ਨਵਾਂਸ਼ਹਿਰ, 6 ਨਵੰਬਰ : ਜ਼ਿਲਾ ਮੈਜਿਸਟ੍ਰੇਟ ਸ਼ਹੀਦ ਭਗਤ ਸਿੰਘ ਨਗਰ ਡਾ. ਸ਼ੇਨਾ ਅਗਰਵਾਲ ਨੇ ਪੰਜਾਬ ਸਰਕਾਰ ਦੇ ਗ੍ਰਹਿ ਤੇ ਨਿਆਂ ਮੰਤਰਾਲੇ ਵਲੋਂ ਜਾਰੀ ਤਾਜ਼ਾ ਦਿਸ਼ਾ-ਨਿਰਦੇਸ਼ਾਂ ਦੀ ਰੋਸ਼ਨੀ ਵਿਚ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਕੰਟੇਨਮੈਂਟ ਜ਼ੋਨ ਤੋਂ ਬਾਹਰਲੇ ਖੇਤਰਾਂ ਵਿਚ ਪੈਂਦੀਆਂ ਸਮੂਹ ਉਚੇਰੀ ਸਿੱਖਿਆ, ਮੈਡੀਕਲ ਸਿੱਖਿਆ ਤੇ ਖੋਜ ਅਤੇ ਤਕਨੀਕੀ ਸਿੱਖਿਆ ਸੰਸਥਾਵਾਂ, ਜਿਨਾਂ ਵਿਚ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜ ਵੀ ਸ਼ਾਮਲ ਹਨ, ਨੂੰ 16 ਨਵੰਬਰ 2020 ਤੋਂ ਮੁੜ ਖੋਲਣ ਦੇ ਆਦੇਸ਼ ਜਾਰੀ ਕੀਤੇ ਹਨ। ਹਾਲਾਂਕਿ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਅਧੀਨ ਯੂਨੀਵਰਸਿਟੀਆਂ ਤੇ ਕਾਲਜਾਂ ਦੇ ਆਖ਼ਰੀ ਸਾਲ ਦੇ ਵਿਦਿਆਰਥੀਆਂ ਦੀਆਂ ਜਮਾਤਾਂ 9 ਨਵੰਬਰ ਤੋਂ ਸ਼ੁਰੂ ਹੋਣਗੀਆਂ। ਜਾਰੀ ਹੁਕਮਾਂ ਅਨੁਸਾਰ ਉਪਰੋਕਤ ਸਮੂਹ ਸੰਸਥਾਵਾਂ ਨੂੰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਅਤੇ ਕੇਂਦਰ ਸਰਕਾਰ ਦੇ ਸਬੰਧਤ ਮੰਤਰਾਲੇ ਦੀ ਸਲਾਹ ਨਾਲ ਆਪਣੇ ਸਬੰਧਤ ਪ੍ਰਬੰਧਕੀ ਵਿਭਾਗਾਂ ਵੱਲੋਂ ਤਿਆਰ ਕੀਤੀਆਂ ਸੁਰੱਖਿਆ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਕਰਨੀ ਲਾਜ਼ਮੀ ਹੋਵੇਗੀ।