ਪੰਜਾਬ ‘ਚ ਚੋਣਾਂ ਦਾ ਪਾਰਾ ਚੜ੍ਹ ਰਿਹਾ ਹੈ ਅਤੇ ਮੰਗਲਵਾਰ ਨੂੰ ਇਹ ਵਧੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲੁਧਿਆਣਾ, ਫਤਹਿਗੜ੍ਹ ਸਾਹਿਬ ਅਤੇ ਮਲੇਰਕੋਟਲਾ ਜ਼ਿਲ੍ਹਿਆਂ ਦੇ 18 ਵਿਧਾਨ ਸਭਾ ਹਲਕਿਆਂ ਤੋਂ ਭਾਜਪਾ, ਪੰਜਾਬ ਲੋਕ ਕਾਂਗਰਸ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਯੂਨਾਈਟਿਡ) ਦੇ ਉਮੀਦਵਾਰਾਂ ਲਈ ਵੋਟਾਂ ਮੰਗਣਗੇ। ਉਹ ਇੱਕ ਵਰਚੁਅਲ ਰੈਲੀ ਕਰਨਗੇ। ਦੂਜੇ ਪਾਸੇ ਬਹੁਜਨ ਸਮਾਜ ਪਾਰਟੀ ਦੀ ਸੁਪਰੀਮੋ ਮਾਇਆਵਤੀ ਨਵਾਂਸ਼ਹਿਰ ਵਿੱਚ ਬਸਪਾ ਅਤੇ ਸ਼੍ਰੋਮਣੀ ਅਕਾਲੀ ਦਲ ਗਠਜੋੜ ਲਈ ਵੋਟਾਂ ਮੰਗਣਗੀਆਂ। ਮਾਇਆਵਤੀ ਵਰਕਰਾਂ ਨਾਲ ਗੱਲਬਾਤ ਕਰੇਗੀ।
ਚੋਣਾਂ ਦਾ ਬਿਗਲ ਵੱਜਣ ਤੋਂ ਬਾਅਦ ਪੰਜਾਬ ਵਿੱਚ ਪ੍ਰਧਾਨ ਮੰਤਰੀ ਦੀ ਇਹ ਪਹਿਲੀ ਰੈਲੀ ਹੋਵੇਗੀ। 5 ਜਨਵਰੀ ਨੂੰ ਪ੍ਰਧਾਨ ਮੰਤਰੀ ਨੇ ਸੁਰੱਖਿਆ ਕਾਰਨਾਂ ਕਰਕੇ ਫਿਰੋਜ਼ਪੁਰ ਵਿੱਚ ਹੋਣ ਵਾਲੀ ਰੈਲੀ ਰੱਦ ਕਰ ਦਿੱਤੀ ਸੀ। ਹੁਣ ਮੰਗਲਵਾਰ ਨੂੰ ਉਹ ਚੋਣਾਂ ਸਬੰਧੀ ਪਹਿਲੀ ਵਰਚੁਅਲ ਰੈਲੀ ਨੂੰ ਸੰਬੋਧਨ ਕਰਨਗੇ। ਭਾਜਪਾ ਨੇ ਦੋਵਾਂ ਜ਼ਿਲ੍ਹਿਆਂ ਦੇ ਹਰੇਕ ਵਿਧਾਨ ਸਭਾ ਹਲਕੇ ਵਿੱਚ ਤਿੰਨ-ਤਿੰਨ ਸਕਰੀਨਾਂ ਲਾਈਆਂ ਹਨ।
18 ਵਿਧਾਨ ਸਭਾ ਹਲਕਿਆਂ ਵਿੱਚ ਹਰੇਕ ਸਕਰੀਨ ਦੇ ਸਾਹਮਣੇ 1000 ਲੋਕਾਂ ਦੇ ਬੈਠਣ ਦੀ ਵਿਵਸਥਾ ਕੀਤੀ ਗਈ ਹੈ। ਪੰਜਾਬ ਵਿੱਚ ਭਾਜਪਾ ਨੇ ਚੋਣ ਪ੍ਰਚਾਰ ਨੂੰ ਹੁਲਾਰਾ ਦੇਣਾ ਸ਼ੁਰੂ ਕਰ ਦਿੱਤਾ ਹੈ। ਪਹਿਲਾਂ ਕੇਂਦਰੀ ਮੰਤਰੀ ਰਾਜਨਾਥ ਸਿੰਘ ਨੇ ਰੈਲੀਆਂ ਕੀਤੀਆਂ ਸਨ ਅਤੇ ਹੁਣ ਪ੍ਰਧਾਨ ਮੰਤਰੀ ਦੀ ਵਰਚੁਅਲ ਰੈਲੀ ਹੋਣ ਜਾ ਰਹੀ ਹੈ। 9 ਫਰਵਰੀ ਨੂੰ ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਵੀ ਪੰਜਾਬ ਆ ਰਹੀ ਹੈ।
ਇਸ ਦੇ ਨਾਲ ਹੀ ਅੱਜ ਮੰਗਲਵਾਰ ਨੂੰ ਮਾਇਆਵਤੀ ਨਵਾਂਸ਼ਹਿਰ ‘ਚ ਬਸਪਾ ਅਤੇ ਅਕਾਲੀ ਦਲ ਦੇ ਉਮੀਦਵਾਰਾਂ ਲਈ ਰੈਲੀ ਕਰਨ ਜਾ ਰਹੀ ਹੈ। ਮਾਇਆਵਤੀ ਦੀ ਰੈਲੀ ਵਿੱਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਮਾਇਆਵਤੀ ਦੀ ਇਹ ਪਹਿਲੀ ਰੈਲੀ ਹੈ।
ਵੀਡੀਓ ਲਈ ਕਲਿੱਕ ਕਰੋ -: