ਲੁਧਿਆਣਾ ‘ਚ ਨਸ਼ਾ ਤਸਕਰਾਂ ਖਿਲਾਫ ਵਿੱਢੀ ਗਈ ਮੁਹਿੰਮ ਦੇ ਤਹਿਤ ਪਿਛਲੇ 24 ਘੰਟਿਆਂ ਦੌਰਾਨ ਪੁਲਿਸ ਨੇ ਵੱਖ-ਵੱਖ ਥਾਵਾਂ ‘ਤੇ ਕੀਤੀ ਕਾਰਵਾਈ ਦੌਰਾਨ ਇੱਕ ਔਰਤ ਸਮੇਤ 6 ਵਿਅਕਤੀਆਂ ਨੂੰ ਕਾਬੂ ਕੀਤਾ ਹੈ। ਜਦਕਿ ਇੱਕ ਤਸਕਰ ਭੱਜਣ ਵਿੱਚ ਕਾਮਯਾਬ ਹੋ ਗਿਆ।
ਫੜੇ ਗਏ ਵਿਅਕਤੀਆਂ ਦੇ ਕਬਜ਼ੇ ‘ਚੋਂ ਹੈਰੋਇਨ, ਨਸ਼ੀਲਾ ਪਾਊਡਰ ਅਤੇ ਸ਼ਰਾਬ ਬਰਾਮਦ ਕੀਤੀ ਗਈ ਹੈ। ਉਨ੍ਹਾਂ ਦੇ ਖ਼ਿਲਾਫ਼ 5 ਕੇਸ ਦਰਜ ਕਰਕੇ ਉਨ੍ਹਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਜਿੱਥੋਂ ਰਿਮਾਂਡ ਹਾਸਲ ਕਰਕੇ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ। ਪੁਲੀਸ ਦੀ ਐਂਟੀ ਨਾਰਕੋਟਿਕ ਸੈੱਲ ਦੀ ਟੀਮ ਨੇ ਦੁੱਗਰੀ ਸਥਿਤ ਐਲਆਈਸੀ ਦਫ਼ਤਰ ਅੱਗੇ ਨਾਕਾਬੰਦੀ ਦੌਰਾਨ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਉਸ ਕੋਲੋਂ 10 ਕਿਲੋ ਚੂਰਾ ਪੋਸਤ ਬਰਾਮਦ ਹੋਇਆ। ਪੁੱਛਗਿੱਛ ਦੌਰਾਨ ਉਸ ਕੋਲੋਂ 42 ਕਿਲੋ ਚੂਰਾ-ਪੋਸਤ ਬਰਾਮਦ ਹੋਇਆ। ਉਸ ਖ਼ਿਲਾਫ਼ ਥਾਣਾ ਦੁੱਗਰੀ ਵਿੱਚ ਕੇਸ ਦਰਜ ਕੀਤਾ ਗਿਆ ਸੀ। ਏਐਸਆਈ ਗੁਰਕ੍ਰਿਪਾਲ ਸਿੰਘ ਨੇ ਦੱਸਿਆ ਕਿ ਉਸ ਦੀ ਪਛਾਣ ਜਤਿੰਦਰ ਸਿੰਘ ਵਾਸੀ ਦੁੱਗਰੀ ਦੇ ਐਲਆਈਜੀ ਵਜੋਂ ਹੋਈ ਹੈ।
ਵੀਡੀਓ ਲਈ ਕਲਿੱਕ ਕਰੋ -:
“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “
ਦੂਜੇ ਪਾਸੇ ਥਾਣਾ ਡਿਵੀਜ਼ਨ ਨੰਬਰ 5 ਦੀ ਪੁਲੀਸ ਨੇ ਮਿਲਟਰੀ ਕੈਂਪ ਦੇ ਪਿੱਛੇ ਸਬਜ਼ੀ ਮੰਡੀ ਨੇੜੇ ਨਾਕਾਬੰਦੀ ਦੌਰਾਨ ਦੋ ਸਕੂਟਰ ਸਵਾਰਾਂ ਨੂੰ 15 ਗ੍ਰਾਮ ਹੈਰੋਇਨ ਸਮੇਤ ਕਾਬੂ ਕੀਤਾ ਹੈ। ਜਦਕਿ ਉਸਦਾ ਤੀਜਾ ਸਾਥੀ ਪੁਲਿਸ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ। ਏਐਸਆਈ ਕਸ਼ਮੀਰ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਦੀ ਪਛਾਣ ਮੁਨੀਸ਼ ਕੁਮਾਰ ਅਤੇ ਰਜਤ ਕੁਮਾਰ ਵਾਸੀ ਜਵਾਹਰ ਨਗਰ ਕੈਂਪ ਵਜੋਂ ਹੋਈ ਹੈ। ਉਸ ਦੇ ਤੀਜੇ ਸਾਥੀ ਦੀ ਭਾਲ ਜਾਰੀ ਹੈ।