Sarpanch attacked in : ਫਗਵਾੜਾ : ਅੱਜ ਫਗਵਾੜਾ ਵਿਖੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਅੱਧੀ ਦਰਜਨ ਦੇ ਲਗਭਗ ਹਮਲਾਵਰਾਂ ਨੇ ਇੱਕ ਸਰਪੰਚ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਦੌਰਾਨ ਸਰਪੰਚ ਗੰਭੀਰ ਤੌਰ ‘ਤੇ ਜ਼ਖਮੀ ਹੋ ਗਿਆ ਅਤੇ ਉਨ੍ਹਾਂ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਸਰਪੰਚ ਦੀ ਪਛਾਣ 60 ਸਾਲਾ ਸਰਪੰਚ ਹਰਜੀਤ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਸਰਪੰਚ ‘ਤੇ ਹਮਲਾਵਰਾਂ ਵੱਲੋਂ ਉਸ ਸਮੇਂ ਹਮਲਾ ਕੀਤਾ ਗਿਆ ਜਦੋਂ ਉਹ ਰੋਜ਼ਾਨਾਂ ਵਾਂਗ ਦੁੱਧ ਲੈਣ ਜਾ ਰਿਹਾ ਸੀ।
ਪੁਲਿਸ ਵੱਲੋਂ ਸਾਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਹਮਲੇ ਦਾ ਕਾਰਨ ਪੁਰਾਣੀ ਰੰਜਿਸ਼ ਦੱਸਿਆ ਜਾ ਰਿਹਾ ਹੈ। ਸਰਪੰਚ ਨੂੰ ਪਹਿਲਾਂ ਫਗਵਾੜਾ ਦੇ ਸਿਵਲ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ ਪਰ ਉਥੇ ਉਨ੍ਹਾਂ ਦੀ ਤਬੀਅਤ ਜ਼ਿਆਦਾ ਖਰਾਬ ਹੋਣ ਕਾਰਨ ਉਨ੍ਹਾਂ ਨੂੰ DMC ਸ਼ਿਫਟ ਕਰ ਦਿੱਤਾ ਗਿਆ। ਉਥੇ ਵੀ ਸਰਪੰਚ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪਤਾ ਲੱਗਾ ਹੈ ਕਿ ਹਮਲਾਵਰਾਂ ਖੇਤਾਂ ‘ਚ ਲੁਕੇ ਹੋਏ ਸਨ ਤੇ ਸਰਪੰਚ ਦੇ ਆਉਣ ‘ਤੇ ਇਨ੍ਹਾਂ ਸਾਰੇ ਹਮਲਾਵਰਾਂ ਨੇ ਤਲਵਾਰਾਂ ਤੇ ਦਾਤਰਾਂ ਨਾਲ ਉਸ ‘ਤੇ ਹਮਲਾ ਕਰ ਦਿੱਤਾ ਜਿਸ ਕਾਰਨ ਸਰਪੰਚ ਗੰਭੀਰ ਤੌਰ ‘ਤੇ ਜ਼ਖਮੀ ਹੋ ਗਿਆ। ਹਮਲਾ ਕਰਨ ਤੋਂ ਬਾਅਦ ਸਾਰੇ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਵਲੋਂ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ ਤੇ ਜਲਦ ਹੀ ਸਾਰੇ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।