Under Mission Fateh: ਕਪੂਰਥਲਾ, 27 ਜੂਨ : ਪੰਜਾਬ ਸਰਕਾਰ ਵੱਲੋਂ ‘ਮਿਸ਼ਨ ਫ਼ਤਿਹ’ ਤਹਿਤ ਕੋਵਿਡ-19 ਦੇ ਖ਼ਤਰੇ ਪ੍ਰਤੀ ਸੁਚੇਤ ਕਰਨ ਲਈ ਸੂਬੇ ਭਰ ਵਿਚ ਚਲਾਈ ਗਈ ਮੁਹਿੰਮ ਤਹਿਤ ਅੱਜ ਜ਼ਿਲੇ ਦੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਟੀਮਾਂ ਵੱਲੋਂ ਜਾਗਰੂਕਤਾ ਮੁਹਿੰਮ ਚਲਾਈ ਗਈ। ਡਿਪਟੀ ਕਮਿਸ਼ਨਰ ਸ੍ਰੀਮਤੀ ਦੀਪਤੀ ਉੱਪਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅੱਜ ਜ਼ਿਲੇ ਭਰ ਵਿਚ ਨਗਰ ਨਿਗਮਾਂ, ਕੌਂਸਲਾਂ ਅਤੇ ਨਗਰ ਪੰਚਾਇਤਾਂ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਪ੍ਰਚਾਰ ਵਾਹਨਾਂ ਤੋਂ ਇਲਾਵਾ ਘਰ-ਘਰ ਜਾ ਕੇ ਲੋਕਾ ਨੂੰ ਕੋਰੋਨਾ ਤੋਂ ਖ਼ਬਰਦਾਰ ਕੀਤਾ। ਇਸ ਦੌਰਾਨ ਲੋਕਾਂ ਨੂੰ ਕੋਰੋਨਾ ’ਤੇ ਫ਼ਤਿਹ ਪਾਉਣ ਲਈ ਜ਼ਰੂਰੀ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਗਈ ਅਤੇ ਉਨਾਂ ਨੂੰ ਸਮਾਜਿਕ ਦੂਰੀ ਰੱਖਣ, ਮਾਸਕ ਪਹਿਨਣ ਅਤੇ ਵਾਰ-ਵਾਰ ਹੱਥ ਧੋਣ ਆਦਿ ਦਾ ਸੱਦਾ ਦਿੱਤਾ ਗਿਆ। ਇਸ ਤੋਂ ਇਲਾਵਾ ਬਿਨਾਂ ਵਜਾ ਘਰੋਂ ਬਾਹਰ ਨਾ ਨਿਕਲਣ ਅਤੇ ਬੱਚਿਆਂ ਅਤੇ ਬਜ਼ੁਰਗਾਂ ਦਾ ਖਾਸ ਖਿਆਲ ਰੱਖਣ ਦੀ ਵੀ ਤਾਕੀਦ ਕੀਤੀ ਗਈ।
ਇਸ ਦੌਰਾਨ ਉਨਾਂ ਨੂੰ ਕੋਵਾ ਐਪ ਦੀ ਮਹੱਤਤਾ ਤੋਂ ਵੀ ਜਾਣੂ ਕਰਵਾਇਆ ਗਿਆ ਪੈਂਫਲੇਟ ਵੀ ਵੰਡੇ ਗਏ। ਇਸ ਦੌਰਾਨ ਜਾਗਰੂਕਤਾ ਵਾਹਨਾਂ ਨੇ ਵੀ ਹਰੇਕ ਮੁਹੱਲੇ ਅਤੇ ਸੁਸਾਇਟੀ ਵਿਚ ਸਰਕਾਰ ਅਤੇ ਸਿਹਤ ਵਿਭਾਗ ਵੱਲੋਂ ਜਾਰੀ ਸਾਵਧਾਨੀਆਂ ਦੀ ਪਾਲਣਾ ਕਰਨ ਅਤੇ ਇਹਤਿਆਤ ਵਰਤਣ ਦਾ ਹੋਕਾ ਦਿੱਤਾ। ਕਪੂਰਥਲਾ ਵਿਖੇ ਨਗਰ ਨਿਗਮ ਦੇ ਕਾਰਜਸਾਧਕ ਅਫ਼ਸਰ ਆਦਰਸ਼ ਸ਼ਰਮਾ ਅਤੇ ਸੁਪਰਡੈਂਟ ਨੀਰਜ ਭੰਡਾਰੀ ਦੀ ਅਗਵਾਈ ਹੇਠ ਚਲਾਈ ਗਈ ਇਸ ਮੁਹਿੰਮ ਵਿਚ ਨਗਰ ਨਿਗਮ ਦੇ ਸੈਨੇਟਰੀ ਇੰਸਪੈਕਟਰ ਰਮਨ ਕੁਮਾਰ ਅਤੇ ਹੋਰਨਾਂ ਕਰਮਚਾਰੀਆਂ ਵੱਲੋਂ ਵਿਸ਼ੇਸ਼ ਯੋਗਦਾਨ ਪਾਇਆ ਗਿਆ। ਉਨਾਂ ਦੱਸਿਆ ਕਿ ਇਸ ਮੁਹਿੰਮ ਨੂੰ ਸ਼ਹਿਰ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।