੱਪਾਂ ਜਿਨਾਂ ਵਿੱਚ ਨੁੱਸੀ, ਬੱਖੂ, ਨੰਗਲ, ਕਾਹਲਵਾਂ, ਮੰਡ, ਬਸਤੀ, ਇਬਰਾਹਿਮ ਖਾਨ ਅਤੇ ਸੰਗਲ ਸੋਹਲ ਸ਼ਾਮਿਲ ਹਲ ਨੂੰ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮਿਸ਼ਨ ਦਾ ਮੁੱਖ ਮੰਤਵ ਪੇਂਡੂ ਗਰੀਬ ਵਸੋਂ ਨੂੰ ਸਵੈ ਸਹਾਇਤਾ ਗਰੁੱਪਾਂ ਤਹਿਤ ਸਮਰੱਥ ਸੰਸਥਾਵਾਂ ਦਾ ਸਾਂਝਾ ਮੰਚ ਪ੍ਰਦਾਨ ਕਰਕੇ ਉਨ੍ਹਾਂ ਦੀ ਘਰੇਲੂ ਆਮਦਨ ਨੂੰ ਵਧਾ ਕੇ ਉਨ੍ਹਾਂ ਦੇ ਵਿੱਤੀ ਸਾਧਨਾ ਨੂੰ ਵਧਾਉਣਾ ਹੈ। ਉਨ੍ਹਾਂ ਕਿਹਾ ਕਿ ਇਹ ਮਿਸ਼ਨ ਦਿਹਾਤੀ ਖੇਤਰ ਦੀਆਂ ਮਹਿਲਾਵਾਂ ਲਈ ਸਵੈ ਸਹਾਇਤਾ ਗਰੁੱਪਾਂ ਰਾਹੀਂ ਰੋਜਗਾਰ ਦੇ ਨਵੇਂ ਰਾਹ ਖੋਲ੍ਹ ਕੇ ਉਨਾਂ ਦੀ ਕਿਸਮਤ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਏਗਾ।
ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਨੇ ਕਿਹਾ ਕਿ ਸਵੈ ਸਹਾਇਤਾ ਗਰੁੱਪਾ ਨੂੰ ਹੋਰ ਜ਼ਿਆਦਾ ਸਵੈ ਨਿਰਭਰ ਅਤੇ ਪ੍ਰਗਤੀਸ਼ੀਲ ਬਣਾਉਣ ਲਈ ਹੋਰ ਫੰਡਾਂ ਨੂੰ ਜਾਰੀ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੇਂਡੂ ਆਰਥਿਕਤਾ ਨੂੰ ਹੋਰ ਮਜ਼ਬੂਤ ਕਰਨ ਲਈ ਇਨ੍ਹਾਂ ਸਵੈ ਸਹਾਇਤਾ ਗਰੁੱਪਾ ਨੂੰ ਹੋਰ ਮਜ਼ਬੂਤ ਕਰਨ ਲਈ ਸੰਜੀਦਾ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਵਲੋਂ ਪਹਿਲਾਂ ਹੀ ਜ਼ਿਆਦਾ ਤੋਂ ਜ਼ਿਆਦਾ ਸਵੈ ਸਹਾਇਤਾ ਗਰੁੱਪਾਂ ਨੂੰ ਸ਼ੁਰੂ ਕਰਨ ਸਬੰਧੀ ਪ੍ਰਕਿਰਿਆ ਨੂੰ ਸ਼ੁਰੂ ਕੀਤਾ ਜਾ ਚੁੱਕਾ ਹੈ ਤਾਂ ਜੋ ਮਹਿਲਾਵਾਂ ਨੂੰ ਸਸ਼ਕਤ ਬਣਾਕੇ ਸੂਬੇ ਦੇ ਆਰਥਿਕ ਵਿਕਾਸ ਵਿੱਚ ਬਰਾਬਰ ਦਾ ਭਾਈਵਾਲ ਬਣਾਇਆ ਜਾ ਸਕੇ। ਇਸ ਮੌਕੇ ਬਲਾਕ ਪ੍ਰੋਗਰਾਮ ਮੇਨੈਜਰ ਰੀਟਾ ਕਸ਼ਅਪ ਨੇ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਵਧੀਕ ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਦਾ ਸਵੈ ਸਹਾਇਤਾ ਗਰੁੱਪਾਂ ਨੂੰ ਫੰਡ ਜਾਰੀ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਇਸ ਨਾਲ ਸਵੈ ਸਹਾਇਤਾ ਗਰੁੱਪਾਂ ਨੂੰ ਹੋਰ ਮਜ਼ਬੂਤੀ ਤੇ ਉਤਸ਼ਾਹ ਨਾਲ ਕੰਮ ਵਿੱਚ ਵੱਡਾ ਸਹਿਯੋਗ ਮਿਲੇਗਾ ਜੋ ਕਿ ਮਹਿਲਾਵਾਂ ਦੇ ਸਸ਼ਕਤੀਕਰਨ ਦਾ ਪ੍ਰਤੀਕ ਹਨ।